ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਵਫ਼ਦ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਗਈ। ਇਹ ਮੁਲਾਕਾਤ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਕੀਤੀ। ਪੰਜਾਬ ਵਿੱਚ ਐਕਸਾਈਜ ਪਾਲਿਸੀ ਦੀ ਦਿੱਲੀ ਦੀ ਤਰਜ ’ਤੇ ਸੀਬੀਆਈ ਦੀ ਜਾਂਚ ਅਤੇ ਨਾਜ਼ਾਇਜ ਮਾਈਨਿੰਗ ਦੀ ਐਨਆਈਏ ਤੋਂ ਜਾਂਚ ਦੀ ਮੰਗ ਨੂੰ ਲੈ ਕੇ ਮੁਲਾਕਾਤ ਕੀਤੀ।
ਮੁਲਾਕਾਤ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਨਾਜਾਇਜ ਮਾਈਨਿੰਗ ਨੂੰ ਲੈ ਕੇ ਉਨ੍ਹਾਂ ਨੇ ਰਾਜਪਾਲ ਦੇ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਝੂਠੀ ਸਟੇਟਮੇਂਟ ਦੇ ਕੇ ਕਿਹਾ ਗਿਆ ਹੈ ਕਿ ਸੂਬੇ ਵਿੱਚ ਕਿਧਰੇ ਵੀ ਨਾਜਾਇਜ ਮਾਈਨਿੰਗ ਨਹੀਂ ਹੋ ਰਹੀ ਹੈ। ਹਾਈਕੋਰਟ ਨੇ ਵੀ ਮਾਮਲੇ ਨੂੰ ਧਿਆਨ ਵਿੱਚ ਲੈਂਦੇ ਹੋਏ ਦੱਸਿਆ ਕਿ ਸਰਹੱਦੀ ਖੇਤਰ ਵਿੱਚ ਨਾਜਾਇਜ ਮਾਈਨਿੰਗ ਹੋ ਰਹੀ ਹੈ। ਸੁਰੱਖਿਆ ਏਜੰਸੀਆਂ ਨੇ ਵੀ ਇਸ ਨੂੰ ਸਰਹੱਦ ਪਾਰ ਤੋਂ ਦੇਸ਼ ਦੀ ਸੁਰੱਖਿਆ ਨੂੰ ਖਤਰਾ ਦੱਸਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਹਥਿਆਰਾਂ ਅਤੇ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੀ ਡਰੋਨ ਰਾਹੀਂ ਸਰਹੱਦ ਪਾਰੋਂ ਤਸਕਰੀ ਕੀਤੀ ਜਾ ਰਹੀ ਹੈ। ਸਰਹੱਦ ਪਾਰ ਤੋਂ ਇਹ ਕੰਮ ਕੌਣ ਕਰ ਰਿਹਾ ਹੈ ਅਤੇ ਕੌਣ ਨਾਜਾਇਜ਼ ਮਾਈਨਿੰਗ ਕਰ ਰਿਹਾ ਹੈ ਅਤੇ ਨਸ਼ੇ ਦਾ ਕਾਰੋਬਾਰ ਕੌਣ ਕਰ ਰਿਹਾ ਹੈ, ਇਸ ਸਭ ਦੀ ਜਾਂਚ ਹੋਣੀ ਚਾਹੀਦੀ ਹੈ, ਕੀ ਇਸ ਦਾ ਕੋਈ ਸਿਆਸੀ ਸਬੰਧ ਹੈ।ਉਨ੍ਹਾਂ ਇਸ ਸਬੰਧ ਵਿੱਚ ਰਾਜਪਾਲ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਜਾਂਚ ਐਨਆਈਏ ਤੋਂ ਕਰਵਾਈ ਜਾਵੇ।