ਚੰਡੀਗੜ੍ਹ: ਸੂਬੇ ਦੇ ਗ੍ਰਹਿ ਵਿਭਾਗ ਨੇ ਰੋਟੇਸ਼ਨ ਨਾਲ ਸਵੇਰੇ 7 ਵਜੇ ਤੋਂ ਸਵੇਰੇ 11 ਵਜੇ ਤੱਕ ਦੁਕਾਨਾਂ ਖੋਲ੍ਹਣ ਦੀ ਆਗਿਆ ਦੇਣ ਲਈ ਵਿਸਥਾਰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਇਲਾਕਿਆਂ ਵਿੱਚ ਢਿੱਲ ਦੇਣ ਦਾ ਐਲਾਨ ਕੀਤਾ ਸੀ ਜਿਨ੍ਹਾਂ ਨੂੰ ਰੈੱਡ ਜ਼ੋਨ ਮਾਰਕ ਨਹੀਂ ਕੀਤਾ ਗਿਆ ਹੈ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦੁਕਾਨਾਂ ਖੋਲ੍ਹਣ ਦੇ ਮੁੱਦੇ ਉੱਤੇ ਵਿਸਥਾਰ ਨਾਲ ਵਿਚਾਰ ਕੀਤੀ ਗਈ ਹੈ ਅਤੇ ਇਹ ਫ਼ੈਸਲਾ ਲਿਆ ਹੈ ਕਿ ਸਾਰੇ ਜ਼ਿਲ੍ਹੇ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦੁਕਾਨਾਂ ਖੋਲ੍ਹਣ ਦੀ ਆਗਿਆ ਦੇਣ, ਪਰ ਸਿਰਫ ਰੋਟੇਸ਼ਨਲ ਤਰੀਕੇ ਨਾਲ ਸਵੇਰੇ 7 ਵਜੇ ਤੋਂ ਸਵੇਰੇ 11 ਵਜੇ ਤੱਕ ਖੋਲ੍ਹ ਸਕਣਗੇ।
ਬੁਲਾਰੇ ਨੇ ਅੱਗੇ ਦੱਸਿਆ ਕਿ ਦੁਕਾਨਾਂ ਖੁੱਲ੍ਹਣ ਦੇ ਸਮੇਂ ਸਮਾਜਿਕ ਦੂਰੀਆਂ, ਸੈਨੇਟਾਈਜ਼ਰ ਅਤੇ ਮਾਸਕ ਦੀ ਵਰਤੋਂ ਆਦਿ ਵਰਗੇ ਕੋਵਿਡ-19 ਦੀ ਰੋਕਥਾਮ ਦੇ ਉਪਰਾਲਿਆਂ ਨੂੰ ਅਮਲ ਵਿੱਚ ਲਿਆਉਂਦਿਆਂ ਆਮ ਆਦਮੀ ਨੂੰ ਵਸਤਾਂ ਦੀ ਖ਼ਰੀਦ ਲਈ ਬਾਹਰ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ ਅਤੇ ਇਸ ਤੋਂ ਬਾਅਦ, ਨਾ ਸਿਰਫ ਕਰਫਿਊ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਣਾ ਚਾਹੀਦਾ ਹੈ, ਕਿਸੇ ਨੂੰ ਵੀ ਸਮਰੱਥ ਅਥਾਰਟੀ ਦੀ ਅਗਾਊਂ ਆਗਿਆ ਤੋਂ ਬਿਨਾਂ ਦੁਕਾਨਾਂ ਖੋਲ੍ਹਣ ਜਾਂ ਘੁੰਮਣ ਦੀ ਆਗਿਆ ਨਹੀਂ ਹੋਣੀ ਚਾਹੀਦੀ।