ਚੰਡੀਗੜ੍ਹ: ਦਿੱਲੀ ਵਿੱਚ ਲਗਾਤਾਰ ਵੱਧਦੇ ਕੋਰੋਨਾ ਦੇ ਮਾਮਲਿਆਂ ਨੂੰ ਦੇਖਦੇ ਹੋਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਕੋਰੋਨਾ ਦੇ ਬਚਾਅ ਲਈ ਕੋਰੋਨਾ ਮਾਡਲ ਤਿਆਰ ਕੀਤਾ। ਕੋਰੋਨਾ ਮਾਡਲ ਦੇ ਲਾਗੂ ਹੋਣ ਨਾਲ ਦਿੱਲੀ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਿੱਚ ਕਾਫੀ ਕਟੌਤੀ ਦੇਖਣ ਨੂੰ ਮਿਲੀ ਹੈ।
ਦਿੱਲੀ ਦੇ ਮੁਖ ਮੰਤਰੀ ਵੱਲੋਂ ਦਿੱਲੀ ਵਿੱਚ ਸ਼ੁਰੂ ਕੀਤੇ ਗਏ ਕੋਰੋਨਾ ਮਾਡਲ ਦੀ ਦੇਸ਼ ਦੇ ਪ੍ਰਧਾਨ ਮੰਤਰੀ ਨੇ ਵੀ ਤਰੀਫ਼ ਕੀਤੀ ਹੈ ਤੇ ਬਾਕੀ ਸੂਬਿਆਂ ਨੂੰ ਵੀ ਹਿਦਾਇਤ ਦਿੱਤੀ ਹੈ ਕਿ ਉਹ ਵੀ ਕੋਰੋਨਾ ਮਾਡਲ ਨੂੰ ਅਪਣਾਕੇ ਕੋਰੋਨਾ ਤੋਂ ਛੁਟਕਾਰਾ ਪਾਉਣ। ਕੋਰੋਨਾ ਮਾਡਲ ਬਾਰੇ ਵਿਸਥਾਰ ਨਾਲ ਦੱਸਣ ਲਈ ਆਪ ਦੇ ਸੂਬਾ ਪ੍ਰਧਾਨ ਜਰਨੈਲ ਸਿੰਘ ਨੇ ਈਟੀਵੀ ਭਾਰਤ ਨਾਲ ਖ਼ਾਸ ਗਲਬਾਤ ਕੀਤੀ।
ਆਪ ਦੇ ਸੂਬਾ ਪ੍ਰਧਾਨ ਜਰਨੈਲ ਸਿੰਘ ਨੇ ਕਿਹਾ ਕਿ ਇੱਕ ਸਮਾਂ ਸੀ ਜਦੋਂ ਰਾਜਧਾਨੀ ਦਿੱਲੀ ਵਿੱਚ ਕੋਰੋਨਾ ਮਹਾਂਮਾਰੀ ਦਾ ਭਾਰ ਸਭ ਤੋਂ ਜ਼ਿਆਦਾ ਸੀ। ਇਸ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਦਿੱਲੀ ਸਰਕਾਰ ਨੇ ਕੋਰੋਨਾ ਉੱਤੇ ਠੱਲ੍ਹ ਪਾਉਣ ਲਈ ਕੋਰੋਨਾ ਮਾਡਲ ਤਿਆਰ ਕੀਤਾ।
ਉਨ੍ਹਾਂ ਕਿਹਾ ਕਿ ਇਸ ਮਾਡਲ ਦੇ ਤਹਿਤ ਦਿੱਲੀ ਵਿੱਚ ਕੋਰੋਨਾ ਦੀ ਰੈਪਿਡ ਟੈਸਟਿੰਗ ਕੀਤੀ ਗਈ ਤੇ ਜਿਹੜੇ ਲੋਕ ਕੋਰੋਨਾ ਪੌਜ਼ੀਟਿਵ ਆਏ, ਉਨ੍ਹਾਂ ਨੂੰ ਹੋਮ ਕੁਆਰੰਟੀਨ ਕੀਤਾ ਗਿਆ। ਇਸ ਤੋਂ ਇਲਾਵਾ ਦਿੱਲੀ ਸਰਕਾਰ ਨੇ ਹੀ ਸਭ ਤੋਂ ਪਹਿਲਾਂ ਦੇਸ਼ ਵਿੱਚ ਪਹਿਲਾਂ ਪਲਾਜ਼ਮਾ ਬੈਂਕ ਸਥਾਪਿਤ ਕੀਤਾ ਹੈ ਜੋ ਕਿ ਬਾਕੀ ਸੂਬਿਆਂ ਲਈ ਇੱਕ ਰੋਲ ਮਾਡਲ ਹੈ।