ਚੰਡੀਗੜ੍ਹ: ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗਾਂ ਦੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਣ ਉਪਰੰਤ ਡਾ: ਵਿਜੇ ਸਿੰਗਲਾ ਨੇ ਇੱਥੇ ਪੰਜਾਬ ਭਵਨ, ਚੰਡੀਗੜ੍ਹ ਵਿਖੇ ਇੰਨ੍ਹਾਂ ਦੋਵਾਂ ਵਿਭਾਗਾਂ ਦੇ ਉੱਚ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਨੇ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਅਤੇ ਸੀਨੀਅਰ ਅਧਿਕਾਰੀਆਂ ਅਤੇ ਹੋਰ ਪ੍ਰੋਗਰਾਮ ਅਫਸਰਾਂ ਆਦਿ ਦੀ ਮੌਜੂਦਗੀ ਵਿੱਚ ਇੰਨ੍ਹਾਂ ਵਿਭਾਗਾਂ ਦੇ ਕੰਮਕਾਜ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਵਿਭਾਗ ਦੇ ਅਧਿਕਾਰੀਆਂ ਵਲੋਂ ਸਿਹਤ ਮੰਤਰੀ ਨੂੰ ਵਿਭਾਗ ਵਲੋਂ ਜਨਤਾ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਅਤੇ ਸਹੂਲਤਾਂ ਦੀ ਬਾਰੇ ਜਾਣੂ ਕਰਵਾਇਆ।
ਰਾਜ ਕਮਲ ਚੌਧਰੀ, ਪ੍ਰਮੁੱਖ ਸਕੱਤਰ ਸਿਹਤ, ਅਲੋਕ ਸ਼ੇਖਰ, ਪ੍ਰਮੁੱਖ ਸਕੱਤਰ, ਮੈਡੀਕਲ ਸਿੱਖਿਆ, ਕੁਮਾਰ ਰਾਹੁਲ, ਐਮਡੀ ਐਨਐਚਐਮ, ਅਮਿਤ ਕੁਮਾਰ, ਵਿਸ਼ੇਸ਼ ਸਕੱਤਰ ਮੈਡੀਕਲ ਸਿੱਖਿਆ, ਭੁਪਿੰਦਰ ਸਿੰਘ, ਐਮਡੀ ਪੀਐਚਐਸਸੀ ਅਤੇ ਡਾ ਜੀਬੀ ਸਿੰਘ, ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਸਮੇਤ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ। ਮੀਟਿੰਗ ਦੌਰਾਨ ਡਾ: ਵਿਜੇ ਸਿੰਗਲਾ ਨੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਸੂਬੇ ਦੇ ਕਿਸੇ ਵੀ ਸਰਕਾਰੀ ਮੈਡੀਕਲ ਕਾਲਜ ਵਿੱਚ ਇੱਕ ਵੀ ਕੈਥ ਲੈਬ ਮੌਜੂਦ ਨਹੀਂ ਹੈ, ਜਿਸ ਕਾਰਨ ਦਿਲ ਦੇ ਰੋਗਾਂ ਤੋਂ ਪੀੜਤ ਮਰੀਜ਼ ਅਤੇ ਫੌਰੀ ਡਾਕਟਰੀ ਇਲਾਜ ਦੀ ਜ਼ਰੂਰਤ ਵਾਲੇ ਮਰੀਜਾਂ ਨੂੰ ਪ੍ਰਾਈਵੇਟ ਹਸਪਤਾਲ ਵਿੱਚ ਇਲਾਜ ਕਰਵਾਉਣ ਹਿੱਤ ਜਾਣ ਲਈ ਮਜਬੂਰ ਹਨ ਜਿੱਥੇ ਬਹੁਤ ਜ਼ਿਆਦਾ ਖਰਚਾ ਹੋ ਜਾਂਦਾ ਹੈ।
ਡਾਕਟਰ ਸਿੰਗਲਾ ਨੇ ਕਿਹਾ ਕਿ ਉਹ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਜਲਦੀ ਤੋਂ ਜਲਦੀ ਕੈਥ ਲੈਬਾਂ ਖੋਲ੍ਹਣ ਦੇ ਕੰਮ ਨੂੰ ਪਹਿਲ ਦੇ ਆਧਾਰ 'ਤੇ ਕਰਨਗੇ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਜੀਵਨ ਬਚਾਉਣ ਦੇ ਟੈਸਟ ਅਤੇ ਇਲਾਜ ਦੀਆਂ ਸਹੂਲਤਾਂ ਸਸਤੇ ਭਾਅ 'ਤੇ ਉਪਲਬਧ ਕਰਵਾਈਆਂ ਜਾ ਸਕਣ। ਉਨ੍ਹਾਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਡਾਕਟਰਾਂ ਦੀ ਘਾਟ ਨੂੰ ਬਿਨਾਂ ਕਿਸੇ ਦੇਰੀ ਦੇ ਪਹਿਲ ਦੇ ਆਧਾਰ ’ਤੇ ਪੂਰਾ ਕਰਨ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕੰਮਕਾਜ ਦੀ ਸਮੀਖਿਆ ਕੀਤੀ ਜਿਸ ਅਧੀਨ ਲਾਭਪਾਤਰੀਆਂ ਨੂੰ ਸੂਚੀਬੱਧ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਦੀ ਸਹੂਲਤ ਮਿਲਦੀ ਹੈ। ਸਿਹਤ ਮੰਤਰੀ ਨੇ ਕਮੀਆਂ ਵੱਲ ਧਿਆਨ ਦਿਵਾਇਆ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਤੁਰੰਤ ਇਨ੍ਹਾਂ ਨੂੰ ਦੂਰ ਕਰਨ ਅਤੇ ਇਸ ਸਕੀਮ ਬਾਰੇ ਵਿਸਥਾਰਪੂਰਵਕ ਸਮੀਖਿਆ ਅਤੇ ਵਿਚਾਰ ਵਟਾਂਦਰੇ ਦਾ ਪ੍ਰਬੰਧ ਵੀ ਅਗਲੇ ਕੁਝ ਦਿਨਾਂ ਵਿੱਚ ਪਹਿਲ ਦੇ ਆਧਾਰ 'ਤੇ ਕਰਨ।
ਡਾ: ਵਿਜੇ ਸਿੰਗਲਾ ਨੇ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਆਦਿ ਬਿਮਾਰੀਆਂ ਦੀ ਜਾਂਚ ਨੂੰ ਤੁਰੰਤ ਤੇਜ਼ ਕਰਨ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਵਿਭਾਗ ਇਸ ਦੇ ਫੈਲਣ ਨੂੰ ਸਮੇਂ ਸਿਰ, ਟਰਾਂਸਮਿਸ਼ਨ ਸੀਜ਼ਨ ਤੋਂ ਪਹਿਲਾਂ ਚੰਗੀ ਤਰ੍ਹਾਂ ਕਾਬੂ ਕਰ ਸਕੇ। ਉਨ੍ਹਾਂ ਅੱਗੇ ਹਰੇਕ ਜਣੇਪਾ ਮੌਤ ਦੀ ਡੂੰਘਾਈ ਨਾਲ ਸਮੀਖਿਆ ਕਰਨ ਅਤੇ ਇਸ ਦੇ ਕਾਰਨਾਂ ਦਾ ਪਤਾ ਲਗਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਵਿਭਾਗ ਸਬੰਧਿਤ ਖੇਤਰਾਂ ਨੂੰ ਮਜ਼ਬੂਤ ਕਰ ਸਕੇ ਅਤੇ ਜਣੇਪੇ ਦੌਰਾਨ ਮਰਨ ਵਾਲੀਆਂ ਮਾਵਾਂ ਜਾਂ ਬੱਚਿਆਂ ਦੀਆਂ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਅਤੇ ਸਾਰੇ ਯੋਗ ਵਿਅਕਤੀਆਂ ਦਾ ਟੀਕਾਕਰਨ ਕਰਨ ਲਈ ਕੋਵਿਡ ਟੀਕਾਕਰਨ ਮੁਹਿੰਮਾਂ ਹੋਰ ਤੇਜੀ ਨਾਲ ਚਲਾਈਆਂ ਜਾਣਗੀਆਂ।