ਚੰਡੀਗੜ੍ਹ\ਦਿੱਲੀ: ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਨੌਜਵਾਨਾਂ ਵਿਚ ਕੱਟੜਤਾ ਫੈਲਣ ਤੋਂ ਰੋਕਣ ਲਈ ਦਰੁੱਸਤੀ ਭਰੇ ਕਦਮ ਚੁੱਕਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਸਰਹੱਦੀ ਸੂਬੇ ਪੰਜਾਬ ਵਿੱਚ ਪਹਿਲਾਂ ਕਈ ਵਾਰ ਫਿਰਕੂ ਝੜਪਾਂ ਹੋਈਆਂ ਹਨ ਜਿਸ ਕਾਰਨ ਹਾਲ ਵਿਗੜੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿੱਧੂ ਮੂਸੇਵਾਲਾ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਹੋਰ ਵੀ ਅਜਿਹੀਆਂ ਕਈ ਘਟਨਾਵਾਂ ਪੰਜਾਬ ਵਿੱਚ ਵਾਪਰ ਚੁੱਕੀਆਂ ਹਨ ਜਿਸ ਕਾਰਨ ਲੋਕਾਂ ਵਿੱਚ ਸਹਿਮ ਦਾ ਮਾਹੌਲ ਪੈਦਾ ਹੋ ਰਿਹਾ ਹੈ।
ਸੰਸਦ ਵਿਚ ਸਰਬ ਪਾਰਟੀ ਮੀਟਿੰਗ ਵਿਚ ਬੋਲਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਹ ਬਹੁਤ ਡੂੰਘੀ ਚਿੰਤਾ ਦੀ ਗੱਲ ਹੈ ਕਿ ਸੂਬੇ ਵਿਚ ਅੱਤਵਾਦ ਵੇਲੇ ਜਾਂ 1984 ਵਿਚ ਦਿੱਲੀ ਵਿੱਚ ਸਿੱਖ ਨਸਲਕੁਸ਼ੀ ਵੇਲੇ ਵੀ ਪੰਜਾਬ ਵਿੱਚ ਫਿਰਕੂ ਝੜਪਾਂ ਨਹੀਂ ਹੋਈਆਂ ਸਨ ਜੋ ਹੁਣ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁਹਾਲੀ ਵਿਚ ਸੂਬੇ ਦੇ ਖੁਫੀਆ ਹੈਡਕੁਆਰਟਰ ਨੂੰ ਰਾਕਟ ਲਾਂਚਰ ਨਾਲ ਅਤਿਵਾਦੀ ਹਮਲੇ ਦਾ ਸ਼ਿਕਾਰ ਬਣਾਇਆ ਗਿਆ ਤੇ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦਾ ਏ ਕੇ 74 ਨਾਲ ਕਤਲ ਕਰ ਦਿੱਤਾ ਜਿਸ ਕਾਰਨ ਲੋਕਾਂ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਰਹੀ।