ਚੰਡੀਗੜ੍ਹ: ਲੁਧਿਆਣਾ ਵਿੱਚ ਹੋ ਰਹੀ ਨਜਾਇਜ਼ ਮਾਈਨਿੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਖ਼ਲ ਕੀਤੀ ਗਈ ਸੀ। ਮਾਮਲੇ ਦੀ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਲੁਧਿਆਣਾ ਪ੍ਰਸ਼ਾਸਨ ਤੋਂ ਇਸ ਦੀ ਜਾਂਚ ਦੀ ਰਿਪੋਰਟ ਤਲਬ ਕੀਤੀ ਸੀ।
ਲੁਧਿਆਣਾ ਪ੍ਰਸ਼ਾਸਨ ਨੇ ਲੁਧਿਆਣਾ ਵਿੱਚ ਸਤਲੁਜ ਦਰਿਆ ਦੇ ਨਾਲ ਲਗਦੇ ਪਿੰਡਾਂ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਦੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਲੁਧਿਆਣਾ ਦੇ ਸੈਸ਼ਨ ਜੱਜ ਅਤੇ ਡੀਸੀ ਨੇ ਆਪਣੀ ਰਿਪੋਰਟ ਵਿੱਚ ਆਖਿਆ ਕਿ ਉਨ੍ਹਾਂ ਨੇ ਨਜਾਇਜ਼ ਮਾਈਨਿੰਗ ਦੀ ਜਾਂਚ ਕੀਤੀ ਹੈ ਅਤੇ ਜਾਂਚ ਵਿੱਚ ਅਜਿਹਾ ਕੋਈ ਸਬੂਤ ਨਹੀਂ ਮਿਲਿਆ।
ਇਸ ਸਬੰਧੀ ਪਟੀਸ਼ਨਕਰਤਾ ਦੇ ਵਕੀਲ ਫੈਰੀ ਸੋਫਤ ਨੇ ਲੁਧਿਆਣਾ ਪ੍ਰਸ਼ਾਸਨ ਦੀ ਰਿਪੋਰਟ ਨੂੰ ਨਕਾਰਦਿਆਂ ਕਿਹਾ ਕਿ ਪ੍ਰਸ਼ਾਸਨ ਵੀ ਨਜਾਇਜ਼ ਮਾਈਨਿੰਗ ਦੇ ਸਬੂਤ ਖ਼ਤਮ ਕਰਨ ਵਿੱਚ ਦੋਸ਼ੀਆਂ ਦਾ ਸਾਥ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਦੀ ਵੀਡੀਓ ਰਿਕਾਰਡਿੰਗ ਉਨ੍ਹਾਂ ਨੇ ਅਦਾਲਤ ਵਿੱਚ ਜਮ੍ਹਾਂ ਕਰਵਾਈ ਹੋਈ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਜਾਂਚ ਤੋਂ ਪਹਿਲਾਂ ਉਥੋਂ ਸਬੂਤ ਖ਼ਤਮ ਕਰ ਦਿੱਤੇ ਗਏ।
ਇਹ ਵੀ ਪੜ੍ਹੋ: ਬੁੱਢਾ ਨਾਲਾ ਦੇ ਕੰਢੇ ਨਾਜਾਇਜ਼ ਕਬਜ਼ਿਆਂ ਦੀ ਭਰਮਾਰ, ਸੋਚਾਂ 'ਚ ਕਾਰਪੋਰੇਸ਼ਨ
ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਪਟੀਸ਼ਨਕਰਤਾ ਬਲਵੀਰ ਸਿੰਘ ਨੂੰ ਨਜਾਇਜ਼ ਮਾਈਨਿੰਗ ਕਰਨ ਵਾਲਿਆਂ ਵੱਲੋਂ ਕੇਸ ਵਾਪਿਸ ਲੈਣ ਲਈ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਇਸ ਸਬੰਧੀ ਉਨ੍ਹਾਂ ਨੇ ਹਾਈ ਕੋਰਟ ਵਿੱਚ ਵੀ ਪਟੀਸ਼ਨ ਦਾਖ਼ਲ ਕੀਤੀ ਹੈ। ਮਾਮਲੇ 'ਤੇ ਸੁਣਵਾਈ 30 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਗਈ ਹੈ।