ਚੰਡੀਗੜ੍ਹ: ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਪੰਨੂੰ ਖ਼ਿਲਾਫ਼ ਕਾਰਵਾਈ ਦੇ ਮਾਮਲੇ 'ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਪਿਛਲੀ ਸੁਣਵਾਈ 'ਚ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਕਿਹਾ ਹੈ ਕਿ ਉਹ ਵੱਡੀ ਕਾਰਵਾਈ ਕਰਨ ਜਾ ਰਹੇ ਹਨ।
ਉੱਥੇ ਹੀ ਕੇਂਦਰ ਸਰਕਾਰ ਨੇ ਕਿਹਾ ਕਿ ਉਨ੍ਹਾਂ ਦੀ ਇੰਟੈਲੀਜੈਂਸ ਲਗਾਤਾਰ ਇਸ 'ਤੇ ਕੰਮ ਕਰ ਰਹੀ ਹੈ। ਹਾਲਾਂਕਿ, ਹਾਈ ਕੋਰਟ ਨੇ ਇਸ ਮਾਮਲੇ ਨੂੰ ਗੰਭੀਰ ਦੱਸਦੇ ਹੋਏ ਪਟੀਸ਼ਨਕਰਤਾ ਨੂੰ ਕਿਹਾ ਹੈ ਕਿ ਜੇਕਰ ਉਹ ਆਉਣ ਵਾਲੇ ਸਮੇਂ 'ਚ ਕੇਂਦਰ ਜਾਂ ਪੰਜਾਬ ਸਰਕਾਰ ਦੀ ਕਾਰਵਾਈ ਤੋਂ ਸੰਤੁਸ਼ਟ ਨਹੀਂ ਹੁੰਦੇ ਤਾਂ ਉਹ ਮੁੜ ਤੋਂ ਹਾਈ ਕੋਰਟ ਦਾ ਰੁਖ਼ ਕਰ ਸਕਦੇ ਹਨ।
ਦੱਸ ਦਈਏ ਕਿ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਸੁਣਵਾਈ ਦੌਰਾਨ ਕੋਰਟ ਵਿੱਚ ਪੰਜਾਬ ਸਰਕਾਰ ਨੇ ਜਵਾਬ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਕਾਰਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਾਲੇ ਤੱਕ 350 ਵਟਸਐਪ ਗਰੁੱਪ, ਟਵਿੱਟਰ ਹੈਂਡਲ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਕਿਹਾ ਕਿ ਕੁੱਝ ਅਜਿਹੀ ਕਾਰਵਾਈ ਵੀ ਕੀਤੀ ਜਾ ਰਹੀ ਹੈ ਜਿਸ ਦੀ ਜਾਣਕਾਰੀ ਪਬਲਿਕ ਡੋਮੇਨ ਵਿੱਚ ਸਾਂਝੀ ਨਹੀਂ ਕੀਤੀ ਜਾ ਸਕਦੀ।