ਚੰਡੀਗੜ੍ਹ:ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਪੰਜਾਬ ਵਿੱਚ ਮਹਿੰਗਾਈ ਅਤੇ 1984 ਦੇ ਦੰਗਿਆਂ ਖ਼ਿਲਾਫ਼ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕੀਤਾ ਹੈ। ਇਸ ਦੌਰਾਨ ਅਕਾਲੀ ਵਰਕਰਾਂ ਨੂੰ ਰਸਤੇ ਵਿੱਚ ਹੀ ਰੋਕ ਲਿਆ ਗਿਆ ਅਤੇ ਉਨ੍ਹਾਂ ’ਤੇ ਲਾਠੀਚਾਰਜ ਕੀਤਾ ਗਿਆ ਅਤੇ ਵਰਕਰਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ।
ਅਕਾਲੀ ਦਲ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਕੋਲ ਆਪਣੀ ਗੱਲ ਲੈ ਕੇ ਜਾਣ ਵਾਲੇ ਸਿਆਸੀ ਪਾਰਟੀਆਂ ਦੇ ਆਗੂਆਂ, ਹੱਕ ਮੰਗਣ ਵਾਲੇ ਅਧਿਆਪਕਾਂ ਅਤੇ ਹੋਰਾਂ 'ਤੇ ਲਾਠੀਚਾਰਜ ਕੀਤਾ ਜਾ ਰਿਹਾ ਹੈ। ਇਹ ਲੋਕਤੰਤਰ ਦਾ ਕਤਲ ਹੈ, ਲੋਕਾਂ ਨੂੰ ਆਵਾਜ਼ ਉਠਾਉਣ ਦਾ ਹੱਕ ਵੀ ਨਹੀਂ ਦਿੱਤਾ ਜਾ ਰਿਹਾ।
ਅਕਾਲੀ ਦਲ ਨੇ ਐਲਾਨ ਕੀਤਾ ਹੈ ਕਿ 8 ਨਵੰਬਰ ਨੂੰ ਹੋਣ ਵਾਲੇ ਵਿਸ਼ੇਸ਼ ਇਜਲਾਸ ਦੌਰਾਨ ਉਹ ਗਾਂਧੀ ਪਰਿਵਾਰ ਵਿਰੁੱਧ ਮਤਾ ਲਿਆਉਣ ਦੀ ਮੰਗ ਕਰੇਗਾ ਅਤੇ ਇਸ ਲਈ ਹੋਰਨਾਂ ਪਾਰਟੀਆਂ ਤੋਂ ਵੀ ਸਹਿਯੋਗ ਮੰਗੇਗਾ। ਸ਼੍ਰੋਮਣੀ ਅਕਾਲੀ ਦਲ ਨੇ ਇਹ ਧਰਨਾ ਐਮ.ਐਲ.ਏ ਹੋਸਟਲ ਤੋਂ ਸ਼ੁਰੂ ਕੀਤਾ ਸੀ। ਇੱਥੇ ਪੁਲਿਸ ਵੱਲੋਂ ਬੇਰੀਗੇਟਿੰਗ ਕੀਤੀ ਗਈ, ਜਿਸ ਨੂੰ ਅਕਾਲੀ ਵਰਕਰਾਂ ਨੇ ਤੋੜ ਦਿੱਤਾ।
ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਨੇ ਪੈਦਲ ਹੀ ਸੀਐਮ ਹਾਊਸ ਵੱਲ ਮਾਰਚ ਕਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੂੰ ਕੁਝ ਦੂਰੀ 'ਤੇ ਰੋਕਿਆ ਗਿਆ। ਪੁਲਿਸ ਨੇ ਮੁੱਖ ਮੰਤਰੀ ਹਾਊਸ ਵੱਲ ਜਾ ਰਹੇ ਆਗੂਆਂ ਤੇ ਵਰਕਰਾਂ ਨੂੰ ਰੋਕਣ ਲਈ ਹਲਕਾ ਲਾਠੀਚਾਰਜ ਵੀ ਕੀਤਾ। ਜਿਸ ਤੋਂ ਬਾਅਦ ਅਕਾਲੀ ਦਲ ਨੇ ਉੱਥੇ ਹੀ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।
ਇੱਥੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਦਲਜੀਤ ਸਿੰਘ ਚੀਮਾ ਆਦਿ ਨੇ ਸੰਬੋਧਨ ਕੀਤਾ। ਇਸ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਗ੍ਰਿਫ਼ਤਾਰੀਆਂ ਵੀ ਕੀਤੀਆਂ।