ਚੰਡੀਗੜ੍ਹ :ਪੰਜਾਬ 'ਚ ਵਿਧਾਨ ਸਭਾ ਚੋਣਾਂ ਦੇ ਚੱਲਦਿਆਂ ਚੋਣ ਕਮਿਸ਼ਨ ਪੂਰੀ ਤਰ੍ਹਾਂ ਸਰਗਰਮ ਹੈ। ਇਸ ਲਈ ਚੋਣਾਂ ਨੂੰ ਨਸ਼ਾ ਰਹਿਤ ਅਤੇ ਸ਼ਾਂਤਮਾਈ ਕਰਵਾਉਣ ਲਈ ਚੋਣ ਕਮਿਸ਼ਨ ਵਲੋਂ ਪੂਰੀ ਸਖ਼ਤੀ ਵਰਤੀ ਜਾ ਰਹੀ ਹੈ। ਇਸ ਲਈ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ ਜ਼ਾਬਤਾ ਲਾਗੂ ਹੋਣ ਤੋਂ 12 ਫਰਵਰੀ ਤੱਕ 417.26 ਕਰੋੜ ਰੁਪਏ ਦੀ ਕੀਮਤ ਦਾ ਸਾਮਾਨ ਜ਼ਬਤ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਪੰਜਾਬ ਆਬਕਾਰੀ ਵਿਭਾਗ ਦੀਆਂ ਨਿਗਰਾਨ ਟੀਮਾਂ ਨੇ 28.95 ਕਰੋੜ ਰੁਪਏ ਦੀ 48.30 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਨੇ 319.94 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ ਅਤੇ 29.26 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਹੈ।
ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 1360 ਕਮਜ਼ੋਰ ਖੇਤਰਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ 4290 ਵਿਅਕਤੀਆਂ ਦੀ ਸ਼ਨਾਖਤ ਗੜਬੜੀ ਕਰਨ ਵਾਲੇ ਸੰਭਾਵੀ ਸਰੋਤਾਂ ਵਜੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਅਕਤੀਆਂ ਵਿੱਚੋਂ 3744 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ 2439 ਵਿਅਕਤੀਆਂ ਨੂੰ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਵਾਲੀਆਂ ਧਾਰਾਵਾਂ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ।