ਚੰਡੀਗੜ੍ਹ :ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Cm Charanjit Channi) ਨੇ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਅੰਦੋਲਨ ਜਾਨਾਂ ਗੁਆਉਣ ਵਾਲੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਸਹੂਲਤ ਦੇਣ ਲਈ ਨਵਾਂ ਕਦਮ ਚੁੱਕਿਆ ਹੈ। ਮੁੱਖ ਮੰਤਰੀ ਨੇ ਸ਼ਹੀਦ ਕਿਸਾਨਾਂ (martyred farmers) ਦੇ ਪਰਿਵਾਰ ਨੂੰ ਸਰਕਾਰੀ ਸਹੂਲਤ ਦਿੰਦੇ ਹੋਏ ਉਨ੍ਹਾਂ ਦੇ ਵਾਰਸਾਂ ਨੂੰ ਨੌਕਰੀਆਂ ਦੇਣ ਦਾ ਐਲਾਨ ਕੀਤਾ ਹੈ।
ਦੱਸਣਯੋਗ ਹੈ ਕਿ ਬੀਤੇ ਦਿਨ ਮੁੱਖ ਮੰਤਰੀ ਨੇ ਕਿਸਾਨੀ ਮੁੱਦਿਆਂ ਨੂੰ ਮੱਦੇਨਜ਼ਰ ਰੱਖਦੇ ਹੋਏ ਨਵੀਂ ਬਣੀ ਕੈਬਿਨੇਟ ਨਾਲ ਮੀਟਿੰਗ ਕੀਤੀ ਸੀ। ਇਸ ਦੌਰਾਨ ਮੰਤਰੀ ਮੰਡਲ ਨੇ ਇੱਕ ਮਤਾ ਪਾਸ ਕਰਕੇ ਕਿਸਾਨਾਂ ਦੀਆਂ ਮੰਗਾ ਪ੍ਰਤੀ ਇੱਕਜੁਟਤਾ ਪ੍ਰਗਟਾਈ ਤੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਜਲਦ ਹੱਲ ਕੀਤੇ ਜਾਣ ਦੀ ਮੰਗ ਕੀਤੀ ਹੈ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰੀ ਸਰਕਾਰ ਉੱਤੇ ਨਿਸ਼ਾਨਾ ਸਾਧਦੇ ਹੋਏ, ਉਸ ਵੱਲੋਂ ਪਾਸੇ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਅਨਾਜ ਸੁਰੱਖਿਆ ਵਿਰੋਧ ਕਰਾਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਨੂੰਨ ਕਿਸਾਨਾਂ ਦੀ ਰੋਜ਼ੀ ਰੋਟੀ ਤੇ ਉਨ੍ਹਾਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਭ ਤੋਂ ਵੱਡਾ ਖ਼ਤਰਾ ਹੈ।
ਇਸ ਮੌਕੇ ਮੁੱਖ ਮੰਤਰੀ ਨੇ ਆਪਣੇ ਮੰਤਰੀ ਮੰਡਲ ਨਾਲ ਦ੍ਰਿੜ ਨਿਸ਼ਚੈ ਕਰਦੇ ਹੋਏ ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਦਾ ਸੰਕਲਪ ਲਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਬਿਨਾਂ ਦੇਰ ਕੀਤੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸੂਬੇ ਦੇ ਕਿਸਾਨਾਂ ਦੀ ਮੰਗ ਦੀ ਹਮਾਇਤ ਵਿਚ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਮਤਿਆਂ ਨੂੰ ਮਨਜ਼ੂਰ ਕਰ ਲੈਣਾ ਚਾਹੀਦਾ ਹੈ।
ਇਸ ਦੌਰਾਨ ਮੁੱਖ ਮੰਤਰੀ ਨੇ ਕਾਲੇ ਖੇਤੀ ਕਾਨੂੰਨਾਂ ਦੇ ਖਿਲਾਫ਼ ਚੱਲ ਰਹੇ ਸੰਘਰਸ਼ (farmer portest) ਦੌਰਾਨ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨਾਲ ਇੱਕਜੁਟਤਾ ਦਾ ਪ੍ਰਗਟਾਵਾ ਕੀਤਾ।ਮੁੱਖ ਮੰਤਰੀ ਨੇ ਇਨ੍ਹਾਂ ਦਾ ਭਰੋਸਾ ਜਿੱਤਣ ਦੀ ਲੋੜ ਉਤੇ ਜ਼ੋਰ ਦਿੱਤਾ, ਕਿਉਂਕਿ ਜੋ ਕਾਂਗਰਸ ਸਰਕਾਰ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੀਆਂ ਮੰਗਾਂ ਦੇ ਹੱਕ 'ਚ ਹਮੇਸ਼ਾ ਡਟ ਕੇ ਖੜ੍ਹੀ ਹੈ, ਜਦੋਂ ਤੋਂ ਭਾਰਤ ਸਰਕਾਰ ਨੇ ਇਹ ਕਿਸਾਨ ਵਿਰੋਧੀ ਕਾਨੂੰਨ ਉਨ੍ਹਾਂ ਉਪਰ ਥੋਪੇ ਹਨ। ਉਨ੍ਹਾਂ ਨੇ ਸਾਰੇ ਮੰਤਰੀਆਂ ਨੂੰ ਮ੍ਰਿਤਕ ਕਿਸਾਨਾਂ ਦੇ ਘਰਾਂ ਵਿਚ ਨਿੱਜੀ ਤੌਰ 'ਤੇ ਜਾ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਦੇਣ ਲਈ ਆਖਿਆ।
ਉਨ੍ਹਾਂ ਦੱਸਿਆ ਕਿ ਤਕਰੀਬਨ 155 ਅਜਿਹੇ ਨਿਯੁਕਤੀ ਪੱਤਰ ਤਿਆਰ ਹਨ ਅਤੇ ਇਨ੍ਹਾਂ ਨੂੰ ਇੱਕ ਹਫ਼ਤੇ ਦੇ ਅੰਦਰ-ਅੰਦਰ ਸੌਂਪਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਮੁੱਖ ਸਕੱਤਰ ਨੂੰ ਬਾਕੀ ਅਜਿਹੇ ਕੇਸਾਂ ਦੀ ਪੜਤਾਲ ਵੀ ਛੇਤੀ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ਆਖਿਆ। ਇਸ ਮਗਰੋਂ ਸਰਕਾਰ ਵੱਲੋਂ ਯੋਗ ਵਾਰਸਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਪ੍ਰਕਿਰਿਆ ਮੁਕੰਮਲ ਕੀਤੀ ਜਾ ਸਕੇ।
ਇਹ ਵੀ ਪੜ੍ਹੋ : ਪੰਜਾਬ ਦੇ ਨਵੇਂ ਏ.ਜੀ. ਬਣੇ ਏ.ਪੀ.ਐੱਸ. ਦਿਓਲ