ਚੰਡੀਗੜ੍ਹ:ਬਹੁ ਕਰੋੜੀ ਡਰੱਗਜ਼ ਮਾਮਲੇ ਵਿੱਚ ਘਿਰੇ ਸੀਨੀਅਰ ਅਕਾਲੀ ਆਗੂ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੀ ਜ਼ਮਾਨਤ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਫੈਸਲਾ ਰਾਖਵਾਂ ਰੱਖ ਲਿਆ ਹੈ। ਇਸ ਤੋਂ ਪਹਿਲਾਂ ਦੋਵਾਂ ਧਿਰਾਂ ਦੇ ਵਕੀਲਾਂ ਵਿਚਾਲੇ ਬਹਿਸ ਹੋਈ। ਮਜੀਠੀਆ ਦੇ ਵਕੀਲਾਂ ਦਲੀਲ ਦਿੰਦਿਆਂ ਕਿਹਾ ਕਿ ਅਕਾਲੀ ਆਗੂ ਨੂੰ ਸਿਆਸੀ ਰੰਜਿਸ਼ ਦੇ ਚੱਲਦੇ ਫਸਾਇਆ ਗਿਆ ਹੈ। ਇਸ ਦੌਰਾਨ ਹਾਈਕੋਰਟ ਨੇ ਦੋਵਾਂ ਧਿਰਾਂ ਦੀ ਬਹਿਸ ਪੂਰੀ ਹੋਣ ਤੋਂ ਬਾਅਦ ਫੈਸਲੇ ਨੂੰ ਰਾਖਵਾਂ ਰੱਖ ਲਿਆ ਹੈ।
ਦੱਸ ਦਈਏ ਕਿ ਮਜੀਠੀਆ ਖਿਲਾਫ ਨਸ਼ੇ ਦਾ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਸਮੇਂ ਉਹ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ’ਤੇ ਹਾਈ ਕੋਰਟ ਦੀ ਡਬਲ ਬੈਂਚ ਸੁਣਵਾਈ ਕਰ ਰਹੀ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਦੋ ਜੱਜਾਂ ਨੇ ਮਜੀਠੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਤੋਂ ਖੁਦ ਨੂੰ ਵੱਖ ਕਰ ਲਿਆ ਸੀ। ਅਕਾਲੀ ਆਗੂ ਕਰੀਬ 5 ਮਹੀਨਿਆਂ ਤੋਂ ਪਟਿਆਲਾ ਦੀ ਜੇਲ੍ਹ ਵਿੱਚ ਬੰਦ ਹੈ।
ਮਿਲੀ ਜਾਣਕਾਰੀ ਮੁਤਾਬਿਕ ਜਸਟਿਸ ਅਨੂਪ ਚਿਤਕਾਰਾ ਅਤੇ ਜਸਟਿਸ ਐਮਐਸ ਰਾਮਚੰਦਰ ਦੀ ਬੈਂਚ ਨੂੰ ਮਜੀਠੀਆ ਦੀ ਜਮਾਨਤ ਮਾਮਲੇ ਨੂੰ ਭੇਜਿਆ ਗਿਆ ਸੀ ਪਰ ਇਸ ਮਾਮਲੇ ’ਤੇ ਜਸਟਿਸ ਅਨੂਪ ਚਿਤਕਾਰਾ ਵੱਲੋਂ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਦੱਸ ਦਈਏ ਕਿ ਇਸ ਤੋਂ ਪਹਿਲਾਂ ਜਸਟਿਸ ਏਜੀ ਮਸੀਹ ਨੇ ਖੁਦ ਨੂੰ ਸੁਣਵਾਈ ਤੋਂ ਵੱਖ ਲਿਆ ਸੀ।