ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸਾਬਕਾ ਕੈਬਨਿਟ ਮੰਤਰੀ ਵਿਜੇ ਸਿੰਗਲਾ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਦੱਸ ਦਈਏ ਕਿ ਵਿਜੇ ਸਿੰਗਲਾ ਨੂੰ ਹਾਈਕੋਰਟ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ। ਮਾਮਲੇ ਸਬੰਧੀ ਪਿਛਲੀ ਵਾਰ ਸੁਣਵਾਈ ਦੌਰਾਨ ਹਾਈਕੋਰਟ ਨੇ ਸਰਕਾਰ ਨੂੰ ਝਾੜ ਪਾਈ ਸੀ।
ਹਾਈਕੋਰਟ ਵੱਲੋਂ ਸਰਕਾਰ ਨੂੰ ਝਾੜ:ਇਸ ਤੋਂ ਪਹਿਲਾਂ ਹੋਈ ਸੁਣਵਾਈ ’ਚ ਸਰਕਾਰੀ ਵਕੀਲ ਵੱਲੋਂ ਵਿਜੇ ਸਿੰਗਲਾ ਦੀ ਜ਼ਮਾਨਤ ਦਾ ਵਿਰੋਧ ਕੀਤਾ ਗਿਆ ਸੀ। ਸਰਕਾਰੀ ਵਕੀਲ ਨੇ ਕਿਹਾ ਕਿ ਕੋਰਟ ’ਚ ਆਈਓ ਮੌਜੂਦ ਹੈ। ਜਿਸ ਤੋਂ ਬਾਅਦ ਹਾਈਕੋਰਟ ਵੱਲੋਂ ਸਰਕਾਰ ਨੂੰ ਝਾੜਿਆ ਗਿਆ। ਹਾਈਕੋਰਟ ਨੇ ਕਿਹਾ ਕਿ ਉਨ੍ਹਾਂ ਨੂੰ ਆਈਓ ਤੋਂ ਹਿਦਾਇਤ ਲੈਣ ਦੀ ਲੋੜ ਨਹੀਂ ਹੈ। ਤੁਹਾਨੂੰ ਆਪਣੇ ਉੱਚ ਅਧਿਕਾਰੀਆਂ ਕੋਲੋਂ ਹਿਦਾਇਤਾਂ ਲੈਣੀ ਚਾਹੀਦੀ ਹੈ।
ਸਿੰਗਲਾ ’ਤੇ ਰਿਸ਼ਵਤ ਲੈਣ ਦੇ ਲੱਗੇ ਇਲਜ਼ਾਮ:ਕਾਬਿਲੇਗੌਰ ਹੈ ਕਿ ਸਿੰਗਲਾ ਨੇ ਸਿਹਤ ਵਿਭਾਗ ਵਿੱਚ ਟੈਂਡਰ ਅਤੇ ਹਰ ਕੰਮ ਵਿੱਚੋਂ 1 ਫੀਸਦੀ ਕਮਿਸ਼ਨ ਮੰਗਣ ਦੇ ਇਲਜ਼ਾਮ ਲੱਗੇ ਸੀ। ਇਸ ਪੂਰੇ ਮਾਮਲੇ ਦਾ ਮੁੱਖ ਮੰਤਰੀ ਵੱਲੋਂ ਸਟਿੰਗ ਕਰਵਾਉਣ ਦਾ ਦਾਅਵਾ ਕੀਤਾ ਗਿਆ ਸੀ ਅਤੇ ਉਸ ਤੋਂ ਬਾਅਦ ਵਿਜੇ ਸਿੰਗਲਾ ਖ਼ਿਲਾਫ਼ ਐਕਸ਼ਨ ਲਿਆ ਗਿਆ। ਇਸ ਦੌਰਾਨ ਜਿੱਥੇ ਸੀਐਮ ਭਗਵੰਤ ਮਾਨ ਨੇ ਵਿਜੇ ਸਿੰਗਲਾ ਨੂੰ ਕੈਬਨਿਟ ਵਿੱਚੋਂ ਰੁਖਸਤ ਕੀਤਾ ਉੱਥੇ ਹੀ ਕਾਨੂੰਨੀ ਕਾਰਵਾਈ ਦੇ ਵੀ ਆਦੇਸ਼ ਦਿੱਤੇ ਸੀ। ਜਿਸ ਤੋਂ ਬਾਅਦ ਵਿਜੇ ਸਿੰਗਲਾ ਨੂੰ ਗ੍ਰਿਫਤਾਰ ਕਰ ਲਿਆ।
ਇਹ ਸੀ ਪੂਰਾ ਮਾਮਲਾ: ਦੱਸ ਦਈਏ ਕਿ ਵਿਜੇ ਸਿੰਗਲਾ ਖ਼ਿਲਾਫ਼ ਸਿਹਤ ਵਿਭਾਗ ਦੇ ਸੁਪਰਡੈਂਟ ਇੰਜਨੀਅਰ ਰਜਿੰਦਰ ਸਿੰਘ ਨੇ ਕੇਸ ਦਰਜ ਕਰਵਾਇਆ ਸੀ। ਇਸ ਅਧਿਕਾਰੀ ਨੇ ਉਨ੍ਹਾਂ ਤੇ ਇਲਜ਼ਾਮ ਲਗਾਇਆ ਕਿ ਵਾਰ-ਵਾਰ ਬੁਲਾ ਕੇ ਉਨ੍ਹਾਂ ਨੂੰ ਪਰੇਸ਼ਾਨ ਕੀਤਾ ਗਿਆ। ਇਹ ਵੀ ਇਲਜ਼ਾਮ ਲਗਾਏ ਕਿ ਮੰਤਰੀ ਨੇ ਖੁਦ ਆਪਣੇ ਓਐਸਡੀ ਪ੍ਰਦੀਪ ਕੁਮਾਰ ਰਾਹੀਂ ਰਿਸ਼ਵਤ ਮੰਗੀ ਸੀ ਪਰ ਜਦੋਂ ਉਹ ਨਾ ਦੇ ਸਕਿਆ ਤਾਂ ਉਸ ਨੂੰ ਸਕੱਤਰੇਤ ਬੁਲਾ ਕੇ ਮੰਤਰੀ ਵੱਲੋਂ ਆਪਣੇ ਸਾਥੀ ਨੂੰ ਪੈਸੇ ਦੇਣ ਲਈ ਕਿਹਾ। ਇਸ ਪੂਰੀ ਵਾਰਤਾਲਾਪ ਨੂੰ ਸਿਹਤ ਵਿਭਾਗ ਦੇ ਅਧਿਕਾਰੀ ਵੱਲੋਂ ਰਿਕਾਰਡ ਕਰ ਲਿਆ ਗਿਆ ਸੀ।
ਇਹ ਵੀ ਪੜੋ:ਮੱਤੇਵਾੜਾ ਜੰਗਲ ਨੂੰ ਲੈ ਕੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਦਾ ਵੱਡਾ ਬਿਆਨ, ਕਿਹਾ- ਸੀਐੱਮ ਮਾਨ ਨਾਲ...