ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ 15 ਮਈ ਤੋਂ 15 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਕਰਨ ਦਾ ਫੈਸਲਾ ਕੀਤਾ ਹੈ।
ਸੂਬੇ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਯੂਨੀਵਰਸਿਟੀਆਂ ਅਤੇ ਕਾਲਜਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਚਾਲੂ ਸਮੈਸਟਰ, ਕਲਾਸ ਦਾ ਤਕਰੀਬਨ 80 ਫੀਸਦੀ ਸਿਲੇਬਸ ਪੂਰਾ ਹੋ ਚੁੱਕਿਆ ਹੈ ਅਤੇ ਰਹਿੰਦਾ ਸਿਲੇਬਸ ਪੂਰਾ ਕਰਨ ਲਈ ਅਧਿਆਪਕ ਵਿਦਿਆਰਥੀਆਂ ਦੀ ਹਰ ਸੰਭਵ ਤਰੀਕੇ ਨਾਲ ਮਦਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਤਾਲਾਬੰਦੀ ਤੋਂ ਬਾਹਰ ਆਉਣ ਲਈ ਬਣਾਈ ਗਈ ਲਖਨਪਾਲ ਕਮੇਟੀ ਅਤੇ ਯੂਨੀਵਰਸਿਟੀ ਗਰਾਂਟਸ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਯੂਨੀਵਰਸਿਟੀ ਅਤੇ ਕਾਲਜ ਵਿਦਿਆਰਥੀਆਂ ਦੇ ਇਮਤਿਹਾਨ 1 ਜੁਲਾਈ ਤੋਂ ਲਏ ਜਾ ਸਕਦੇ ਹਨ। ਇਨ੍ਹਾਂ ਦਿਸ਼ਾ ਨਿਰਦੇਸ਼ਾਂ ਉੱਤੇ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਨਾਲ ਹੋਈ ਮੀਟਿੰਗ ਵਿੱਚ ਵੀ ਸਹਿਮਤੀ ਸੀ ਕਿ ਅਗਲਾ ਅਕਾਦਮਿਕ ਸੈਸ਼ਨ ਸਤੰਬਰ ਵਿੱਚ ਸ਼ੁਰੂ ਕੀਤਾ ਜਾਵੇਗਾ।