ਚੰਡੀਗੜ੍ਹ:ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਖਿਲਾਫ਼ ਨਸ਼ੇ ਨੂੰ ਲੈ ਕੇ ਦਰਜ ਮਾਮਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਭਖ ਚੁੱਕੀ ਹੈ। ਜਿੱਥੇ ਵਿਰੋਧੀ ਪਾਰਟੀਆਂ ਦੇ ਵੱਲੋਂ ਅਕਾਲੀ ਦਲ ’ਤੇ ਨਿਸ਼ਾਨੇ ਸਾਧੇ ਜਾ ਰਹੇ ਹਨ ਉੱਥੇ ਹੀ ਅਕਾਲੀ ਦਲ ਵੱਲੋਂ ਕਾਂਗਰਸ ਸਰਕਾਰ ਖਿਲਾਫ਼ ਜੰਮਕੇ ਭੜਾਸ ਕੱਢੀ ਜਾ ਰਹੀ ਹੈ।
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਵੱਲੋਂ ਪੰਜਾਬ ਸਰਕਾਰ ’ਤੇ ਜੰਮਕੇ ਨਿਸ਼ਾਨੇ ਸਾਧੇ ਗਏ ਹਨ। ਉਨ੍ਹਾਂ ਕਾਂਗਰਸ ਸਰਕਾਰ ਖਿਲਾਫ਼ ਭੜਾਸ ਕੱਢਦਿਆਂ ਕਿਹਾ ਕਿ ਇਸ ਗੱਲ ਦਾ ਪਹਿਲਾਂ ਹੀ ਪਤਾ ਸੀ। ਉਨ੍ਹਾਂ ਕਿਹਾ ਕਿ ਪਿਛਲੇ ਦਿਨ੍ਹਾਂ ਵਿੱਚ ਪੰਜਾਬ ਵਿੱਚ ਤਿੰਨ ਡੀਜੀਪੀ ਬਦਲੇ ਗਏ ਹਨ। ਪ੍ਰਕਾਸ਼ ਸਿੰਘ ਬਾਦਲ ਨੇ ਡੀਜੀਪੀ ਬਦਲਣ ਦਾ ਕਾਰਨ ਦੱਸਦੇ ਹੋਏ ਕਿਹਾ ਕਿ ਮਜੀਠੀਆ ਅਤੇ ਬਾਦਲਾਂ ਨੂੰ ਅੰਦਰ ਕਰਨ ਦੇ ਲਈ ਅਜਿਹਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਦਲਾਖੋਰੀ ਦੀ ਨੀਤੀ ਅਪਣਾਈ ਜਾ ਰਹੀ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪਿਛਲੇ ਸਮਿਆਂ ’ਚ ਉਨ੍ਹਾਂ ’ਤੇ ਸੈਂਕੜੇ ਪਰਚੇ ਦਰਜ ਹੋਏ ਹਨ ਉਨ੍ਹਾਂ ਕਿਹਾ ਕਿ ਇਕੱਲੇ ਉਨ੍ਹਾਂ ’ਤੇ ਹੀ ਨਹੀਂ ਬਲਕਿ ਉਨ੍ਹਾਂ ਦੀ ਪਤਨੀ ਉੱਪਰ ਵੀ ਪਰਚੇ ਦਰਜ ਕੀਤੇ ਗਏ ਸਨ।