ਪੰਜਾਬ

punjab

By

Published : May 2, 2020, 7:58 PM IST

ETV Bharat / city

15 ਮਈ ਤੱਕ ਰੋਜ਼ਾਨਾ 6 ਹਜ਼ਾਰ ਟੈੱਸਟ ਕਰੇ ਸਿਹਤ ਵਿਭਾਗ: ਕੈਪਟਨ ਅਮਰਿੰਦਰ ਸਿੰਘ

ਪੰਜਾਬ 'ਚ ਲਗਾਤਾਰ ਕੋਰੋਨਾ ਪੌਜ਼ੀਟਿਵ ਕੇਸਾਂ ਦਾ ਅੰਕੜਾ ਵਧ ਰਿਹਾ ਹੈ। ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀਡੀਓ ਕਾਨਫਰੰਸ ਰਾਹੀਂ ਕੈਬਿਨੇਟ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ 15 ਮਈ ਤੱਕ ਰੋਜ਼ਾਨਾ 6 ਹਜ਼ਾਰ ਟੈਸਟ ਕਰਨ ਦਾ ਟੀਚਾ ਦਿੱਤਾ ਹੈ।

ਪੰਜਾਬ ਕੈਬਿਨੇਟ ਦੀ ਮੀਟਿੰਗ
ਪੰਜਾਬ ਕੈਬਿਨੇਟ ਦੀ ਮੀਟਿੰਗ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਿਹਤ ਵਿਭਾਗ ਨੂੰ ਸੂਬੇ ਵਿੱਚ 15 ਮਈ ਤੱਕ ਰੋਜ਼ਾਨਾ 6000 ਆਰ.ਟੀ.-ਪੀ.ਸੀ.ਆਰ ਕੋਵਿਡ ਟੈਸਟਿੰਗ ਕਰਨ ਲਈ ਆਖਿਆ ਹੈ। ਜਦੋਂਕਿ ਵਿਭਾਗ ਨੇ ਮਈ ਦੇ ਅਖੀਰ ਤੱਕ ਰੋਜ਼ਾਨਾ 5800 ਟੈਸਟਾਂ ਦਾ ਟੀਚਾ ਮਿੱਥਿਆ ਸੀ।

ਸੂਬੇ 'ਚ ਘਰ ਵਾਪਸੀ ਕਰਨ ਵਾਲੇ ਪੰਜਾਬੀਆਂ ਦੇ ਬਾਹਰੀ ਸੂਬਿਆਂ 'ਚ ਹੋਏ ਟੈਸਟਾਂ ਨੂੰ ਹੀ ਆਧਾਰ ਮੰਨ ਲੈਣ ਦੀ ਬਜਾਏ ਆਪਣੇ ਪੱਧਰ 'ਤੇ ਟੈਸਟ ਕਰਨ ਦੀ ਹਦਾਇਤ ਜਾਰੀ ਕੀਤੀ ਹੈ। ਹੋਰਨਾਂ ਸੂਬਿਆਂ ਤੋਂ ਮੁੜ ਪੰਜਾਬ ਪਰਤਨ ਵਾਲੇ ਲੋਕਾਂ 'ਚ ਵੱਡੀ ਗਿਣਤੀ 'ਚ ਕੋਰੋਨਾ ਪੌਜ਼ੀਟਿਵ ਦੇ ਮਾਮਲੇ ਪਾਏ ਜਾਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਸੱਪਸ਼ਟ ਕੀਤਾ ਕਿ ਪੰਜਾਬ ਪਰਤਣ ਵਾਲੇ ਸਾਰੇ ਲੋਕਾਂ ਦੇ ਮੁੜ ਟੈਸਟ ਕੀਤੇ ਜਾਣ ਲਾਜ਼ਮੀ ਹਨ, ਇਸ ਦੇ ਲਈ ਸਬੰਧਤ ਸੂਬਿਆਂ ਵਿੱਚ ਹੋਏ ਟੈਸਟਾਂ ਉੱਤੇ ਭਰੋਸਾ ਨਹੀਂ ਕੀਤਾ ਜਾ ਸਕਦਾ। ਗੁਰਦੁਆਰਾ ਨਾਂਦੇੜ ਸਾਹਿਬ ਵਿਖੇ ਵੀ ਕੁਝ ਸੇਵਾਦਾਰਾਂ ਦੇ ਟੈਸਟ ਪਾਜ਼ੇਟਿਵ ਆਉਣ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਦਾ ਦਾਅਵਾ ਕਿ ਨਾਂਦੇੜ 'ਚ ਕੋਈ ਵੀ ਕੇਸ ਪਾਜ਼ੇਟਿਵ ਨਹੀਂ ਸੀ ਅਤੇ ਸ਼ਰਧਾਲੂ ਵਾਪਸੀ ਵੇਲੇ ਜਾਂ ਪੰਜਾਬ ਪਹੁੰਚਣ 'ਤੇ ਇਸ ਰੋਗ ਦੇ ਸ਼ਿਕਾਰ ਹੋ ਗਏ, ਨਿਰਮੂਲ ਸਾਬਤ ਹੋਇਆ ਹੈ। ਉਨ੍ਹਾਂ ਇਕ ਵਾਰ ਮੁੜ ਵਿਰੋਧੀ ਧਿਰਾਂ ਨੂੰ ਅਜਿਹੇ ਗੰਭੀਰ ਮਸਲੇ 'ਤੇ ਘਟੀਆ ਸਿਆਸਤ ਬੰਦ ਕਰਨ ਲਈ ਆਖਿਆ।

ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਵਿਰੁੱਧ ਸੂਬੇ ਦੀ ਲੜਾਈ ਦਾ ਇਹ ਮਹੱਤਵਪੂਰਨ ਸਮਾਂ ਹੈ। ਸੂਬਾ ਸਰਕਾਰ ਦੀ ਕੋਰੋਨਾ ਵਿਰੁੱਧ ਜੰਗ ਹੋਰ ਤੇਜ਼ ਕਰਨ ਲਈ ਕਈ ਲੜੀਵਾਰ ਫੈਸਲੇ ਲਏ ਗਏ। ਸਿਹਤ ਵਿਭਾਗ ਨੂੰ ਟੈਸਟਿੰਗ ਦੀ ਸਮਰੱਥਾ ਵਧਾਉਣ ਲਈ ਅਗਾਊਂ ਯੋਜਨਾ ਤਿਆਰ ਕਰਨ ਦੇ ਹੁਕਮ ਦਿੰਦਿਆਂ ਮੁੱਖ ਮੰਤਰੀ ਨੇ ਭਿਆਨਕ ਸਥਿਤੀ ਲਈ ਤਿਆਰ ਰਹਿਣ ਦੀ ਲੋੜ 'ਤੇ ਜ਼ੋਰ ਦਿੱਤਾ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਮੁੱਖ ਸਕੱਤਰ ਨੂੰ ਕਹਿ ਦਿੱਤਾ ਸੀ ਕਿ ਉਹ ਟੈਸਟਾਂ ਦੀ ਸਮਰੱਥਾ 20000 ਪ੍ਰਤੀ ਦਿਨ ਤੱਕ ਵਧਾਉਣ ਲਈ ਕੇਂਦਰ ਸਰਕਾਰ ਨਾਲ ਤਾਲਮੇਲ ਕਰਨ ਤਾਂ ਜੋ ਪ੍ਰਵਾਸੀਆਂ ਦੀ ਆਮਦ ਵਾਲੀ ਸਥਿਤੀ ਨਾਲ ਨਜਿੱਠਿਆ ਜਾ ਸਕੇ। ਭਾਰਤ ਸਰਕਾਰ ਦੇ ਨਵੇਂ ਦਿਸ਼ਾਂ ਨਿਰਦੇਸ਼ਾਂ ਨੂੰ ਦੇਖਦਿਆਂ ਵੀ ਆਉਣ ਵਾਲੇ ਕੁਝ ਹਫਤਿਆਂ ਵਿੱਚ ਦੂਜੇ ਸੂਬਿਆਂ ਤੋਂ ਵੱਡੀ ਗਿਣਤੀ 'ਚ ਲੋਕਾਂ ਦੇ ਪੰਜਾਬ ਪਰਤਣ ਦੀ ਉਮੀਦ ਹੈ। ਮੁੱਖ ਸਕੱਤਰ ਨੇ ਦੱਸਿਆ ਕਿ ਰੈਪਿਡ ਟੈਸਟਿੰਗ ਦੌਰਾਨ 2 ਲੱਖ ਤੱਕ ਵਾਧਾ ਕਰਨ ਦੀ ਲੋੜ ਹੋਵੇਗੀ। ਮੁੱਖ ਮੰਤਰੀ ਵੱਲੋਂ ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਟ ਦੇ ਉਪ ਕੁਲਪਤੀ ਨੂੰ ਜਲੰਧਰ 'ਚ ਵੀ ਟੈਸਟ ਦੀ ਵਿਵਸਥਾ ਸਥਾਪਤ ਕਰਨ ਦੀ ਸੰਭਾਵਨਾ ਤਲਾਸ਼ਣ ਲਈ ਸਰਕਾਰ ਤੁਰੰਤ 1 ਕਰੋੜ ਰੁਪਏ ਦੀ ਗਰਾਂਟ ਮਨਜ਼ੂਰੀ ਦੇਣ ਦੀ ਗੱਲ ਆਖੀ ਹੈ।

ਟੈਸਟ ਸਹੂਲਤਾਂ ਵਧਾਉਣ ਬਾਰੇ ਮੁੱਖ ਮੰਤਰੀ ਦੇ ਨਿਰਦੇਸ਼ ਦੋ ਦਿਨਾਂ ਬਾਅਦ ਆਏ ਜਦੋਂ ਉਨ੍ਹਾਂ ਨੇ ਦੂਜੇ ਸੂਬਿਆਂ ਤੋਂ ਪੰਜਾਬ ਪਰਤਣ ਵਾਲਿਆਂ ਨੂੰ ਸਖ਼ਤੀ ਨਾਲ ਇਕਾਂਤਵਾਸ 'ਤੇ ਭੇਜਣ ਦੇ ਆਦੇਸ਼ ਦਿੱਤੇ ਹਨ। ਅਜਿਹਾ ਮਹਾਂਰਾਸ਼ਟਰ ਤੋਂ ਪਰਤਣ ਵਾਲਿਆਂ ਵਿੱਚੋਂ 292 ਦੀ ਰਿਪੋਰਟ ਪੌਜ਼ੀਟਿਵ ਆਉਣ ਦੇ ਮੱਦੇਨਜ਼ਰ ਕਿਹਾ ਗਿਆ ਹੈ। ਮੰਤਰੀਆਂ ਵੱਲੋਂ ਆਏ ਸੁਝਾਵਾਂ ਦੇ ਜਵਾਬ 'ਚ ਮੁੱਖ ਮੰਤਰੀ ਨੇ ਸਹਿਮਤੀ ਪ੍ਰਗਟਾਉਂਦੇ ਹੋਏ ਹੋਰਨਾਂ ਸੂਬਿਆਂ ਤੋਂ ਪਰਤਣ ਵਾਲਿਆਂ ਨੂੰ ਸਬੰਧਤ ਪਿੰਡ ਦੇ ਸਰਪੰਚ ਤੇ ਪੰਚਾਇਤਾਂ ਨਾਲ ਤਾਲਮੇਲ ਕਰ ਘਰ 'ਚ ਹੀ ਇਕਾਂਤਵਾਸ 'ਚ ਰੱਖਣ ਦੀ ਗੱਲ ਆਖੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਨੂੰ ਦੱਸਿਆ ਕਿ ਪੰਜਾਬੀਆਂ ਨੂੰ ਘਰ ਲਿਆਉਣ ਲਈ ਸਹਾਇਤਾ ਦੇਣ ਵਾਸਤੇ ਉਨ੍ਹਾਂ ਵਿਅਕਤੀਗਤ ਤੌਰ 'ਤੇ ਅਫਸਰਾਂ ਨੂੰ ਹਰੇਕ ਸੂਬੇ ਨਾਲ ਤਾਲਮੇਲ ਲਈ ਨਿਯੁਕਤ ਕੀਤਾ ਹੈ। ਮੀਟਿੰਗ ਦੌਰਾਨ ਮੁੱਖ ਮੰਤਰੀ ਵੱਲੋਂ ਕੈਬਨਿਟ ਵੱਲੋਂ ਪੈਰੋਲ ਵਿੱਚ ਵਾਧੇ ਨੂੰ ਪ੍ਰਵਾਨਗੀ, 4300 ਜੀ.ਓ.ਜੀਜ਼ ਲਈ ਮਨਜ਼ੂਰੀ ਤੇ ਸਰਕਾਰੀ ਮੈਡੀਕਲ ਕਾਲਜਾਂ ਲਈ ਆਊਟਸੋਰਸਿੰਗ ਅਧਾਰ 'ਤੇ ਨਿਯੁਕਤੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ।

ABOUT THE AUTHOR

...view details