ਚੰਡੀਗੜ੍ਹ:ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਵੱਡੀ ਕਾਰਵਾਈ ਕਰਦਿਆਂ ਸਾਬਕਾ ਕਾਂਗਰਸੀ ਮੰਤਰੀ ਅਤੇ ਮੌਜੂਦਾ ਭਾਜਪਾ ਆਗੂ ਸੁੰਦਰ ਸ਼ਾਮ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਵਿਜੀਲੈਂਸ ਵਲੋਂ ਦੇਰ ਰਾਤ ਸੁੰਦਰ ਸ਼ਾਮ ਅਰੋੜਾ ਨੂੰ ਜ਼ੀਰਕਪੁਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਵਿਜੀਲੈਂਸ ਡਾਇਰੈਕਟਰ ਵਰਿੰਦਰ ਕੁਮਾਰ ਨੇ ਦੱਸਿਆ ਕਿ ਸਾਬਕਾ ਮੰਤਰੀ ਅਰੋੜਾ ਵਲੋਂ ਵਿਜੀਲੈਂਸ ਦੇ AIG ਮਨਮੋਹਨ ਕੁਮਾਰ ਨੂੰ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਗਈ। ਜਿਸ ਦੀ ਜਾਣਕਾਰੀ ਏ.ਆਈ.ਜੀ ਵਲੋਂ ਸਾਨੂੰ ਦਿੱਤੀ ਗਈ।
ਇਸ ਸਬੰਧੀ ਵਿਜੀਲੈਂਸ ਦੇ ਡਾਇਰੈਕਟਰ ਵਰਿੰਦਰ ਕੁਮਾਰ ਦਾ ਕਹਿਣਾ ਕਿ ਸੁੰਦਰ ਸ਼ਾਮ ਅਰੋੜਾ ਖਿਲਾਫ ਕੇਸ ਚੱਲ ਰਿਹਾ ਹੈ। ਜਿਸ ਸਬੰਧੀ ਉਨ੍ਹਾਂ ਕੇਸ ਨੂੰ ਰਫਾ ਦਫਾ ਕਰਨ ਲਈ ਵਿਜੀਲੈਂਸ ਅਫਸਰ ਨੂੰ 1 ਕਰੋੜ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਗਈ। ਜਿਸ ਕਾਰਨ ਵਿਜੀਲੈਂਸ ਵਿਭਾਗ ਵਲੋਂ ਟ੍ਰੈਪ ਲਗਾ ਕੇ ਉਨ੍ਹਾਂ ਨੂੰ ਰਿਸ਼ਵਤ ਦੀ ਪਹਿਲੀ ਕਿਸ਼ਤ 50 ਲੱਖ ਦਿੰਦਿਆਂ ਰੰਗੇ ਹੱਥੀ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਨੇ ਦੱਸਿਆ ਕਿ ਇਸ ਦੌਰਾਨ ਸੁੰਦਰ ਸ਼ਾਮ ਅਰੋੜਾ ਦਾ ਪੀ.ਏ ਵੀ ਨਾਲ ਸੀ।
ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਪੰਜਾਬ ਦੇ ਡਾਇਰੈਕਟਰ ਵਰਿੰਦਰ ਕੁਮਾਰ ਨੇ ਦੱਸਿਆ ਕਿ ਇਸ ਸਬੰਧੀ ਸਾਬਕਾ ਮੰਤਰੀ ਖਿਲਾਫ ਵਿਜੀਲੈਂਸ ਬਿਊਰੋ ਦੇ ਏ.ਆਈ.ਜੀ. ਉਡਣ ਦਸਤਾ, ਪੰਜਾਬ, ਮਨਮੋਹਨ ਕੁਮਾਰ ਦੇ ਬਿਆਨਾਂ 'ਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 8 ਅਧੀਨ ਐਫ.ਆਈ.ਆਰ ਨੰਬਰ 19, ਮਿਤੀ 15-10-2022 ਨੂੰ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਗਿਆ ਹੈ।
ਉਸਨੇ ਅੱਗੇ ਦੱਸਿਆ ਕਿ ਏਆਈਜੀ ਮਨਮੋਹਨ ਕੁਮਾਰ ਨੇ ਬਿਊਰੋ ਨੂੰ ਸ਼ਿਕਾਇਤ ਕੀਤੀ ਹੈ ਕਿ ਅਰੋੜਾ ਨੇ 14 ਅਕਤੂਬਰ, 2022 ਨੂੰ ਉਨਾਂ ਨਾਲ ਮੁਲਾਕਾਤ ਕੀਤੀ ਅਤੇ ਉਸ ਵਿਰੁੱਧ ਚੱਲ ਰਹੀ ਵਿਜੀਲੈਂਸ ਜਾਂਚ ਵਿੱਚ ਮੱਦਦ ਕਰਨ ਲਈ ਉਸਨੂੰ ਇੱਕ ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਹੈ।