ਚੰਡੀਗੜ: ਸਰਹੱਦੀ ਸੂਬੇ ਪੰਜਾਬ ਵਿੱਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ , ਪੰਜਾਬ ਦੇ ਕਾਰਜਕਾਰੀ ਡਾਇਰੈਕਟਰ ਜਨਰਲ ਪੁਲਿਸ (ਡੀਜੀਪੀ) ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਸ਼ਨਿਚਰਵਾਰ ਨੂੰ ਐਸ.ਏ.ਐਸ. ਨਗਰ ਵਿੱਚ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ।
ਡੀਜੀਪੀ ਨੇ ਰਾਜ ਵਿੱਚ ਅੰਦਰੂਨੀ ਸੁਰੱਖਿਆ ਦੇ ਮੌਜੂਦਾ ਹਾਲਾਤ ਦੀ ਸਮੀਖਿਆ ਕੀਤੀ। ਇਸ ਦੌਰਾਨ ਏਡੀਜੀਪੀ ਵਰਿੰਦਰ ਕੁਮਾਰ, ਏਡੀਜੀਪੀ ਅੰਦਰੂਨੀ ਸੁਰੱਖਿਆ ਆਰ.ਐਨ. ਢੋਕੇ ਅਤੇ ਏਡੀਜੀਪੀ ਕਾਂਊਟਰ ਇੰਟੈਲੀਜੈਂਸ ਅਤੇ ਓਸੀਸੀਯੂ ਅਮਿਤ ਪ੍ਰਸਾਦ ਵੀ ਸ਼ਾਮਲ ਸਨ। ਇਹ ਮੀਟਿੰਗ ਅਜਿਹੇ ਸਮੇਂ ਹੋਈ ਜਦੋਂ ਰਾਜ ਵਿੱਚ ਗ੍ਰਨੇਡ ਅਤੇ ਆਰਡੀਐਕਸ ਨਾਲ ਭਰੇ ਟਿਫਿਨ ਬਾਕਸਾਂ ਦੀ ਬਰਾਮਦਗੀ ਤੋਂ ਇਲਾਵਾ ਹੋਰ ਹਥਿਆਰਾਂ ਅਤੇ ਗੋਲਾ ਬਾਰੂਦ ਵੀ ਬਰਾਮਦ ਹੋ ਰਹੇ ਹਨ, ਜੋ ਕਿ ਦੇਸ਼ ਵਿਰੋਧੀ ਅਨਸਰਾਂ ਦੁਆਰਾ ਰਾਜ ਵਿੱਚ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀਆਂ ਕੀਤੀਆਂ ਜਾ ਰਹੀਆਂ ਕੋਝੀਆਂ ਕੋਸ਼ਿਸ਼ਾਂ ਦਾ ਸੰਕੇਤ ਹੈ।
ਅੰਦਰੂਨੀ ਸੁਰੱਖਿਆ ਵਿੰਗ ਦੇ ਸੀਨੀਅਰ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ, ਡੀਜੀਪੀ ਨੇ ਸੰਤੁਸ਼ਟੀ ਪ੍ਰਗਟਾਈ ਕਿ ਪੰਜਾਬ ਪੁਲਿਸ ਅੱਤਵਾਦ ਅਤੇ ਦੇਸ਼ ਵਿਰੋਧੀ ਤਾਕਤਾਂ ਨਾਲ ਨਜਿੱਠਣ ਲਈ ਵੱਖੋ -ਵੱਖਰੇ ਢੰਗ ਅਖ਼ਤਿਆਰ ਕਰਕੇ ਬਹੁਤ ਵਧੀਆ ਕੰਮ ਕਰ ਰਹੀ ਹੈ ਅਤੇ ਇਸ ਸਬੰਧੀ ਵਿੱਚ ਸ਼ਾਮਲ ਲੋਕਾਂ ਨੂੰ ਗਿ੍ਰਫਤਾਰ ਕੀਤਾ ਜਾ ਚੁੱਕਾ ਹੈ। ਉਨਾਂ ਕਿਹਾ ਕਿ ਸੂਬੇ ਵਿੱਚ ਸਥਿਤੀ ਬਿਲਕੁਲ ਸਾਂਤੀਪੂਰਨ ਹੈ ਅਤੇ ਪੰਜਾਬ ਪੁਲਿਸ ਕਿਸੇ ਵੀ ਚੁਣੌਤੀ ਲਈ ਤਿਆਰ-ਬਰ-ਤਿਆਰ ਹੈ।