ਪੰਜਾਬ

punjab

ETV Bharat / city

ਕਿਸਾਨੀ ਅੰਦੋਲਨ 'ਚ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਕ ਮੈਂਬਰ ਨੂੰ ਮਿਲੇਗੀ ਨੌਕਰੀ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨੀ ਸੰਘਰਸ਼ ਦੇ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਤੱਕ ਦਾ ਮੁਆਵਜ਼ਾ ਅਤੇ ਪਰਿਵਾਰਾਂ ਵਿੱਚੋਂ ਇੱਕ ਮੈਂਬਰ ਨੂੰ ਨੌਕਰੀ ਪ੍ਰਦਾਨ ਕਰਨ ਦਾ ਐਲਾਨ ਕੀਤਾ ਹੈ।

ਕਿਸਾਨੀ ਅੰਦੋਲਨ 'ਚ ਜਾਨ ਗਵਾਉਣ ਵਾਲਿਆ ਦੇ ਪਰਿਵਾਰਕ ਮੈਂਬਰ ਨੂੰ ਮਿਲੇਗੀ ਨੌਕਰੀ
ਕਿਸਾਨੀ ਅੰਦੋਲਨ 'ਚ ਜਾਨ ਗਵਾਉਣ ਵਾਲਿਆ ਦੇ ਪਰਿਵਾਰਕ ਮੈਂਬਰ ਨੂੰ ਮਿਲੇਗੀ ਨੌਕਰੀ

By

Published : Jan 22, 2021, 9:38 PM IST

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਹਰੇਕ ਉਸ ਕਿਸਾਨ ਦੇ ਪਰਿਵਾਰਕ ਮੈਂਬਰ ਲਈ ਨੌਕਰੀ ਦਾ ਐਲਾਨ ਕੀਤਾ ਹੈ ਜੋ ਕਾਲੇ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਦੌਰਾਨ ਫੌਤ ਹੋ ਗਏ। ਮੁੱਖ ਮੰਤਰੀ ਨੇ ਖੇਤੀ ਕਾਨੂੰਨਾਂ ਦੇ ਮੁੱਦੇ ਸਬੰਧੀ ਅਕਾਲੀਆਂ ਅਤੇ ਆਮ ਆਦਮੀ ਪਾਰਟੀ (ਆਪ) ਨੂੰ ਕਰੜੇ ਹੱਥੀਂ ਲੈਂਦਿਆਂ ਅਤੇ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤੇ ਜਾਣ ਨੂੰ 'ਅਣਮਨੁੱਖੀ' ਕਰਾਰ ਦਿੱਤਾ।

ਸਬੰਧਤ ਧਿਰਾਂ ਨਾਲ ਸਲਾਹ ਮਗਰੋਂ ਕੇਂਦਰ ਨੂੰ ਬਣਾਉਣੇ ਚਾਹੀਦੇ ਸਨ ਖੇਤੀ ਕਾਨੂੰਨ

ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਰੱਦ ਕਰਨ ਤੋਂ ਭੱਜਣ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਕਾਨੂੰਨ ਰੱਦ ਕਰਕੇ ਕਿਸਾਨਾਂ ਨਾਲ ਬੈਠ ਕੇ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਸਾਰੀਆਂ ਸਬੰਧਤ ਧਿਰਾਂ ਨਾਲ ਸਲਾਹ-ਮਸ਼ਵਰੇ ਪਿੱਛੋਂ ਨਵੇਂ ਕਾਨੂੰਨ ਬਣਾਉਣੇ ਚਾਹੀਦੇ ਹਨ। ਕੇਂਦਰ ਸਰਕਾਰ ਵੱਲੋਂ ਸਿਰਫ ਆਪਣੇ ਬਹੁਮਤ ਦੇ ਜ਼ੋਰ 'ਤੇ ਬਿਨਾਂ ਕਿਸੇ ਚਰਚਾ ਤੋਂ ਸੰਸਦ ਵਿੱਚ ਇਹ ਕਾਨੂੰਨ ਪਾਸ ਕਰਵਾਉਣ ਲਈ ਕੇਂਦਰ ਸਰਕਾਰ 'ਤੇ ਕਰਾਰਾ ਹਮਲਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਦੀ ਕੀਮਤ ਸਾਰਾ ਦੇਸ਼ ਚੁਕਾ ਰਿਹਾ ਹੈ।

ਖੇਤੀਬਾੜੀ ਸੂਬਿਆਂ ਦਾ ਵਿਸ਼ਾ

ਉਨ੍ਹਾਂ ਇਹ ਵੀ ਸਵਾਲ ਕੀਤਾ ''ਕੀ ਦੇਸ਼ ਵਿੱਚ ਕੋਈ ਸੰਵਿਧਾਨ ਹੈ? ਅਨੁਸੂਚੀ-7 ਦੇ ਤਹਿਤ ਖੇਤੀਬਾੜੀ ਸੂਬਿਆਂ ਦਾ ਵਿਸ਼ਾ ਹੈ ਇਸ ਲਈ ਕੇਂਦਰ ਵੱਲੋਂ ਸੂਬਾਈ ਮਾਮਲੇ ਵਿੱਚ ਦਖਲਅੰਦਾਜ਼ੀ ਕਿਉਂ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਨੇ ਬਿਨਾਂ ਕਿਸੇ ਨੂੰ ਪੁੱਛੇ ਇਨ੍ਹਾਂ ਕਾਨੂੰਨਾਂ ਨੂੰ ਅਮਲੀ ਜਾਮਾ ਪਹਿਨਾ ਦਿੱਤਾ ਜਿਸ ਕਰਕੇ ਸਭ ਨੂੰ ਇਸ ਸਥਿਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਖੇਤੀਬਾੜੀ 'ਤੇ ਪੈਣ ਵਾਲੇ ਅਸਰ ਦਾ ਨਹੀਂ ਕੀਤਾ ਖਿਆਲ

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਲੌਕਡਾਊਨ ਦੌਰਾਨ ਜਦੋਂ ਸਮੁੱਚਾ ਉਦਯੋਗ ਠੱਪ ਹੋ ਗਿਆ ਸੀ ਤਾਂ ਉਸ ਮਗਰੋਂ ਹਾਲਾਤ ਆਮ ਵਾਂਗ ਹੋ ਰਹੇ ਸਨ ਅਤੇ ਇਸੇ ਸਮੇਂ ਖੇਤੀ ਕਾਨੂੰਨ ਥੋਪ ਦਿੱਤੇ ਗਏ। ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਵੱਲੋਂ ਕਿਸਾਨਾਂ ਅਤੇ ਖੇਤੀਬਾੜੀ 'ਤੇ ਪੈਣ ਵਾਲੇ ਅਸਰ ਦਾ ਖਿਆਲ ਕੀਤੇ ਬਿਨਾਂ ਹੀ ਇਹ ਕਾਨੂੰਨ ਲਾਗੂ ਕਰ ਦਿੱਤੇ ਗਏ।

ਅਗਲੀਆਂ ਪੀੜ੍ਹੀਆਂ ਦੇ ਭਵਿੱਖ ਲਏ ਸਰਹੱਦਾਂ 'ਤੇ ਬੈਠੇ ਕਿਸਾਨ

ਮੁੱਖ ਮੰਤਰੀ ਕੈਪਟਨ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਸੂਬੇ ਦਾ ਹਰੇਕ ਬਾਸ਼ਿੰਦਾ ਕਿਸਾਨਾਂ ਦੀ ਹਮਾਇਤ ਕਰਦਾ ਹੈ। ਉਨ੍ਹਾਂ ਕਿਹਾ 'ਦਿੱਲੀ ਦੀ ਸਰਹੱਦ 'ਤੇ ਬੈਠੇ ਸਾਡੇ ਕਿਸਾਨਾਂ ਬਾਰੇ ਸਮੂਹ ਪੰਜਾਬੀਆਂ ਨੂੰ ਚਿੰਤਾ ਹੈ ਕਿਉਂ ਜੋ ਉਹ ਕੇਂਦਰ ਸਰਕਾਰ ਨੂੰ ਉਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਲਈ ਜ਼ੋਰ ਪਾਉਣ ਹਿੱਤ ਉਸ ਸਥਾਨ 'ਤੇ ਡਟੇ ਹੋਏ ਹਨ ਜੋ ਕਾਨੂੰਨ ਸਾਨੂੰ ਬਿਨਾਂ ਵਿਸ਼ਵਾਸ ਵਿੱਚ ਲਿਆ ਕੇ ਲਾਗੂ ਕਰ ਦਿੱਤੇ ਗਏ ਸਨ।' ਮੁੱਖ ਮੰਤਰੀ ਨੇ ਅੱਗੇ ਕਿਹਾ ਕਿ 'ਵੱਡੀ ਗਿਣਤੀ ਵਿੱਚ ਬਜ਼ੁਰਗ ਵੀ ਦਿੱਲੀ ਸਰਹੱਦਾਂ 'ਤੇ ਆਪਣੇ ਲਈ ਨਹੀਂ ਸਗੋਂ ਆਪਣੇ ਬੱਚਿਆਂ ਅਤੇ ਪੋਤੇ-ਪੋਤਰੀਆਂ ਦੇ ਭਵਿੱਖ ਲਈ ਬੈਠੇ ਹੋਏ ਹਨ।

ਮ੍ਰਿਤਕਾਂ ਕਿਸਾਨਾ ਦੇ ਪਰਿਵਾਰਾਂ ਲਈ ਮੁਆਵਜ਼ੇ

ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਦੁੱਖ ਦੀ ਗੱਲ ਤਾਂ ਇਹ ਹੈ ਕਿ ਠੰਢ ਕਾਰਨ ਹਰੇਕ ਦਿਨ ਅਸੀਂ ਆਪਣੇ ਕਿਸਾਨਾਂ ਦੀਆਂ ਜਾਨਾਂ ਗੁਆ ਰਹੇ ਹਾਂ ਅਤੇ ਹੁਣ ਤੱਕ ਤਕਰੀਬਨ 76 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਤੱਕ ਦਾ ਮੁਆਵਜ਼ਾ ਦਿੱਤੇ ਜਾਣ ਤੋਂ ਇਲਾਵਾ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਵਿੱਚੋਂ ਇੱਕ ਮੈਂਬਰ ਨੂੰ ਨੌਕਰੀ ਵੀ ਪ੍ਰਦਾਨ ਕੀਤੀ ਜਾਵੇਗੀ।

ABOUT THE AUTHOR

...view details