ਚੰਡੀਗੜ: ਆਮ ਆਦਮੀ ਪਾਰਟੀ ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਾਂਗਰਸ ਸਰਕਾਰ 'ਤੇ ਕਿਸਾਨਾਂ ਦੇ ਮਸਲੇ ਹੱਲ ਨਾ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਿਸਾਨ ਜਥੇਬੰਦੀਆਂ ਨਾਲ ਮੀਟਿੰਗਾਂ ਕਰਕੇ ਹੀ ਡੰਗ ਟਪਾ ਰਹੇ ਹਨ। ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਫ਼ੈਸਲੇ ਵੀ ਅਜੇ ਤੱਕ ਲਾਗੂ ਨਹੀਂ ਹੋਏ, ਜਦੋਂ ਕਿ ਸਰਕਾਰ ਦੇ ਗਿਣਵੇਂ ਦਿਨ ਬਾਕੀ ਰਹਿ ਗਏ ਹਨ। ਉਨਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੀ ਵਾਅਦਾ ਖ਼ਿਲਾਫ਼ੀ ਦਾ ਲੋਕ ਕਚਹਿਰੀ ਵਿੱਚ ਜਵਾਬ ਦੇਣਾ ਪਵੇਗਾ ਅਤੇ ਸੂਬੇ ਦੇ ਲੋਕ ਕਾਂਗਰਸ ਪਾਰਟੀ ਨੂੰ ਵਾਅਦਾ ਖ਼ਿਲਾਫ਼ੀ ਦੀ ਸਜ਼ਾ ਜ਼ਰੂਰ ਦੇਣਗੇ।
ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੀਆਂ 2017 ਵਿੱਚ ਹੋਈਆਂ ਚੋਣਾਂ ਵੇਲੇ ਕਾਂਗਰਸ ਪਾਰਟੀ ਨੇ ਕਿਸਾਨਾਂ ਦੇ ਸਾਰੇ ਤਰਾਂ ਦੇ ਕਰਜ਼ੇ ਮੁਆਫ਼ ਕਰਨ ਦਾ ਵਾਅਦਾ ਕੀਤਾ ਸੀ। ਕੇਵਲ ਵਾਅਦਾ ਹੀ ਨਹੀਂ ਕੀਤਾ, ਸਗੋਂ ਚੋਣ ਮਨੋਰਥ ਪੱਤਰ ਵਿੱਚ ਲਿਖ ਕੇ ਦਿੱਤਾ ਸੀ ਅਤੇ ਕਿਸਾਨਾਂ ਕੋਲੋਂ ਕਰਜ਼ ਮੁਆਫ਼ੀ ਦੇ ਫਾਰਮ ਵੀ ਭਰਵਾਏ ਗਏ ਸਨ। ਇਸ ਤੋਂ ਇਲਾਵਾ ਕਰਜ਼ੇ ਦੇ ਭਾਰ ਕਾਰਨ ਖ਼ੁਦਕੁਸ਼ੀਆਂ ਕਰ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਆਰਥਿਕ ਮਦਦ ਸਮੇਤ ਖੇਤੀ ਖੇਤਰ ਵਿੱਚ ਹੋਰ ਸਹੂਲਤਾਂ ਦੇਣ ਦੇ ਵੀ ਵਾਅਦੇ ਕੀਤੇ ਸਨ। ਸੰਧਵਾਂ ਨੇ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਨੇ ਪੰਜ ਸਾਲ ਬੀਤ ਜਾਣ 'ਤੇ ਵੀ ਨਾ ਤਾਂ ਕਿਸਾਨਾਂ ਦੇ ਸਾਰੇ ਤਰਾਂ ਦੇ ਕਰਜ਼ੇ ਮੁਆਫ਼ ਕੀਤੇ ਹਨ ਅਤੇ ਨਾ ਹੀ ਖ਼ੁਦਕੁਸ਼ੀਆਂ ਤੋਂ ਪੀੜਤ ਪਰਿਵਾਰਾਂ ਨੂੰ ਆਰਥਿਕ ਮਦਦ ਦਿੱਤੀ ਹੈ। ਹੋਰ ਤਾਂ ਹੋਰ ਕਿਸਾਨੀ ਸੰਘਰਸ਼ ਦੌਰਾਨ ਕਿਸਾਨਾਂ ਖ਼ਿਲਾਫ਼ ਪੰਜਾਬ ਪੁਲੀਸ ਵੱਲੋਂ ਦਰਜ ਕੀਤੇ ਕੇਸ ਵੀ ਵਿਚਾਰ ਅਧੀਨ ਪਏ ਹਨ।
ਇਹ ਵੀ ਪੜ੍ਹੋ :ਅਗਲੇ ਬੁੱਧਵਾਰ ਮੁੜ ਹੋਵੇਗੀ ਉਗਰਾਹਾਂ ਜਥੇਬੰਦੀ ਦੀ ਸੀਐੱਮ ਚੰਨੀ ਨਾਲ ਬੈਠਕ