ਚੰਡੀਗੜ੍ਹ : ਸਾਧੂ ਸਿੰਘ ਧਰਮਸੋਤ ਦੀ ਜ਼ਮਾਨਤ ਪਟੀਸ਼ਨ ਅਤੇ ਸੰਗਤ ਸਿੰਘ ਗਿਲਜ਼ੀਆਂ ਦੇ ਭਤੀਜੇ ਦਲਜੀਤ ਸਿੰਘ ਦੀ ਜ਼ਮਾਨਤ ਪਟੀਸ਼ਨ 'ਤੇ ਵੀ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਪੰਜਾਬ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਦਲਜੀਤ ਸਿੰਘ ਨੂੰ ਕੋਈ ਰਾਹਤ ਦਿੱਤੇ ਟਾਲ ਦਿੱਤਾ ਤੇ ਫੈਸਲਾ ਸੁਰੱਖਿਅਤ ਰੱਖ ਲਿਆ। ਮੰਗਲਵਾਰ ਨੂੰ ਧਰਮਸੋਤ ਦੀ ਪਟੀਸ਼ਨ ਦੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਕਿ ਇਸ ਮਾਮਲੇ ਦਾ ਚਲਾਨ ਅਦਾਲਤ ਵਿੱਚ ਪੇਸ਼ ਕਰ ਦਿੱਤਾ ਗਿਆ ਹੈ।
ਮੰਤਰੀ ਸਾਧੂ ਸਿੰਘ ਧਰਮਸੋਤ ਉਤੇ ਜੰਗਲਾਤ ਮੰਤਰੀ ਹੁੰਦਿਆਂ ਦਰੱਖਤ ਕੱਟਣ ਦੇ ਮਾਮਲੇ 'ਚ ਰਿਸ਼ਵਤ ਲੈਣ ਦਾ ਦੋਸ਼ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ਧਰਮਸੋਤ ਖ਼ਿਲਾਫ਼ 6 ਜੂਨ ਨੂੰ ਮੁਹਾਲੀ ਵਿੱਚ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਸੀ, ਜਿਸ ਮਗਰੋਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
ਇਸ ਮਾਮਲੇ ਵਿੱਚ ਧਰਮਸੋਤ ਨੇ ਪਹਿਲਾਂ ਮੁਹਾਲੀ ਦੀ ਜ਼ਿਲ੍ਹਾ ਅਦਾਲਤ ਵਿੱਚ ਰੈਗੂਲਰ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ। ਹੇਠਲੀ ਅਦਾਲਤ ਨੇ 1 ਅਗਸਤ ਨੂੰ ਪਟੀਸ਼ਨ ਖ਼ਾਰਿਜ ਕਰ ਦਿੱਤੀ ਸੀ। ਹੇਠਲੀ ਅਦਾਲਤ ਤੋਂ ਰਾਹਤ ਨਾ ਮਿਲਣ ਕਾਰਨ ਧਰਮਸੋਤ ਨੇ ਰੈਗੂਲਰ ਜ਼ਮਾਨਤ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਤੋਂ ਇਲਾਵਾ ਅਦਾਲਤ ਨੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਦੀ ਪਟੀਸ਼ਨ ਨੂੰ ਵੀ ਸੁਰੱਖਿਅਤ ਰੱਖ ਲਿਆ ਹੈ।