ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਆਉਂਦੇ ਹਫਤੇ ਤੋਂ ਕੋਵਿਡ-19 ਰੈਪਿਡ ਐਂਟੀਜਨ ਟੈਸਟਿੰਗ ਨੂੰ ਪਾਇਲਟ ਪ੍ਰਾਜੈਕਟ ਵਜੋਂ ਸ਼ੁਰੂ ਕਰਨ ਦੀ ਹਰੀ ਝੰਡੀ ਦੇ ਦਿੱਤੀ। ਇਸ ਤੋਂ ਇਲਾਵਾ ਉੱਚ ਖ਼ਤਰੇ ਵਾਲੇ ਕੌਮੀ ਰਾਜਧਾਨੀ ਖੇਤਰ ਤੋਂ ਰੋਜ਼ਾਨਾ ਆਉਣ ਵਾਲੇ ਹਜ਼ਾਰਾਂ ਲੋਕਾਂ ਦੀ ਸਖ਼ਤ ਨਿਗਰਾਨੀ ਯਕੀਨੀ ਬਣਾਉਣ ਲਈ ਸ਼ੰਭੂ ਬਾਰਡਰ ਰਾਹੀਂ ਦਾਖ਼ਲ ਹੋਣ ਵਾਲਿਆਂ ਨੂੰ ਈ-ਰਜਿਸਟਰ ਹੋਣਾ ਪਵੇਗਾ।
ਰੈਪਿਡ ਐਂਟੀਜਨ ਟੈਸਟਿੰਗ ਜੋ ਘੱਟੋ-ਘੱਟ 1000 ਟੈਸਟਾਂ ਨੂੰ ਕਵਰ ਕਰੇਗਾ, ਦੇ ਪਾਇਲਟ ਪ੍ਰਾਜੈਕਟ ਦੀ ਸਫਲਤਾ ਤੋਂ ਬਾਅਦ ਉਦਯੋਗ ਖੁੱਲ੍ਹਣ ਅਤੇ ਖੇਤਾਂ ਵਿੱਚ ਝੋਨੇ ਦੀ ਲਵਾਈ ਲਈ ਸੂਬੇ ਵਿੱਚ ਆਉਣ ਵਾਲੇ ਪਰਵਾਸੀ ਮਜ਼ਦੂਰਾਂ ਦੇ ਇਹ ਟੈਸਟ ਕੀਤੇ ਜਾਣਗੇ।
ਸੂਬਾ ਸਰਕਾਰ ਕੋਵਿਡ ਟੈਸਟਾਂ ਦੀ ਸਮਰੱਥਾ ਹੋਰ ਵਧਾਉਣ ਲਈ ਰੈਪਿਡ ਐਂਟੀਜਨ ਟੈਸਟਿੰਗ ਕਿੱਟਾਂ ਦੀ ਖ਼ਰੀਦ ਕਰੇਗਾ ਹਾਲਾਂਕਿ ਮੌਜੂਦਾ ਸਮੇਂ ਪੰਜਾਬ ਵਿੱਚ ਟੈਸਟਾਂ ਦੀ ਦਰ ਭਾਰਤ ਸਰਕਾਰ ਵੱਲੋਂ ਨਿਰਧਾਰਤ ਕੀਤੀ 10 ਲੱਖ ਪਿੱਛੇ 140 ਟੈਸਟ ਪ੍ਰਤੀ ਦਿਨ ਦੀ ਦਰ ਨਾਲੋਂ ਵੱਧ ਹੈ।
ਇਕਾਂਤਵਾਸ ਜ਼ਰੂਰੀ
ਘਰੇਲੂ ਯਾਤਰੀਆਂ ਲਈ ਸਵੈ ਨਿਗਰਾਨੀ ਹੇਠ ਘਰੇਲੂ ਏਕਾਂਤਵਾਸ ਦੀ ਥਾਂ ਲੈਣ ਬਾਰੇ ਭਾਰਤ ਸਰਕਾਰ ਵੱਲੋਂ ਜਾਰੀ ਸੋਧੇ ਦਿਸ਼ਾ ਨਿਰਦੇਸ਼ਾਂ ਨਾਲ ਸਹਿਮਤ ਨਾ ਹੁੰਦਿਆ ਮੁੱਖ ਮੰਤਰੀ ਨੇ ਇਸ ਨੂੰ ਰੱਦ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਇਹ ਕਦਮ ਨਹੀਂ ਚੁੱਕਿਆ ਜਾਵੇਗਾ ਕਿਉਂਕਿ ਰੋਜ਼ਾਨਾ ਦਿੱਲੀ ਅਤੇ ਕੌਮੀ ਰਾਜਧਾਨੀ ਖੇਤਰ ਜਿੱਥੇ ਮੌਜੂਦਾ ਸਮੇਂ ਕੇਸਾਂ ਦੀ ਗਿਣਤੀ ਬਹੁਤ ਵਧੀ ਹੈ, ਤੋਂ ਸੂਬੇ ਵਿੱਚ ਵੱਡੀ ਗਿਣਤੀ 'ਚ ਲੋਕ ਆਉਂਦੇ ਹਨ।
ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਵਾਹਨ ਨੂੰ ਸਖਤ ਨਿਗਰਾਨ ਵਿਧੀ ਨੂੰ ਅਪਣਾਉਣ ਤੋਂ ਬਿਨਾਂ ਪੰਜਾਬ ਵਿੱਚ ਪ੍ਰਵੇਸ਼ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। ਮੁੱਖ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਮੀਟਿੰਗ ਰਾਹੀਂ ਸੂਬੇ ਦੇ ਸੀਨੀਅਰ ਅਤੇ ਸਿਹਤ ਅਧਿਕਾਰੀਆਂ ਨਾਲ ਕੋਵਿਡ ਦੀ ਸਥਿਤੀ ਤੇ ਤਿਆਰੀਆਂ ਦਾ ਜਾਇਜ਼ਾ ਲਿਆ।
ਮੁੱਖ ਸਕੱਤਰ ਵਿਨੀ ਮਹਾਜਨ ਨੇ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਦਾਖਲ ਹੋਣ ਵਾਲੇ ਸਾਰੇ ਲੋਕਾਂ ਦੀ ਕਰੜੀ ਨਿਗਰਾਨੀ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਘਰੇਲੂ ਏਕਾਂਤਵਾਸ ਦੇ ਅਮਲ ਨੂੰ ਫੋਨ ਆਧਾਰਿਤ ਨਿਗਰਾਨੀ ਤੇ ਨਿਰੰਤਰ ਮੁਆਇਨੇ ਨਾਲ ਯਕੀਨੀ ਬਣਾਉਣ ਲਈ ਪ੍ਰਾਈਵੇਟ ਲੋਕਾਂ ਦੀਆਂ ਸੇਵਾਵਾਂ ਵੀ ਲਈਆਂ ਜਾ ਰਹੀਆਂ ਹਨ।
ਸੂਬੇ ਵਿੱਚ ਪ੍ਰਵੇਸ਼ ਕਰਨ ਵਾਲੇ ਸਾਰੇ ਵਿਅਕਤੀਆਂ ਨੂੰ ਆਪਣੇ ਆਪ ਨੂੰ ਜਾਂ ਤਾਂ ਕੋਵਾ ਐਪ ਜਾਂ ਫੇਰ ਸਰਕਾਰੀ ਵੈੱਬ ਪੋਰਟਲ ਉਪਰ ਲਾਜ਼ਮੀ ਤੌਰ 'ਤੇ ਰਜਿਸਟਰ ਕਰਨਾ ਪਵੇਗਾ ਅਤੇ ਬਾਰ ਕੋਡ ਸਮੇਤ ਰਜਿਸਟ੍ਰੇਸ਼ਨ ਸਰਟੀਫਿਕੇਟ ਵਾਹਨ ਦੇ ਅਗਲੇ ਸ਼ੀਸ਼ੇ 'ਤੇ ਲਾਇਆ ਜਾਣਾ ਚਾਹੀਦਾ ਹੈ।
ਉਨ੍ਹਾਂ ਦੱਸਿਆ ਕਿ ਜੋ ਵੀ ਵਿਅਕਤੀ ਵਾਹਨ ਦੀ ਸਕਰੀਨ 'ਤੇ ਸਰਟੀਫਿਕੇਟ ਦੇ ਪ੍ਰਿੰਟ ਲੱਗੇ ਤੋਂ ਬਿਨਾਂ ਪ੍ਰਵੇਸ਼ ਕਰੇਗਾ, ਉਸ ਨੂੰ ਰੋਕ ਲਿਆ ਜਾਵੇਗਾ ਅਤੇ ਮੌਕੇ 'ਤੇ ਰਜਿਸਟਰ ਕਰਵਾਇਆ ਜਾਵੇਗਾ।