ਚੰਡੀਗੜ੍ਹ: ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦੀ 25ਵੀਂ ਬਰਸੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਹੈ।
ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਬਰਸੀ ਮੌਕੇ ਹਰ ਸਾਲ 'ਸਰਬ ਧਰਮ ਸੰਮੇਲਨ' ਕਰਵਾਇਆ ਜਾਂਦਾ ਹੈ ਜੋ ਕਿ ਇਸ ਵਾਰ ਕੋਵਿਡ -19 ਮਹਾਂਮਾਰੀ ਕਾਰਨ ਉਨ੍ਹਾਂ ਦੀ ਯਾਦਗਾਰ 'ਤੇ ਨਹੀਂ ਹੋਵੇਗਾ। ਦੱਸ ਦਈਏ ਕਿ 31 ਅਗਸਤ, 1995 ਨੂੰ ਪੰਜਾਬ ਪੁਲਿਸ ਦੇ ਕਾਂਸਟੇਬਲ ਵੱਲੋਂ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ ਸੀ।
ਮਰਹੂਮ ਬੇਅੰਤ ਸਿੰਘ ਦੇ ਪੋਤੇ ਅਤੇ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਉਨ੍ਹਾਂ ਦੀ ਬਰਸੀ ਮੌਕੇ ਕਿਹਾ ਕਿ ਬੇਅੰਤ ਸਿੰਘ ਨੇ ਪੰਜਾਬ ਦੀ ਅਮਨ-ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਆਪਣੇ ਸਰੀਰ ਦੇ ਟੋਟੇ-ਟੋਟੇ ਕਰਵਾ ਲਏ, ਆਪਣੀ ਜਾਨ ਵਾਰ ਦਿੱਤੀ ਪਰ ਇਸ ਦੇ ਬਾਵਜੂਦ ਕੁਝ ਲੋਕ ਅਮਨ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ।
ਉਨ੍ਹਾਂ ਸਾਫ਼ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ 31 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਉਨ੍ਹਾਂ ਦੇ ਦਾਦਾ ਜੀ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੂੰ ਸ਼ਹੀਦ ਕਰਨ ਵਾਲਿਆਂ ਦੇ ਹੱਕ ਵਿੱਚ ਅਰਦਾਸ ਕੀਤੀ ਜਾਣੀ ਹੈ ਜੋ ਸਾਫ ਹੈ ਕਿ ਡਾਲਰਾਂ ਦੇ ਲਾਲਚ ਹੇਠ ਕੀਤੀ ਜਾਣੀ ਹੈ।
ਵੱਖਵਾਦੀ ਸੰਗਠਨ ਸਿੱਖਸ ਫਾਰ ਜਸਟਿਸ (ਐਸਐਫਜੇ) ਵੱਲੋਂ 31 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ ਜਿਸ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹੈ। ਬੰਦ ਦੇ ਸੱਦੇ ਤਹਿਤ ਪੰਜਾਬ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਨਜ਼ਰ ਆ ਰਹੀ ਹੈ ਅਤੇ ਸਖ਼ਤੀ ਕੀਤੀ ਗਈ ਹੈ, ਜਿਸ ਤਹਿਤ ਹਰ ਆਉਣ-ਜਾਣ ਵਾਲੇ ਵਾਹਨ ਦੀ ਚੈਕਿੰਗ ਜ਼ੋਰਾਂ 'ਤੇ ਹੈ।