ਚੰਡੀਗੜ੍ਹ: ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸੋਮਵਾਰ ਸਕੂਲ ਸਿੱਖਿਆ ਵਿਭਾਗ ਵਿੱਚ ਤਰਸ ਦੇ ਅਧਾਰ ’ਤੇ ਵੱਖ-ਵੱਖ ਅਸਾਮੀਆਂ ’ਤੇ ਨਿਯੁਕਤ ਕੀਤੇ ਗਏ 83 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ 2 ਮਾਸਟਰ ਕਾਡਰ ਅਤੇ 2 ਈਟੀਟੀ ਅਧਿਆਪਕਾਂ, 1 ਲਾਇਬ੍ਰੇਰੀ ਰੀਸਟੋਰਟਰ, 9 ਕਲਰਕਾਂ ਅਤੇ 69 ਦਰਜਾ-4 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।
ਕੈਬਨਿਟ ਮੰਤਰੀ ਨੇ ਕਿਹਾ ਕਿ ਸਿੱਖਿਆ ਵਿਭਾਗ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਦੀਆਂ ਅਰਜ਼ੀਆਂ 'ਤੇ ਤੇਜ਼ੀ ਨਾਲ ਕਾਰਵਾਈ ਕਰ ਰਿਹਾ ਹੈ ਅਤੇ ਭਰਤੀ ਦੀ ਸਾਰੀ ਪ੍ਰਕਿਰਿਆ ਆਨਲਾਈਨ ਮੁਕੰਮਲ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਪਰਿਵਾਰਾਂ ਤੋਂ ਅਰਜ਼ੀਆਂ ਮਿਲਣ ਤੋਂ ਬਾਅਦ ਪੰਜਾਬ ਸਰਕਾਰ ਨੇ ਕੁਝ ਮਹੀਨਿਆਂ ਦੇ ਅੰਦਰ-ਅੰਦਰ 106 ਮਾਮਲਿਆਂ ਦੀ ਪ੍ਰਕਿਰਿਆ ਮੁਕੰਮਲ ਕਰ ਲਈ ਹੈ ਅਤੇ ਬਾਕੀ ਮਾਮਲਿਆਂ ਵਿੱਚ ਨਿਯੁਕਤੀ ਪੱਤਰ ਜਲਦੀ ਭੇਜੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕੁੱਲ 106 ਵਿੱਚੋਂ 3 ਮਾਸਟਰ ਕੇਡਰ, 2 ਈਟੀਟੀ ਅਧਿਆਪਕਾਂ, 12 ਕਲਰਕਾਂ, 1 ਲਾਇਬ੍ਰੇਰੀ ਰੀਸਟੋਰਰ ਅਤੇ 88 ਦਰਜ਼ਾ-4 ਦੀਆਂ ਅਸਾਮੀਆਂ ਸਨ।
ਸਿੰਗਲਾ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਆਪਣੀ ਜ਼ਿੰਮੇਵਾਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਅੱਗੇ ਕਿਹਾ, "ਤੁਹਾਡੀ ਪਹਿਲੀ ਜ਼ਿੰਮੇਵਾਰੀ ਆਪਣੇ ਪਰਿਵਾਰ ਦੀਆਂ ਵਿੱਤੀ ਜ਼ਰੂਰਤਾਂ ਪੂਰਾ ਕਰਨਾ ਅਤੇ ਆਪਣੇ ਵਿਭਾਗ ਪ੍ਰਤੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨਾ ਹੈ।"