ਚੰਡੀਗੜ੍ਹ: ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਭੱਖੀ ਹੋਈ ਹੈ। ਇੱਕ ਪਾਸੇ ਜਿੱਥੇ ਕਿਸਾਨਾਂ ਦਾ ਸੰਘਰਸ਼ ਜਾਰੀ ਹੈ, ਉੱਥੇ ਹੀ ਰਾਜਸੀ ਪਾਰਟੀਆਂ ਵੀ ਖੇਤੀ ਕਾਨੂੰਨਾਂ 'ਤੇ ਸਿਆਸਤ ਕਰਦੀਆਂ ਨਜ਼ਰ ਆ ਰਹੀਆਂ ਹਨ।
ਇਸ ਤਹਿਤ ਹੀ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਈਟੀਵੀ ਭਾਰਤ ਨਾਲ ਖ਼ਾਸ ਗੱਲਬਾਤ ਕੀਤੀ। ਇਸ ਮੌਕੇ ਜਦੋਂ ਰਾਵਤ ਨੂੰ ਪੁੱਛਿਆ ਗਿਆ ਕਿ ਪਹਿਲਾਂ ਜਿੱਥੇ ਸਾਰੀਆਂ ਪਾਰਟੀਆਂ ਖੇਤੀ ਕਾਨੂੰਨਾਂ ਨੂੰ ਲੈ ਕੇ ਇਕੱਤਰ ਹੋਈ ਸੀ, ਤਾਂ ਹੁਣ ਫਿਰ ਆਮ ਆਦਮੀ ਪਾਰਟੀ ਤੇ ਅਕਾਲੀ ਦਲ ਵੱਖ-ਵੱਖ ਹੋ ਗਏ ਹਨ ਤਾਂ ਉਨ੍ਹਾਂ ਕਿਹਾ ਕਿ ਕੱਲ੍ਹ ਪੰਜਾਬ ਦੀ ਸੇਵਾ ਕਰਨੀ ਸੀ, ਅੱਜ ਰਾਜਨੀਤੀ ਕਰਨੀ ਹੈ। ਹੁਣ ਉਨ੍ਹਾਂ ਨੂੰ ਸਿਆਸਤ ਕਰਨ ਤੋਂ ਕੋਈ ਨਹੀਂ ਰੋਕ ਸਕਦਾ। ਉਨ੍ਹਾਂ ਦਾ ਰਾਜਨੀਤੀ ਕਰਨ ਦਾ ਹੱਕ ਨਹੀਂ ਖੋਹ ਸਕਦੇ। ਅੱਜ ਉਹ ਕੈਪਟਨ ਦਾ ਵਿਰੋਧ ਕਰਕੇ ਆਪਣੀ ਸੋਚ ਦੇ ਖੋਖਲੇਪਨ ਨੂੰ ਜ਼ਾਹਿਰ ਕਰ ਰਹੇ ਹਨ।
ਉੱਥੇ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਟਵੀਟ 'ਤੇ ਰਿਟਵੀਟ ਬਾਰੇ ਸਵਾਲ ਪੁੱਛਿਆ ਤਾਂ ਰਾਵਤ ਨੇ ਕਿਹਾ ਕਿ ਜੇਕਰ ਕੇਜਰੀਵਾਲ ਵਿੱਚ ਆਪਣੇ ਸੂਬੇ ਲਈ ਲੜਾਈ ਲੜਨ ਦੀ ਹਿੰਮਤ ਹੈ ਤਾਂ ਲੜ ਲੈਣ, ਕੈਪਟਨ ਵਿੱਚ ਹਿੰਮਤ ਹੈ ਤਾਂ ਉਹ ਲੜ ਰਹੇ ਹਨ। ਉਨ੍ਹਾਂ ਨੂੰ ਕੈਪਟਨ ਤੋਂ ਸਿੱਖਣ ਦੀ ਲੋੜ ਹੈ। ਇਸ ਤੋਂ ਬਾਅਦ ਉਹ ਕੈਪਟਨ ਦੇ ਟਵੀਟ 'ਤੇ ਰੀਟਵੀਟ ਕਰਨ। ਇਸ ਤੋਂ ਇਲਾਵਾ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਦੇ ਜਨਮਦਿਨ 'ਤੇ ਕੇਕ ਕੱਟਣ ਸਬੰਧੀ ਕਿਹਾ ਕਿ ਉਨ੍ਹਾਂ ਨੇ ਆਪਣੇ ਛੋਟੇ ਭਰਾ ਦਾ ਕੇਕ ਕੱਟਿਆ ਹੈ।
ਇੱਥੇ ਤੁਹਾਨੂੰ ਦੱਸ ਦਈਏ, ਕਿ ਪਿਛਲੇ ਦਿਨੀਂ ਕੈਪਟਨ ਨੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ 'ਤੇ ਖੇਤੀ ਕਾਨੂੰਨਾਂ ਦੇ ਵਿਰੋਧ ਸਬੰਧੀ ਮਤਾ ਪਾਸ ਕੀਤਾ ਸੀ। ਇਸ ਤੋਂ ਬਾਅਦ ਕੇਜਰੀਵਾਲ ਨੇ ਰੀ-ਟਵੀਟ ਕਰਦਿਆਂ ਕਿਹਾ ਕਿ ਕੋਈ ਵੀ ਸੂਬੇ ਦੀ ਸਰਕਾਰ ਕੇਂਦਰ ਦੇ ਕਾਨੂੰਨਾਂ ਨੂੰ ਰੱਦ ਕਰ ਸਕਦੀ ਹੈ।