ਚੰਡੀਗੜ੍ਹ: ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ 5-5 ਰੁਪਏ ਲੀਟਰ ਘਟਾ ਕੇ ਆਮ ਆਦਮੀ ਨੂੰ ਲੋੜੀਂਦੀ ਰਾਹਤ ਦੇਵੇ। ਉਨ੍ਹਾਂ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਣ ਕਾਰਨ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਬਹੁਤ ਵੱਧ ਗਈਆਂ ਹਨ ਅਤੇ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਤੁਰੰਤ ਘਟਾਈਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਮਹਿੰਗਾਈ ਨੂੰ ਨੱਥ ਪਾਈ ਜਾ ਸਕੇ।
ਪੰਜਾਬ ਸਰਕਾਰ ਨੂੰ ਆਪਣੇ ਹਿੱਸੇ ਦਾ ਵੈਟ ਘਟਾਓਣ ਦੀ ਅਪੀਲ
ਉਨ੍ਹਾਂ ਕਾਂਗਰਸ ਸਰਕਾਰ ਨੂੰ ਸਲਾਹ ਦਿੱਤੀ ਕਿ ਉਹ ਪਹਿਲ ਕਰਦਿਆਂ ਆਪਣੇ ਹਿੱਸੇ ਦਾ ਵੈਟ ਪੈਟਰੋਲ ਅਤੇ ਡੀਜ਼ਲ ਦੋਵਾਂ ’ਤੇ 5-5 ਰੁਪਏ ਪ੍ਰਤੀ ਲੀਟਰ ਘਟਾਓਣ। ਉਨ੍ਹਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਅਜਿਹਾ ਕਰਨ ਦੀ ਥਾਂ ਪੰਜਾਬ ਕਾਂਗਰਸ ਨੇ ਕੇਂਦਰ ਤੋਂ ਪੈਟੋਲੀਅਮ ਪਦਾਰਥਾਂ ਦੀਆਂ ਘਟਾਉਣ ਦੀ ਮੰਗ ਕਰਦਿਆਂ 1 ਮਾਰਚ ਨੂੰ ਰੋਸ ਪ੍ਰਦਰਸ਼ਨ ਰੱਖ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਸਰਕਾਰ ਸਚਮੁੱਚ ਲੋਕਾਂ ਦੀ ਭਲਾਈ ਪ੍ਰਤੀ ਚਿੰਤਤ ਹੈ ਤਾਂ ਫਿਰ ਸਰਕਾਰ ਨੂੰ ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ’ਤੇ ਵੈਟ ਘਟਾ ਕੇ ਕੀਮਤਾਂ ਵਿੱਚ ਕਟੌਤੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਕਾਂਗਰਸ ਪਾਰਟੀ ਜਾਅਲੀ ਰੋਸ ਪ੍ਰਦਰਸ਼ਨਾਂ ਨਾਲ ਲੋਕਾਂ ਨੁੰ ਮੂਰਖ ਬਣਾਉਣ ਦਾ ਯਤਨ ਕਰ ਰਹੀ ਹੈ।
ਨੌਜਵਾਨਾਂ ਨੂੰ ਮਿਲੇ ਬੇਰੁਜ਼ਗਾਰੀ ਭੱਤਾ
ਹਰਸਿਮਰਤ ਬਾਦਲ ਨੇ ਕੈਪਟਨ ਨੂੰ ਘੇਰਦਿਆਂ ਕਿਹਾ ਕਿ ਕਿਸਾਨਾਂ ਲਈ ਪੂਰਨ ਕਰਜ਼ਾ ਮੁਆਫੀ ਤੋਂ ਇਲਾਵਾ ਸਰਕਾਰ ਨੂੰ ਆਪਣੇ ਵਾਅਦੇ ਮੁਤਾਬਕ ਬੇਰੋਜ਼ਗਾਰੀ ਭੱਤਾ 2 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰਨਾ ਚਾਹੀਦਾ ਹੈ ਅਤੇ ਸ਼ਗਨ ਸਕੀਮ ਦੀ ਰਾਸ਼ੀ 51 ਹਜ਼ਾਰ ਰੁਪਏ ਕਰਨੀ ਚਾਹੀਦੀ ਹੈ ਅਤੇ ਬੁਢਾਪਾ ਪੈਨਸ਼ਨ ਤੇ ਵਿਧਵਾ ਪੈਨਸ਼ਨ ਵਿੱਚ ਵਾਧਾ ਕਰਨ ਦੇ ਨਾਲ ਨਾਲ ਨੌਜਵਾਨਾਂ ਕੀਤੇ ਵਾਅਦੇ ਮੁਤਾਬਕ ਉਨ੍ਹਾਂ ਨੂੰ ਨੌਕਰੀਆਂ ਦੇਣੀਆਂ ਚਾਹੀਦੀਆਂ ਹਨ। ਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਇਹ ਸਪਸ਼ਟ ਹੋ ਜਾਵੇਗਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਕਦੇ ਵੀ ਪੂਰੇ ਕਰਨ ਪ੍ਰਤੀ ਗੰਭੀਰ ਨਹੀਂ ਸਨ।