ਚੰਡੀਗੜ੍ਹ: ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਗੁਰਕੀਰਤ ਸਿੰਘ ਨੇ ਨਿਵੇਸ਼ਕਾਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਅਤੇ ਐਗਰੋ-ਪ੍ਰੋਸੈਸਿੰਗ(Agro-processing), ਫਾਰਮਾਸਿਊਟੀਕਲ, ਲੋਹਾ ਅਤੇ ਸਟੀਲ, ਸਿਹਤ, ਸਿੱਖਿਆ ਅਤੇ ਨਿਰਮਾਣ ਵਰਗੇ ਖੇਤਰਾਂ ਵਿੱਚ ਮੌਜੂਦਾ ਮੌਕਿਆਂ ਦਾ ਲਾਭ ਲੈਣ ਦੀ ਅਪੀਲ ਕੀਤੀ।
26 ਅਤੇ 27 ਨੂੰ ਸੰਮੇਲਨ
ਗੁਰਕੀਰਤ ਸਿੰਘ ਨੇ 26 ਅਤੇ 27 ਅਕਤੂਬਰ, 2021 ਨੂੰ ਹੋਣ ਵਾਲੇ ਚੌਥੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਲਈ ਸੱਦਾ ਦਿੰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਚੌਥਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਸੂਬੇ ਵਿੱਚ ਕਾਰੋਬਾਰ ਸਥਾਪਤ ਕਰਨ ਅਤੇ ਪ੍ਰਫੁੱਲਤ ਕਰਨ ਲਈ ਵਿਆਪਕ ਮੌਕਿਆਂ ਦੀ ਝਲਕ ਪੇਸ਼ ਕੀਤੀ ਜਵੇਗੀ। ਇਹ ਸੰਮੇਲਨ ਅਸਲ ਵਿੱਚ ਸਮੁੱਚੇ ਭਾਰਤ ਦੇ ਉਦਯੋਗਪਤੀਆਂ ਲਈ ਵਰਚੁਅਲ ਤੌਰ `ਤੇ ਆਯੋਜਿਤ ਕੀਤਾ ਜਾਵੇਗਾ ਅਤੇ 27 ਅਕਤੂਬਰ ਨੂੰ ਸੂਬੇ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ ਵਿਖੇ ਇੱਕ ਸਪੈਸ਼ਲ ਸਟੇਟ ਸੈਸ਼ਨ ਵੀ ਹੋਵੇਗਾ।
ਉਦਯੋਗ ਸੂਬੇ ਦੀ ਰੀੜ੍ਹ ਦੀ ਹੱਡੀ
ਉਦਯੋਗ ਤੇ ਵਣਜ ਮੰਤਰੀ ਆਗਾਮੀ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਇੱਥੇ ਉਦਯੋਗ ਭਵਨ ਵਿਖੇ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।ਉਦਯੋਗ ਮੰਤਰੀ ਗੁਰਕੀਰਤ ਸਿੰਘ ਨੇ ਉਦਯੋਗ ਨੂੰ ਹਰ ਸੂਬੇ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਕਿਹਾ ਕਿ ਨਿਵੇਸ਼ ਨੂੰ ਆਕਰਸ਼ਿਤ ਕਰਕੇ ਪੰਜਾਬ ਵਿੱਚ ਉਦਯੋਗ ਨੂੰ ਮਜ਼ਬੂਤ ਕਰਨ ਲਈ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਠੋਸ ਯਤਨ ਕੀਤੇ ਗਏ ਹਨ।