ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਬੀਤੇ ਵੀਰਵਾਰ ਪਾਰਟੀ ਦੇ ਸੀਨੀਅਰ ਲੀਡਰਾਂ ਦੇ ਇੱਕ ਵਫ਼ਦ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ (Akali Dal Sanyukt meets Union Home Minister Amit Shah) ਕਰਕੇ ਪੰਥ ਅਤੇ ਪੰਜਾਬ ਦੀਆਂ ਅਹਿਮ ਮੰਗਾਂ ਨੂੰ ਲੈ ਕੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਇਸ ਦੌਰਾਨ ਪਾਰਟੀ ਵੱਲੋਂ ਸੌਂਪੇ ਗਏ ਮੰਗ ਪੱਤਰ ’ਤੇ ਅਮਿਤ ਸ਼ਾਹ ਨੇ ਪਾਰਟੀ ਦੇ ਵਫ਼ਦ ਨੂੰ ਮੰਗਾਂ ਮੰਨਣ ਦਾ ਭਰੋਸਾ ਦਿੱਤਾ। ਮੀਟਿੰਗ ਵਿੱਚ ਭਾਜਪਾ ਦੇ ਸੀਨੀਅਰ ਲੀਡਰ ਅਤੇ ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਵੀ ਮੌਜੂਦ ਸਨ।
ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਵਫਦ ਵੱਲੋਂ ਅਮਿਤ ਸ਼ਾਹ ਨਾਲ ਮੁਲਾਕਾਤ ਪਾਰਟੀ ਦੇ ਵਫ਼ਦ ਵਿੱਚ ਪਰਮਿੰਦਰ ਸਿੰਘ ਢੀਂਡਸਾ, ਰਣਜੀਤ ਸਿੰਘ ਤਲਵੰਡੀ, ਜਸਟਿਸ ਨਿਰਮਲ ਸਿੰਘ (ਸੇਵਾਮੁਕਤ), ਜਗਦੀਸ਼ ਸਿੰਘ ਗਰਚਾ, ਸੁਖਵਿੰਦਰ ਸਿੰਘ ਔਲਖ, ਮਨਜੀਤ ਸਿੰਘ ਬਪੀਆਣਾ, ਸੁਖਵੰਤ ਸਿੰਘ ਸਰਾਓ ਹਰਪ੍ਰੀਤ ਸਿੰਘ ਬੰਨੀ ਜੌਲੀ ਸ਼ਾਮਿਲ ਸਨ।
ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਵਫਦ ਵੱਲੋਂ ਅਮਿਤ ਸ਼ਾਹ ਨਾਲ ਮੁਲਾਕਾਤ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਹੋਈ ਮੀਟਿੰਗ ਦੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ, ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਸ: ਪਰਮਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਗ੍ਰਹਿ ਮੰਤਰੀ ਨਾਲ ਕੀਤੀ ਗਈ ਮੁਲਾਕਾਤ ਦੌਰਾਨ ਉਚੇਚੇ ਤੌਰ `ਤੇ ਜੇਲ੍ਹਾਂ ਵਿੱਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ ਗਿਆ।
ਪਾਰਟੀ ਨੇ ਕੁੱਲ 20 ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਸੂਚੀ ਕੇਂਦਰੀ ਗ੍ਰਹਿ ਮੰਤਰੀ ਨੂੰ ਸੌਂਪੀ ਹੈ। ਇਸ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕਾਨੂੰਨ ਦੇ ਦਾਇਰੇ ਵਿੱਚ ਰਹਿੰਦਿਆਂ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਤੋਂ ਇਲਾਵਾ ਪਾਰਟੀ ਵੱਲੋਂ ਪੰਜਾਬ ਦੇ ਕਿਸਾਨਾਂ ਅਤੇ ਖੇਤ ਮਜਦੂਰਾਂ ਦੇ ਕਰਜ਼ਾ ਮੁਆਫ਼ੀ ਅਤੇ ਆਰਥਕ ਪੈਕੇਜ ਆਦਿ ਦੇਣ ਦੀ ਵੀ ਮੰਗ ਕੀਤੀ ਗਈ। ਪਰਮਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਗ੍ਰਹਿ ਮੰਤਰੀ ਨਾਲ ਹੋਈ ਮੀਟਿੰਗ ਦੌਰਾਨ ਪੰਜਾਬ ਵਿੱਚ ਸਨਅਤ ਨੂੰ ਉਤਸਾਹਿਤ ਕਰਨ ਲਈ ਵੱਡੇ ਪੱਧਰ `ਤੇ ਉਪਰਾਲੇ ਕਰਨ `ਤੇ ਜ਼ੋਰ ਦਿੱਤਾ ਗਿਆ। ਜਿਸ ਵਿੱਚ ਜੰਮੂ-ਕਸ਼ਮੀਰ ਦੀ ਤਰਜ਼ `ਤੇ ਪੈਕੇਜ ਦੇਣ ਦੀ ਮੰਗ ਕੀਤੀ ਗਈ।
ਢੀਂਡਸਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਪੰਥ ਅਤੇ ਪੰਜਾਬ ਦੇ ਲੰਮੇ ਸਮੇਂ ਤੋਂ ਲਟਕਦੇ ਮੁੱਦਿਆਂ ਨੂੰ ਹੱਲ ਕਰਵਾਉਣ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ ਸੀ ਜਿਸ ਵਿੱਚ ਗ੍ਰਹਿ ਮੰਤਰੀ ਨੇ ਉਪਰੋਕਤ ਮੰਗਾਂ ਨੂੰ ਵਿਚਾਰਨ ਉਪਰੰਤ ਹੱਲ ਕੱਢਣ ਦਾ ਭਰੋਸਾ ਦਿੱਤਾ। ਢੀਂਡਸਾ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ ਪੰਜਾਬ ਅਤੇ ਖਾਸਕਰ ਸਿੱਖਾਂ ਨੇ ਬਹੁਤ ਵੱਡੀਆਂ ਕੁਰਬਾਨੀਆਂ ਦੇ ਕੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਵੱਡਮੁੱਲਾ ਯੋਗਦਾਨ ਪਾਇਆ ਹੈ ਪ੍ਰੰਤੂ ਸਮੇਂ ਦੀਆਂ ਸਰਕਾਰਾਂ ਨੇ ਪੰਜਾਬੀਆਂ ਅਤੇ ਸਿੱਖਾਂ ਦੀਆਂ ਕੁਰਬਾਨੀਆਂ ਦਾ ਸਹੀ ਮੁੱਲ ਨਹੀ ਪਾਇਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਥਕ ਮਸਲਿਆਂ ਦਾ ਹੱਲ ਕੱਢੇ ਜਿਸ ਲਈ ਸ਼੍ਰੋਮਣੀ ਅਕਾਲੀ ਦਲ ਲੰਬੇ ਸਮੇਂ ਤੋਂ ਸੰਘਰਸ਼ ਕਰ ਰਿਹਾ ਹੈ। ਜਿੰਨ੍ਹਾਂ ਵਿੱਚ ਵਿਸ਼ੇਸ਼ ਤੌਰ `ਤੇ ਬੰਦੀ ਸਿੰਘਾਂ ਦੀ ਰਿਹਾਈ ਸਭ ਤੋਂ ਵੱਡੀ ਮੰਗ ਹੈ।
ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਕੇਂਦਰ ਅਤੇ ਪੰਜਾਬ ਵਿੱਚ ਸਿੱਖਾਂ ਅਤੇ ਪੰਜਾਬ ਦਾ ਜੋ ਨੁਕਸਾਨ ਕੀਤਾ ਹੈ ਉਹ ਕਦੇ ਵੀ ਭੁੱਲਿਆ ਨਹੀਂ ਜਾ ਸਕਦਾ ਹੈ। ਉਨ੍ਹਾਂ ਉਮੀਦ ਜ਼ਾਹਿਰ ਕੀਤੀ ਕਿ ਭਾਜਪਾ ਸਰਕਾਰ ਸਿੱਖਾਂ ਦੀਆਂ ਚਿਰੋਕਣੀਆਂ ਮੰਗਾਂ ਨੂੰ ਮੰਨ ਕੇ ਕਾਂਗਰਸ ਸਰਕਾਰਾਂ ਵੱਲੋਂ ਦਿੱਤੇ ਗਏ ਜ਼ਖ਼ਮਾਂ `ਤੇ ਮੱਲ੍ਹਮ ਲਾਉਣ ਦਾ ਕੰਮ ਕਰੇ।
ਇਹ ਵੀ ਪੜ੍ਹੋ:ਦਵਿੰਦਰ ਘੁਬਾਇਆ ਦਾ ਤਿੱਖਾ ਵਿਰੋਧ, ਵੀਡੀਓ ਵਾਇਰਲ