ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪੰਜਾਬ ਦੀ ਲੱਖਾਂ ਕਿਸਾਨ ਦਿੱਲੀ ਵਿੱਚ ਧਰਨਾ ਦੇ ਰਹੇ ਹਨ। ਕਿਸਾਨਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਖ਼ਤਮ ਕਰੇ, ਜੋ ਕਿ ਦੇਸ਼ ਦੇ ਕਿਸਾਨਾਂ ਨੂੰ ਬਰਬਾਦ ਕਰ ਦੇਣਗੇ।
ਉਥੇ ਹੀ ਹੁਣ ਆਪਣੇ ਹੱਕਾਂ ਦੇ ਲਈ ਲੜ ਰਹੇ ਕਿਸਾਨਾਂ ਦੇ ਹੱਕ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਵਕੀਲ ਵੀ ਨਿੱਤਰ ਆਏ ਹਨ। ਵਕੀਲਾਂ ਦਾ ਕਹਿਣਾ ਹੈ ਕਿ ਉਹ ਵੀ ਕਿਸਾਨਾਂ ਦਾ ਸਾਥ ਦੇਣ ਦੇ ਲਈ ਦਿੱਲੀ ਵੱਲ ਕੂਚ ਕਰ ਰਹੇ ਹਨ।
ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਵਕੀਲਾਂ ਨੇ ਕਿਹਾ ਜਿਹੜੇ ਕਿਸਾਨਾਂ ਨੂੰ ਹਰਿਆਣਾ ਸਰਕਾਰ ਵੱਲੋਂ ਹਿਰਾਸਤ ਵਿੱਚ ਲਿਆ ਗਿਆ ਹੈ, ਉਹ ਉਨ੍ਹਾਂ ਦਾ ਮੁਫ਼ਤ ਵਿੱਚ ਕੇਸ ਲੜਣਗੇ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਨੂੰ ਹਰ ਤਰ੍ਹਾਂ ਦੀ ਕਾਨੂੰਨੀ ਸੇਵਾ ਦੇਣ ਦੇ ਲਈ ਤਿਆਰ ਹਨ।
ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਵਕੀਲ। ਵਕੀਲਾਂ ਦਾ ਵੀ ਕਹਿਣਾ ਹੈ ਕਿ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਜਲਦ ਤੋਂ ਜਲਦ ਵਾਪਸ ਲਿਆ ਜਾਵੇ, ਕਿਉਂਕਿ ਇਹ ਕਿਸਾਨਾਂ ਦੇ ਨਾਲ-ਨਾਲ ਆਮ ਜਨਤਾ ਦੇ ਵੀ ਖ਼ਿਲਾਫ਼ ਹਨ।
ਵਕੀਲ ਕਨੂੰ ਸ਼ਰਮਾ ਨੇ ਦੱਸਿਆ ਕਿ ਹਾਲੇ ਤੱਕ ਇਨ੍ਹਾਂ ਕਾਨੂੰਨਾਂ ਦੇ ਕੀ ਗ਼ਲਤ ਪ੍ਰਭਾਵ ਪੈ ਸਕਦੇ ਹਨ, ਇਸ ਬਾਰੇ ਲੋਕਾਂ ਨੂੰ ਜਾਣਕਾਰੀ ਨਹੀਂ ਹੈ। ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਦੇ ਨਾਲ-ਨਾਲ ਆਮ ਲੋਕਾਂ ਦੀ ਜ਼ਿੰਦਗੀ ਉੱਤੇ ਵੀ ਕਾਫ਼ੀ ਬੁਰਾ ਅਸਰ ਪਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਕਿਸਾਨ ਧਰਨੇ ਦੇ ਰਹੇ ਹਨ, ਪਰ ਕਿਸੇ ਨੇ ਵੀ ਹਾਲੇ ਤਕ ਕਿਸਾਨਾਂ ਦੀ ਸੁੱਧ ਨਹੀਂ ਲਈ।