ਚੰਡੀਗੜ੍ਹ: ਭਗਵੰਤ ਮਾਨ ਦੇ ਮੰਤਰੀ ਮੰਡਲ 'ਚ ਸ਼ਾਮਲ ਫੌਜਾ ਸਿੰਘ ਸਰਾਰੀ ਨੂੰ ਭਗਵੰਤ ਮਾਨ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕੋਈ ਢਿੱਲ ਦੇਣ ਦੇ ਮੂਡ 'ਚ ਨਹੀਂ ਹਨ। ਇਸ ਕਾਰਨ ਆਮ ਆਦਮੀ ਪਾਰਟੀ ਵੱਲੋਂ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤਾ ਗਿਆ ਹੈ। ਅੱਜ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਫੌਜਾ ਸਿੰਘ ਸਰਾਰੀ ਨੂੰ ਸਰਕਾਰ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਮਾਮਲੇ ਉੱਤੇ ਕਾਰਵਾਈ ਚੱਲ ਰਹੀ ਹੈ।
ਦੱਸ ਦਈਏ ਕਿ 11 ਸਤੰਬਰ ਨੂੰ ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਨੇ ਭਗਵੰਤ ਮਾਨ ਦੀ ਸਰਕਾਰ ਵਿੱਚ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਸੀ। ਉਨ੍ਹਾਂ ਨੇ ਇਹ ਮੰਗ ਫੌਜਾ ਸਿੰਘ ਸਰਾਰੀ ਦੇ OSD ਨਾਲ ਹੋਈ ਗੱਲਬਾਤ ਲੀਕ ਹੋਣ ਤੋਂ ਬਾਅਦ ਕੀਤੀ ਹੈ। ਇਸ ਗੱਲਬਾਤ 'ਚ ਉਹ ਉੱਚ ਅਧਿਕਾਰੀਆਂ ਨੂੰ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਫਸਾਉਣ ਅਤੇ ਉਨ੍ਹਾਂ ਤੋਂ ਪੈਸੇ ਵਸੂਲਣ ਦੀ ਗੱਲ ਕਰ ਰਹੇ ਹਨ।