ਚੰਡੀਗੜ : ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਲੀਡਰ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਉਪ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਦੇ ਉਸ ਬਿਆਨ ਦਾ ਸਵਾਗਤ ਕੀਤਾ ਜਿਸ ਵਿੱਚ ਰੰਧਾਵਾ ਨੇ ਕਬੂਲ ਕੀਤਾ ਕਿ ਪੰਜਾਬ ਵਿੱਚ ਸਿਆਸਤਦਾਨਾਂ ਅਤੇ ਨਸ਼ਾ ਸਮੱਗਲਰਾਂ ਦਾ ਗਠਜੋੜ ਕੰਮ ਕਰ ਰਿਹਾ ਹੈ। ਚੀਮਾ ਨੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸਮੇਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹੋਰਨਾਂ ਕਾਂਗਰਸੀ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਹੁਣ ਪੰਜਾਬ ਦੇ ਮਾਮਲਿਆਂ ਦੀ ਚਿੰਤਾ ਕਰਨੀ ਛੱਡ ਦੇਣ, ਕਿਉਂਕਿ ਪੰਜਾਬ ਦੇ ਲੋਕਾਂ ਨਸ਼ਾ ਮਾਫ਼ੀਆ ਸਮੇਤ ਸਾਰੇ ਮਾਮਲਿਆਂ ਦਾ ਹੱਲ ਕਰਨ ਲਈ ਆਮ ਆਦਮੀ ਪਾਰਟੀ ਨੂੰ ਪੰਜਾਬ ਦੀ ਸੱਤਾ ਸੌਪਣ ਦਾ ਫ਼ੈਸਲਾ ਕਰ ਲਿਆ ਹੈ।
ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੰਮੇ ਸਮੇਂ ਤੋਂ ਦੋਸ਼ ਲਾਉਂਦੀ ਰਹੀ ਹੈ ਕਿ ਪੰਜਾਬ 'ਤੇ ਰਾਜ ਕਰਨ ਵਾਲੀਆਂ ਪਾਰਟੀਆਂ ਦੇ ਆਗੂਆਂ ਦਾ ਨਸ਼ਾ ਸਮਗਲਰਾਂ ਨਾਲ ਆਪਸੀ ਗਠਜੋੜ ਹੈ ਅਤੇ ਸਰਕਾਰ ਵਿੱਚ ਬੈਠੇ ਮੰਤਰੀ, ਵਿਧਾਇਕ ਅਤੇ ਸੰਤਰੀ ਨਸ਼ਾ ਸਮੱਗਲਰਾਂ ਨੂੰ ਸੁਰੱਖਿਆ ਅਤੇ ਹੱਲਾਸ਼ੇਰੀ ਦੇ ਰਹੇ ਹਨ। ਇਸ ਕਰਕੇ ਪੰਜਾਬ ਵਿੱਚ ਨਸ਼ਿਆਂ ਦਾ ਜਾਲ ਫੈਲਦਾ ਜਾ ਰਿਹਾ ਹੈ ਅਤੇ ਹਰ ਦਿਨ ਨੌਜਵਾਨ ਨਸ਼ਿਆਂ ਦੀ ਭੇਟ ਚੜ ਰਹੇ ਹਨ।
ਚੀਮਾ ਨੇ ਕਿਹਾ ਕਿ ਸੂਬੇ ਦੇ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸਿਆਸਦਾਨਾਂ ਦੇ ਨਸ਼ਾ ਤਸਕਰਾਂ ਨਾਲ ਗੱਠਜੋੜ ਹੋਣ ਦੀ ਗੱਲ ਸਵੀਕਾਰ ਕਰਨਾ ਆਮ ਆਦਮੀ ਪਾਰਟੀ ਦੇ ਦੋਸ਼ਾਂ ਦੀ ਪ੍ਰੋੜਤਾ ਕਰਦਾ ਹੈ। ਇਸ ਸਿਆਸੀ ਤੇ ਨਸ਼ਾ ਸਮੱਗਲਰਾਂ ਦੇ ਗੱਠਜੋੜ ਕਾਰਨ ਪੰਜਾਬ ਦੇ ਲੱਖਾਂ ਨੌਜਵਾਨ ਮੌਤ ਦੇ ਮੂੰਹ ਵਿੱਚ ਚਲੇ ਗਏ। ਲੱਖਾਂ ਘਰ ਉਜੜ ਗਏ। ਲੱਖਾਂ ਔਰਤਾਂ ਦੇ ਸਿਰ ਦੇ ਸਾਂਈ ਕਬਰੀਂ ਜਾ ਪਏ ਅਤੇ ਲੱਖਾਂ ਬੱਚਿਆਂ ਦੇ ਸਿਰਾਂ ਤੋਂ ਪਿਉ ਦਾ ਸਾਇਆ ਉਠ ਗਿਆ।