ਚੰਡੀਗੜ੍ਹ:ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਪੰਜਾਬ ਦਾ ਸਿਆਸੀ ਅਖਾੜਾ ਭਖ ਚੁੱਕਿਆ ਹੈ। ਸੂਬੇ ਦੀਆਂ ਸਾਰੀਆਂ ਹੀ ਸਿਆਸੀ ਪਾਰਟੀਆਂ ਸੱਤਾ ਹਾਸਿਲ ਕਰਨ ਦੇ ਲਈ ਲੋਕਾਂ ਨਾਲ ਰਾਬਤਾ ਕਾਇਮ ਕਰ ਰਹੀਆਂ ਹਨ। ਇਸਦੇ ਨਾਲ ਹੀ ਭਾਜਪਾ ਦੀਆਂ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਲਗਾਤਾਰ ਪੰਜਾਬ ਦੇ ਵੱਡੇ ਸਿਆਸੀ ਆਗੂਆਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਿਲ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦੇ ਹੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਰਿਸ਼ਤੇਦਾਰ ਨੂੰ ਭਾਜਪਾ ਨੇ ਪਾਰਟੀ ਵਿੱਚ ਸ਼ਾਮਿਲ ਕੀਤਾ ਹੈ। ਜਸਵਿੰਦਰ ਸਿੰਘ ਧਾਲੀਵਾਲ ਸੀਐਮ ਚੰਨੀ ਦੇ ਰਿਸ਼ਤੇਦਾਰ ਹਨ ਜਿੰਨ੍ਹਾਂ ਨੇ ਭਾਜਪਾ ਦਾ ਪੱਲਾ ਫੜ ਲਿਆ ਹੈ। ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦੀ ਅਗਵਾਈ ਵਿੱਚ ਉਨ੍ਹਾਂ ਭਾਜਪਾ ਵਿੱਚ ਸ਼ਾਮਿਲ ਹੋਏ ਹਨ। ਧਾਲੀਵਾਲ ਦੇ ਭਾਜਪਾ ਵਿੱਚ ਸ਼ਾਮਿਲ ਹੋਣ ਦਾ ਕਾਰਨ ਵੀ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪੀਐਮ ਮੋਦੀ ਦੀ ਸੁਰੱਖਿਆ ’ਚ ਕੁਤਾਹੀ ਨੂੰ ਲੈਕੇ ਜਸਵਿੰਦਰ ਧਾਲੀਵਾਲ ਵੱਲੋਂ ਭਾਜਪਾ ਵਿੱਚ ਸ਼ਮੂਲੀਅਤ ਕੀਤੀ ਗਈ ਹੈ।
ਜਿਕਰਯੋਗ ਹੈ ਕਿ ਪਿਛਲੇ ਦਿਨੀਂ ਹੀ ਸਾਬਕਾ ਵਿਧਾਇਕ ਅਰਵਿੰਦ ਖੰਨਾ, ਅਕਾਲੀ ਆਗੂ ਗੁਰਦੀਪ ਸਿੰਘ ਗੋਸ਼ਾ ਅਤੇ ਅੰਮ੍ਰਿਤਸਰ ਦੇ ਸਾਬਕਾ ਕੌਂਸਲਰ ਧਰਮਵੀਰ ਸਰੀਨ ਸਮੇਤ ਪੰਜਾਬ ਦੇ ਕਈ ਆਗੂ ਕੇਂਦਰੀ ਮੰਤਰੀਆਂ ਹਰਦੀਪ ਪੁਰੀ ਅਤੇ ਗਜੇਂਦਰ ਸਿੰਘ ਸ਼ੇਖਾਵਤ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ।