ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਆਗੂਆਂ ਨੂੰ ਲੁੱਕ-ਆਊਟ ਨੋਟਿਸ ਜਾਰੀ ਕੀਤੇ ਜਾਣ ਨੂੰ ਪੂਰਨ ਤੌਰ ‘ਤੇ ਗਲਤ ਦੱਸਦਿਆਂ ਕਿਹਾ ਕਿਹਾ ਕਿ ਕਿਸਾਨਾਂ ਪ੍ਰਤੀ ਮੁਲਕ ਛੱਡ ਜਾਣ ਦੇ ਤੌਖਲੇ ਪ੍ਰਗਟ ਕਰਨੇ ਨਾ ਸਿਰਫ਼ ਤਰਕਹੀਣ ਹੈ ਸਗੋਂ ਨਿੰਦਣਯੋਗ ਵੀ ਹੈ।
ਮੁੱਖ ਮੰਤਰੀ ਨੇ ਸਵਾਲ ਕੀਤਾ ਕਿ ਕਿਸਾਨ ਆਗੂ ਕਿੱਥੇ ਭੱਜ ਜਾਣਗੇ। ਉਨ੍ਹਾਂ ਕਿਹਾ ਕਿ ਬਹੁਤੇ ਕਿਸਾਨ ਘੱਟ ਜ਼ਮੀਨ ਵਾਲੇ ਛੋਟੀ ਕਿਸਾਨੀ ਨਾਲ ਜੁੜੇ ਹਨ ਨਾ ਕਿ ਵਿਜੇ ਮਾਲਿਆ, ਨੀਰਵ ਮੋਦੀ, ਲਲਿਤ ਮੋਦੀ ਜਾਂ ਮੇਹੂਲ ਚੌਕਸੀ ਵਰਗੇ ਵੱਡੇ ਕਾਰਪੋਰੇਟ ਭਗੌੜੇ ਹਨ, ਜੋ ਮੁਲਕ ਦਾ ਅਰਬਾਂ ਦਾ ਸਰਮਾਇਆ ਲੁੱਟਣ ਤੋਂ ਬਾਅਦ ਪਿਛਲੇ ਕੁੱਝ ਸਾਲਾਂ ਤੋਂ ਦੇਸ਼ ਵਿੱਚੋਂ ਭੱਜ ਗਏ ਸਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ”ਤੁਸੀਂ ਇਨ੍ਹਾਂ ਵੱਡੀਆਂ ਮੱਛੀਆਂ ਨੂੰ ਹੱਥ ਪਾਉਣ ਵਿੱਚ ਤਾਂ ਨਾਕਾਮ ਰਹੇ ਪਰ ਹੁਣ ਆਪਣੀ ਹੋਂਦ ਦੀ ਲੜਾਈ ਲੜ ਰਹੇ ਕਿਸਾਨਾਂ ਨੂੰ ਨਿਸ਼ਾਨਾ ਬਣਾ ਰਹੇ ਹੋ।” ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਲੁੱਕਆਊਟ ਨੋਟਿਸ ਵਾਪਸ ਲੈਣ ਲਈ ਤੁਰੰਤ ਦਿੱਲੀ ਪੁਲਿਸ ਨੂੰ ਆਦੇਸ਼ ਜਾਰੀ ਕੀਤੇ ਜਾਣ।
ਮੁੱਖ ਮੰਤਰੀ ਨੇ ਗਣਤੰਤਰ ਦਿਵਸ ਮੌਕੇ ਹੋਈ ਹਿੰਸਾ ਵਿੱਚ ਕਿਸਾਨਾਂ ਖਿਲਾਫ ਬਿਨਾਂ ਕੋਈ ਸਬੂਤ ਦੇ ਐਫ.ਆਈ.ਆਰਜ਼ ਵਿੱਚ ਕਿਸਾਨ ਆਗੂਆਂ ਦਾ ਨਾਮ ਸ਼ਾਮਲ ਕਰਨ ਲਈ ਦਿੱਲੀ ਪੁਲਿਸ ਦੇ ਫੈਸਲੇ ਉਤੇ ਸਵਾਲ ਚੁੱਕਿਆ। ਉਨ੍ਹਾਂ ਇਹ ਵੀ ਸਵਾਲ ਕੀਤਾ ਕਿ ਇੱਕ ਵੱਖ ਹੋਏ ਧੜੇ ਜਾਂ ਕੁੱਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਕੀਤੀ ਗਈ ਹੁੱਲੜਬਾਜ਼ੀ ਲਈ ਤੁਸੀਂ ਸਾਰੇ ਕਿਸਾਨ ਆਗੂਆਂ ਨੂੰ ਕਸੂਰਵਾਰ ਕਿਵੇਂ ਠਹਿਰਾ ਸਕਦੇ ਹੋ।
ਮੁੱਖ ਮੰਤਰੀ ਨੇ ਆਪਣੀ ਮੰਗ ਨੂੰ ਮੁੜ ਦੁਹਰਾਉਂਦਿਆ ਕਿਹਾ ਕਿ ਦਿੱਲੀ ਪੁਲਿਸ ਵੱਲੋਂ ਕਿਸਾਨਾਂ ਦੇ ਸੰਘਰਸ਼ ਨੂੰ ਕਮਜ਼ੋਰ ਕਰਨ ਲਈ ਹਿੰਸਾ ਦੀ ਆੜ ਵਿੱਚ ਕਿਸਾਨ ਨੇਤਾਵਾਂ ਨੂੰ ਤੰਗ ਪ੍ਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਐਫ.ਆਈ.ਆਰਜ਼ ਵਿੱਚ ਜਿਨ੍ਹਾਂ ਪ੍ਰਮੁੱਖ ਕਿਸਾਨ ਆਗੂਆਂ ਦੇ ਨਾਮ ਸ਼ਾਮਲ ਕੀਤੇ ਗਏ ਹਨ, ਉਹ ਸਾਰੇ ਲੀਡਰ ਤਾਂ ਪਹਿਲਾਂ ਹੀ 26 ਜਨਵਰੀ ਨੂੰ ਵਾਪਰੀ ਘਟਨਾ ਲਈ ਆਪਣੇ ਆਪ ਨੂੰ ਵੱਖ ਕਰ ਚੁੱਕੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਵਿੱਚੋਂ ਇੱਕ ਵੀ ਨੇਤਾ ਅਜੇ ਤੱਕ ਕੋਈ ਵੀ ਭੜਕਾਊ ਭਾਸ਼ਣ ਦਿੰਦਾ ਹੋਇਆ ਜਾਂ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੁੰਦਾ ਸੁਣਿਆ ਜਾਂ ਦੇਖਿਆ ਨਹੀਂ ਗਿਆ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਕੋਲ ਇਨ੍ਹਾਂ ਆਗੂਆਂ ਵਿੱਚੋਂ ਕਿਸੇ ਇਕ ਦੀ ਵੀ ਸ਼ਮੂਲੀਅਤ ਹੋਣ ਦਾ ਕੋਈ ਸਬੂਤ ਹੈ ਤਾਂ ਉਸ ਨੂੰ ਜਨਤਕ ਕੀਤਾ ਜਾਣਾ ਚਾਹੀਦਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ 26 ਜਨਵਰੀ ਦੀਆਂ ਘਟਨਾਵਾਂ ਦੀ ਨਿਰਪੱਖ ਜਾਂਚ ਯਕੀਨੀ ਬਣਾਉਣ ਦੀ ਅਪੀਲ ਕੀਤੀ ਤਾਂ ਜੋ ਅਸਲ ਗੁਨਾਹਗਾਰਾਂ ਦੀ ਸ਼ਨਾਖਤ ਕਰ ਕੇ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸਾਨ ਨੇਤਾਵਾਂ ਨੂੰ ਨਿਸ਼ਾਨਾ ਬਣਾਉਣਾ ਨਾ ਤਾਂ ਨਿਆਂ ਪੂਰਨ ਹੈ ਅਤੇ ਨਾ ਹੀ ਸ਼ੋਭਾ ਦਿੰਦਾ ਹੈ।