ਚੰਡੀਗੜ੍ਹ: ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਹੋ ਰਹੇ ਪ੍ਰਦਰਸ਼ਨ ਦੇ ਹਿੰਸਕ ਰੂਪ ਧਾਰਨ 'ਤੇ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੀਐਮ ਮੋਦੀ ਨੂੰ ਇਸ ਵਿਵਾਦਪੂਰਨ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।
ਕੈਪਟਨ ਨੇ ਟਵੀਟ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਅਪੀਲ ਕੀਤੀ ਹੈ ਕਿ ਸਥੀਤੀ ਨੂੰ ਕਾਬੂ ਕਰ ਹੋਰ ਗੰਭੀਰ ਹੋਣ ਤੋਂ ਰੋਕਿਆ ਜਾਵੇ।
ਦੱਸਣਯੋਗ ਹੈ ਕਿ ਦੇਸ਼ ਭਰ ਵਿੱਚ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਹੋ ਰਿਹਾ ਹੈ ਤੇ ਪ੍ਰਦਰਸ਼ਨ ਹਿੰਸਕ ਰੂਪ ਧਾਰ ਰਹੇ ਹਨ। ਦਿੱਲੀ ਵਿਖੇ ਵੀ ਪ੍ਰਦਰਸ਼ਨ ਨੇ ਹਿੰਸਕ ਰੂਪ ਲੈ ਲਿਆ ਸੀ ਜਦੋਂ ਵਿਰੋਧ ਕਰ ਰਹੇ ਵਿਦਿਆਰਥੀਆਂ ਨੇ ਜਾਮੀਆ ਇਲਾਕੇ 'ਚ 3 ਬੱਸਾਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਸੀ। ਇਸ ਤੋਂ ਬਾਅਦ ਸਥਿਤੀ ਤਣਾਅਪੂਰਨ ਬਣੀ ਹੋਈ ਹੈ।
ਇਸ ਮਗਰੋਂ ਪੁਲਿਸ ਵੱਲੋਂ ਜਾਮੀਆ ਕੈਂਪਸ ਵਿੱਚ ਵੀ ਜਬਰੀ ਦਾਖ਼ਲ ਹੋਣ 'ਤੇ ਪੁਲਿਸ 'ਤੇ ਵਿਦਿਆਰਥੀਆਂ ਵਿਚਕਾਰ ਮੁੜ ਝੜਪ ਹੋਈ ਜਿਸ ਵਿੱਚ ਕਈ ਵਿਦਿਆਰਥੀ ਜ਼ਖ਼ਮੀ ਹੋਏ ਹਨ ਜਿਸ ਦੇ ਵਿਰੋਧ ਵਿੱਚ ਕਈ ਵਿਦਿਆਰਥੀ ਜਥੇਬੰਦੀਆਂ ਵੱਲੋਂ ਦਿੱਲੀ ਪੁਲਿਸ ਹੈੱਡਕੁਆਟਰਜ਼ ਬਾਹਰ ਪ੍ਰਦਰਸ਼ਨ ਕੀਤਾ ਗਿਆ।