ਚੰਡੀਗੜ੍ਹ: ਬੈਂਕਾਂ ਵੱਲੋਂ ਕਿਸਾਨਾਂ ਤੋਂ ਕੀਤੀ ਜਾ ਰਹੀ ਕਰਜ਼ਾ ਵਸੂਲੀ ਨੂੰ ਲੈਕੇ ਕਿਸਾਨ ਆਗੂ ਬਲਬੀਰ ਰਾਜੇਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਵੱਡਾ ਇਲਜ਼ਾਮ ਲਗਾਇਆ ਹੈ। ਰਾਜੇਵਾਲ ਨੇ ਇਲਜ਼ਾਮ ਲਗਾਉਂਦਿਆ ਕਿਹਾ ਹੈ ਕਿ ਭਗਵੰਤ ਮਾਨ ਵੱਲੋਂ ਬੈਂਕਾਂ ਨੂੰ ਕਰਜ਼ਾ ਵਸੂਲੀ ਲਈ ਕਿਸਾਨਾਂ ਦੀ ਗ੍ਰਿਫਤਾਰੀ ਦੀ ਖੁੱਲ੍ਹੀ ਛੁੱਟੀ ਦੇ ਦਿੱਤੀ ਗਈ ਹੈ। ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਕਰਜ਼ ਵਸੂਲੀ ਲਈ ਸਹਿਕਾਰੀ ਸੰਸਥਾਵਾਂ ਨੂੰ ਧਾਰਾ 67 ਏ ਦੇ ਤਹਿਤ ਕਾਰਵਾਈ ਦੀ ਛੋਟ ਦਿੱਤੀ ਗਈ ਹੈ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਰਾਜੇਵਾਲ ਨੇ ਦੱਸਿਆ ਕਿ ਲੰਮੇ ਸੰਘਰਸ਼ ਤੋਂ ਬਾਅਦ ਬਰਨਾਲਾ ਸਰਕਾਰ ਵੇਲੇ ਧਾਰਾ 67 ਨੂੰ ਮੁਅੱਤਲ ਕਰਵਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਧਾਰਾ ਤਹਿਤ ਡਿਫਾਲਟਰ ਕਿਸਾਨਾਂ ਤੋਂ ਕਰਜ਼ੇ ਦੀ ਵਸੂਲੀ ਲਈ ਗ੍ਰਿਫਤਾਰੀ ਦੀ ਵਿਵਸਥਾ ਹੈ। ਰਾਜੇਵਾਲ ਨੇ ਦਾਅਵਾ ਕਰਦਿਆਂ ਕਿਹਾ ਕਿ ਧਾਰਾ 67ਏ ਤਹਿਤ ਜਲਾਲਾਬਾਦ ਵਿੱਚ ਪਿਛਲੇ ਦਿਨ੍ਹਾਂ ਵਿੱਚ ਕਿਸਾਨਾਂ ਉੱਪਰ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਇਸ ਕਾਰਵਾਈ ਤੋਂ ਬਾਅਦ ਪੰਜਾਬ ਦੇ ਕਈ ਹਿੱਸਿਆਂ ਵਿੱਚ ਅਜਿਹੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।