ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੇ ਆੜਤੀਆਂ ਤੇ ਕਾਰੋਬਾਰੀਆਂ 'ਤੇ ਆਮਦਨ ਕਰ ਵਿਭਾਗ ਵੱਲੋਂ ਕੀਤੀ ਜਾ ਰਹੀ ਅਚਾਨਕ ਛਾਪੇਮਾਰੀ 'ਤੇ ਸਖ਼ਤ ਨੋਟਿਸ ਲਿਆ ਹੈ। 'ਆਪ' ਨੇ ਆਮਦਨ ਕਰ ਵਿਭਾਗ ਵੱਲੋਂ ਕੀਤੀ ਜਾ ਰਹੀ ਅਚਾਨਕ ਛਾਪੇਮਾਰੀ ਨੂੰ ਬਦਲੇ ਦੀ ਭਾਵਨਾ ਦੱਸਿਆ ਹੈ।
ਇਸ ਬਾਰੇ ਬੋਲਦੇ ਹੋਏ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਆੜਤੀ ਤੇ ਕਾਰੋਬਾਰੀ ਕਿਸਾਨ ਅੰਦੋਲਨ ਦਾ ਖੁੱਲ੍ਹ ਕੇ ਸਮਰਥਨ ਕਰ ਰਹੇ ਹਨ। ਜਿਸ ਕਾਰਨ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਅਜਿਹਾ ਕਰਕੇ ਕਿਸਾਨ ਸਮਰਥਕਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਡਰਾਉਣਾ ਤੇ ਧਮਕਾਉਣਾ ਭਾਜਪਾ ਦੀ ਪੁਰਾਣੀ ਆਦਤ ਹੈ, ਪਰ ਹੁਣ ਇਸ ਅੰਦੋਲਨ ਨੂੰ ਫੇਲ੍ਹ ਕਰਨ ਲਈ ਅਜਿਹੀ ਕੋਈ ਵੀ ਚਾਲ ਸਫਲ ਨਹੀਂ ਹੋਵੇਗੀ। ਮਾਨ ਨੇ ਕਿਹਾ ਕਿ ਆਪਣੀ ਈਡੀ, ਸੀਬੀਆਈ ਤੇ ਸੀਬੀਆਈ ਵਰਗੀਆਂ ਕੇਂਦਰੀ ਏਜੰਸੀਆਂ ਨਾਲ ਮੋਦੀ ਸਰਕਾਰ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਵਰਗੇ ਭ੍ਰਿਸ਼ਟਾਚਾਰੀ ਤੇ ਕਮਜ਼ੋਰ ਆਗੂਆਂ ਨੂੰ ਤਾਂ ਡਰਾ ਸਕਦੇ ਹਨ, ਪਰ ਕਿਸਾਨਾਂ, ਮਜ਼ਦੂਰਾਂ, ਆੜਤੀਆਂ ਤੇ ਕਾਰੋਬਾਰੀਆਂ 'ਤੇ ਕੇਂਦਰ ਸਰਕਾਰ ਦਾ ਇਹ ਹੱਥਕੰਡਾ ਕੰਮ ਨਹੀਂ ਕਰੇਗਾ।