ਚੰਡੀਗੜ੍ਹ:ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Elections 2022) ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 28 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 100 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਨਿਗਰਾਨ ਟੀਮਾਂ ਨੇ 7.43 ਕਰੋੜ ਰੁਪਏ ਦੀ 17.61 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 74.64 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 16.73 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।
ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1176 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2727 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 1808 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 621 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।