ਚੰਡੀਗੜ੍ਹ:ਸ੍ਰੀ ਅੰਮ੍ਰਿਤਸਰ ਦੇ ਪਵਿੱਤਰ ਦਰਬਾਰ ਸਾਹਿਬ ਵਿੱਚ ਹੋਈ ਬੇਅਦਬੀ ਦੀ ਘਟਨਾ ਅਤੇ ਉਸ ਤੋਂ ਬਾਅਦ ਰਾਜ ਵਿੱਚ ਪੈਦਾ ਹੋਏ ਹਿੰਸਕ ਮਾਹੌਲ ਨੂੰ ਆਮ ਆਦਮੀ ਪਾਰਟੀ (ਆਪ) ਨੇ ਵੱਡੀ ਰਾਜਨੀਤਿਕ ਸਾਜ਼ਿਸ਼ ਕਰਾਰ ਦਿੱਤਾ ਹੈ। ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਮੀਡੀਆ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬੀ ਭਾਈਚਾਰਾ ਖ਼ਰਾਬ ਕਰਨ ਲਈ ਰਵਾਇਤੀ ਰਾਜਨੀਤਿਕ ਪਾਰਟੀਆਂ 2015 ਤੋਂ ਹੀ ਧਾਰਮਿਕ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਰਹੀਆਂ ਹਨ।
ਦਰਬਾਰ ਸਾਹਿਬ ਦੀ ਬੇਅਦਬੀ ਦੇ ਆਰੋਪੀਆਂ ’ਤੇ ਕਾਰਵਾਈ ਕਰਨ ਦੇ ਕਾਂਗਰਸ ਸਰਕਾਰ ਦੇ ਦਾਅਵੇ ’ਤੇ ਸਵਾਲ ਚੁੱਕਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ, ‘‘ਚੰਨੀ ਸਰਕਾਰ ਨੇ ਸਾਰੇ ਆਰੋਪੀਆਂ ਅਤੇ ਸਾਜਿਸ਼ਕਾਰਾਂ ਨੂੰ 2 ਦਿਨਾਂ ਵਿੱਚ ਫੜਨ ਦਾ ਦਾਅਵਾ ਕੀਤਾ ਸੀ। ਅੱਜ 4 ਦਿਨ ਤੋਂ ਜ਼ਿਆਦਾ ਹੋ ਗਏ ਹਨ। ਪਰ ਸਾਜਿਸ਼ਕਾਰਾਂ ਨੂੰ ਫੜਨਾ ਤਾਂ ਦੂਰ ਦੀ ਗੱਲ, ਕਾਂਗਰਸ ਸਰਕਾਰ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਦੀ ਪਛਾਣ ਵੀ ਨਹੀਂ ਕਰ ਸਕੀ। ਉਨ੍ਹਾਂ ਆਰੋਪ ਲਾਇਆ ਕਿ ਕਾਂਗਰਸ ਸਰਕਾਰ ਚੋਣਵੀਂ ਫ਼ਾਇਦੇ ਦੇ ਮਕਸਦ ਨਾਲ ਮਾਮਲੇ ਨੂੰ ਪੇਚੀਦਾ ਬਣਾਉਣ ਲਈ ਜਾਂਚ- ਪੜਤਾਲ ਵਿੱਚ ਦੇਰੀ ਕਰ ਰਹੀ ਹੈ।
ਸੱਤਾਧਾਰੀ ਕਾਂਗਰਸ ਸਰਕਾਰ ਦੀ ਨੀਅਤ ’ਤੇ ਸਵਾਲ ਕਰਦਿਆਂ ਚੀਮਾ ਨੇ ਕਿਹਾ, ‘‘2015 ਵਿੱਚ ਹੋਈ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਇਨਸਾਫ਼ ਦਿਵਾਉਣ ਦਾ ਵਾਅਦਾ ਕਰਕੇ ਕਾਂਗਰਸ 2017 ’ਚ ਸੱਤਾ ’ਤੇ ਕਾਬਜ਼ ਹੋਈ ਸੀ। ਪਰ ਅੱਜ ਤੱਕ ਕਾਂਗਰਸ ਸਰਕਾਰ ਨੇ ਇਨ੍ਹਾਂ ਮਾਮਲਿਆਂ ਵਿੱਚ ਦੋਸ਼ੀਆਂ ’ਤੇ ਕੋਈ ਕਾਰਵਾਈ ਨਹੀਂ ਕੀਤੀ।’’ ਚੀਮਾ ਨੇ ਸਵਾਲ ਕੀਤਾ ਕਿ ਜੇ ਸੱਚਮੁੱਚ ਕਾਂਗਰਸ ਦੀ ਨੀਅਤ ਇਨਸਾਫ਼ ਦਿਵਾਉਣ ਦੀ ਹੁੰਦੀ ਤਾਂ ਇਨ੍ਹਾਂ ਕੇਸਾਂ ਨਾਲ ਸੰਬੰਧਿਤ 2018 ਦੀ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ’ਤੇ ਕਾਂਗਰਸ ਸਰਕਾਰ ਨੇ ਅੱਜ ਤੱਕ ਕੋਈ ਕਾਰਵਾਈ ਕਿਉਂ ਨਹੀਂ ਕੀਤੀ? ਕਾਂਗਰਸ ਸਰਕਾਰ ਵੱਲੋਂ ਬਾਰ- ਬਾਰ ਨਵੀਂ ਜਾਂਚ ਕਮੇਟੀ ਬਣਾਉਣ ਤੋਂ ਬਾਅਦ ਵੀ ਹੁਣ ਤੱਕ ਨਾ ਦੋਸ਼ੀਆਂ ਨੂੰ ਸਜ਼ਾ ਮਿਲੀ ਅਤੇ ਨਾ ਹੀ ਸੰਗਤ ਨੂੰ ਇਨਸਾਫ਼ ਮਿਲਿਆ।