ਚੰਡੀਗੜ੍ਹ:ਖੇਤੀ ਕਾਨੂੰਨਾਂ (Agricultural Laws) ਦੇ ਮਸਲੇ ਨੂੰ ਲੈਕੇ ਲਗਾਤਾਰ ਪੰਜਾਬ ਵਿੱਚ ਸਿਆਸਤ ਭਖਦੀ ਜਾ ਰਹੀ ਹੈ। ਪਿਛਲੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਵੱਲੋਂ ਖੇਤੀ ਕਾਨੂੰਨਾਂ ਨੂੰ ਲੈਕੇ ਦਿੱਤੇ ਬਿਆਨ ਤੋਂ ਬਾਅਦ ਵਿਰੋਧੀ ਪਾਰਟੀਆਂ ਦੇ ਵੱਲੋਂ ਉਨ੍ਹਾਂ ‘ਤੇ ਨਿਸ਼ਾਨੇ ਸਾਧੇ ਜਾ ਰਹੇ ਹਨ।
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ (Capt. Amarinder Singh) ‘ਤੇ ਵਰ੍ਹਦਿਆਂ ਕਿਹਾ ਕਿ ਉਹ ਮੋਦੀ ਦੀ ਬੋਲੀ ਬੋਲ ਰਹੇ ਹਨ ਤੇ ਇਸਦੇ ਚੱਲਦੇ ਹੀ ਉਨ੍ਹਾਂ ਇਹ ਕਿਹਾ ਹੈ ਕਿ ਕਿਸਾਨ ਪੰਜਾਬ ਦੀ ਅਰਥ ਵਿਵਸਥਾ ਨੂੰ ਖਰਾਬ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਪੰਜਾਬ ਦੀ ਅਰਥ ਵਿਵਸਥਾ ਠੀਕ ਰੱਖਣ ਦੀ ਜ਼ਿੰਮੇਵਾਰੀ ਸਰਕਾਰ ਦੀ ਸੀ ਪਰ ਸਰਕਾਰ ਵੱਲੋਂ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕਰਕੇ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ।
ਹਰਸਿਮਰਤ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਇੱਕ ਵਾਰ ਵੀ ਦਿੱਲੀ ਜਾ ਕੇ ਕਿਸਾਨਾਂ ਦੀ ਗੱਲ ਨਹੀਂ ਸੁਣੀ ਗਈ ਤੇ ਅੱਜ ਉਹ ਕਿਸਾਨਾਂ ਨੂੰ ਪੰਜਾਬ ਛੱਡ ਦਿੱਲੀ ਵਿਖੇ ਅੰਦੋਲਨ ਕਰਨ ਲਈ ਕਹਿ ਰਹੇ ਹਨ। ਉਨ੍ਹਾਂ ਕੈਪਟਨ ‘ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਉਨ੍ਹਾਂ ਇੱਕ ਵਾਰੀ ਵੀ ਕਿਸਾਨੀ ਮਸਲੇ ਨੂੰ ਲੈਕੇ ਸਰਕਾਰ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਨਹੀਂ ਕੀਤੀ ਅਤੇ ਉਨ੍ਹਾਂ ਕਿਸਾਨਾਂ ਨੂੰ ਦਿੱਲੀ ਦੀਆਂ ਸੜਕਾਂ ਉੱਪਰ ਇਕੱਲਿਆਂ ਲੜਨ ਲਈ ਛੱਡ ਦਿੱਤਾ।