ਚੰਡੀਗੜ੍ਹ:ਨਿੱਜੀਕਰਨ ਖ਼ਿਲਾਫ਼ ਚੰਡੀਗੜ੍ਹ ਵਿੱਚ ਬਿਜਲੀ ਕਾਮਿਆਂ ਦੀ ਹੜਤਾਲ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ (Chandigarh Power Crisis) । ਸ਼ਹਿਰ ਦੇ ਕਈ ਇਲਾਕਿਆਂ ਵਿੱਚ ਲੋਕਾਂ ਨੂੰ 36 ਘੰਟੇ ਬਿਜਲੀ ਨਹੀਂ ਮਿਲੀ। ਜਿਸ ਕਾਰਨ ਸੜਕ ਤੋਂ ਲੈ ਕੇ ਘਰਾਂ ਤੱਕ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਹੋਈ। ਇੱਥੇ ਮੰਗਲਵਾਰ ਨੂੰ ਹਾਈਕੋਰਟ ਨੇ ਇਸ ਮਾਮਲੇ 'ਚ ਖੁਦ ਨੋਟਿਸ ਲਿਆ। ਜਿਸ ਤੋਂ ਬਾਅਦ ਬੁੱਧਵਾਰ ਨੂੰ ਇਸ ਮਾਮਲੇ 'ਤੇ ਸੁਣਵਾਈ ਹੋਈ।
ਇਸ ਮਾਮਲੇ ਸਬੰਧੀ ਹਾਈ ਕੋਰਟ ਵਿੱਚ ਹੋਈ ਸੁਣਵਾਈ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ ਨੇ ਅਦਾਲਤ ਨੂੰ ਦੱਸਿਆ ਕਿ ਅੱਜ ਰਾਤ 10 ਵਜੇ ਤੱਕ ਸ਼ਹਿਰ ਦੇ ਸਾਰੇ ਹਿੱਸਿਆਂ ਵਿੱਚ ਬਿਜਲੀ ਬਹਾਲ ਕਰ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਸ਼ਹਿਰ ਦੀ 80 ਫੀਸਦੀ ਬਿਜਲੀ ਬਹਾਲ ਕਰ ਦਿੱਤੀ ਗਈ ਹੈ।
ਇਸ ਦੇ ਨਾਲ ਹੀ ਹੜਤਾਲ ਦੇ ਮਾਮਲੇ 'ਤੇ ਹਾਈਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਇਹ ਮਾਮਲਾ ਸਰਾਸਰ ਮਾਣਹਾਨੀ ਹੈ, ਜਦੋਂ ਇਹ ਮਾਮਲਾ ਹਾਈਕੋਰਟ 'ਚ ਵਿਚਾਰ ਅਧੀਨ ਹੈ ਤਾਂ ਇਸ ਤਰ੍ਹਾਂ ਹੜਤਾਲ 'ਤੇ ਜਾਣਾ ਸਰਾਸਰ ਗਲਤ ਹੈ। ਹਾਈਕੋਰਟ ਨੇ ਮਾਮਲੇ ਦੀ ਸੁਣਵਾਈ ਵੀਰਵਾਰ ਤੱਕ ਮੁਲਤਵੀ ਕਰ ਦਿੱਤੀ ਹੈ ਕਿ ਪਹਿਲਾਂ ਪੂਰੇ ਸ਼ਹਿਰ ਦੀ ਬਿਜਲੀ ਬਹਾਲ ਕੀਤੀ ਜਾਵੇ, ਅਗਲੇ ਹੁਕਮ ਭਲਕੇ ਦਿੱਤੇ ਜਾਣਗੇ।