ਚੰਡੀਗੜ੍ਹ:ਸ੍ਰੀ ਦਰਬਾਰ ਸਾਹਿਬ ਲਈ ਸੋਲਰ ਪਲਾਂਟ ਪ੍ਰੋਜੈਕਟ ਲਗਾਉਣ ਸਬੰਧੀ ਕਾਂਗਰਸ ਸਰਕਾਰ ਵੱਲੋਂ ਸੰਪੂਰਨ ਸਮਰਥਨ ਦਿੱਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਬਿਜਲੀ ਵਿਭਾਗ ਨੂੰ ਪਲਾਂਟ ਲਗਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪ੍ਰਵਾਨਗੀ ਦੇਣ ਅਤੇ ਇਸ ਨੂੰ ਜਲਦ ਮੁਕੰਮਲ ਕਰਨ ਲਈ ਪੁਰਜ਼ੋਰ ਕੰਮ ਕਰਨ ਦੇ ਨਿਰਦੇਸ਼ ਦਿੱਤੇ ਹਨ।ਮੁੱਖ ਮੰਤਰੀ ਸ੍ਰੀ ਦਰਬਾਰ ਸਾਹਿਬ ਨੂੰ ਬਿਜਲੀ ਸਪਲਾਈ ਕਰਨ ਵਾਲੇ ਸੋਲਰ ਪਲਾਂਟ ਪ੍ਰੋਜੈਕਟ ਲਈ ਸੂਬਾ ਸਰਕਾਰ ਤੋਂ ਮਨਜ਼ੂਰੀ ਨਾ ਮਿਲਣ ਬਾਰੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਬਿਆਨ ਦਾ ਜਵਾਬ ਦੇ ਰਹੇ ਸਨ।
ਇਸ ਸਬੰਧੀ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਹਫ਼ਤੇ ਦੇ ਸ਼ੁਰੂ ਵਿੱਚ ਹੋਈ ਇੱਕ ਮੀਟਿੰਗ ਦੌਰਾਨ ਬਿਜਲੀ ਵਿਭਾਗ ਨੇ ਪਹਿਲਾਂ ਹੀ ਇਸ ਪ੍ਰੋਜੈਕਟ ਨੂੰ ਪੂਰਾ ਸਮਰਥਨ ਦੇਣ ਦਾ ਵਾਅਦਾ ਕੀਤਾ ਸੀ। ਬੁਲਾਰੇ ਨੇ ਦੱਸਿਆ ਕਿ ਅਮਰੀਕਾ ਸਥਿਤ ਯੂਨਾਈਟਿਡ ਸਿੱਖ ਮਿਸ਼ਨ ਨੇ ਸ੍ਰੀ ਦਰਬਾਰ ਸਾਹਿਬ ਤੋਂ 10 ਕਿਲੋਮੀਟਰ ਦੀ ਦੂਰੀ 'ਤੇ 2 ਮੈਗਾਵਾਟ ਸਮਰੱਥਾ ਵਾਲਾ ਸੋਲਰ ਪਲਾਂਟ ਲਗਾਉਣ ਦੀ ਇਜਾਜ਼ਤ ਮੰਗੀ ਸੀ। ਜਿਸ ਬਾਰੇ ਸਰਕਾਰ ਨੂੰ ਕੋਈ ਇਤਰਾਜ਼ ਨਹੀਂ ਸੀ ਅਤੇ ਪਾਵਰਕਾਮ ਨੇ ਸਿਧਾਂਤਕ ਤੌਰ 'ਤੇ ਮਨਜ਼ੂਰੀ ਦੇ ਦਿੱਤੀ ਸੀ।