ਚੰਡੀਗੜ੍ਹ: ਕਿਸਾਨਾਂ ਦੇ ਸਮਰਥਨ ’ਚ ਕੁਝ ਪ੍ਰਦਰਸ਼ਨਕਾਰੀਆਂ ਵੱਲੋਂ ਸਿਆਸੀ ਨੇਤਾਵਾਂ ਅਤੇ ਵਰਕਰਾਂ ਦੇ ਘਰਾਂ ਵਿੱਚ ਜ਼ਬਰੀ ਦਾਖ਼ਲ ਹੋਣ ਦੀਆਂ ਕੋਸ਼ਿਸ਼ਾਂ ਸਬੰਧੀ ਮੁੱਖ ਮੰਤਰੀ ਨੇ ਗੰਭੀਰ ਨੋਟਿਸ ਲਿਆ। ਕੈਪਟਨ ਅਮਰਿੰਦਰ ਸਿੰਘ ਨੇ ਇਸ ਮੌਕੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਪੰਜਾਬੀਅਤ ਦੀ ਭਾਵਨਾ ਦੇ ਬਿਲਕੁਲ ਉਲਟ ਹਨ ਅਤੇ ਇਸ ਨੂੰ ਅਣਡਿੱਠ ਨਹੀਂ ਕੀਤਾ ਜਾ ਸਕਦਾ। ਅਜਿਹੇ ਵਤੀਰੇ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਮੁੱਖ ਮੰਤਰੀ ਨੇ ਪ੍ਰਦਰਸ਼ਨਕਾਰੀਆਂ ਨੂੰ ਇਸ ਕਿਸਮ ਦੀਆਂ ਕਾਰਵਾਈਆਂ ਨਾਲ ਕਿਸੇ ਵੀ ਪਾਰਟੀ ਦੇ ਸਿਆਸੀ ਅਹੁਦੇਦਾਰਾਂ ਦੇ ਪਰਿਵਾਰ ਨੂੰ ਤੰਗ-ਪ੍ਰੇਸ਼ਾਨ ਕਰਨ ਜਾਂ ਅਸੁਵਿਧਾ ਪੈਦਾ ਨਾ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਲੋਕਾਂ ਦੀ ਨਿੱਜਤਾ ਦੇ ਉਲੰਘਣ ਨਾਲ ਕਿਸਾਨਾਂ ਦੇ ਸ਼ਾਂਤਮਈ ਸੰਘਰਸ਼ ਦੇ ਵੱਕਾਰ ਨੂੰ ਸੱਟ ਵੱਜੇਗੀ ਅਤੇ ਇਸ ਅੰਦੋਲਨ ਦੇ ਮਕਸਦ ਨੂੰ ਵੀ ਢਾਹ ਲੱਗੇਗੀ। ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਕਿਸਾਨਾਂ ਦੇ ਹੱਕਾਂ ਲਈ ਲੜਾਈ ਦੌਰਾਨ ਕਾਨੂੰਨ ਨੂੰ ਹੱਥਾਂ ਵਿੱਚ ਨਾ ਲੈਣ ਲਈ ਆਖਿਆ।