ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ’ਚ ਅਮਨ ਸ਼ਾਂਤੀ ਨੂੰ ਕਾਇਮ ਰੱਖਣ ਦੇ ਲਈ ਵੱਡੇ ਵੱਡੇ ਕਦਮ ਚੁੱਕੇ ਜਾ ਰਹੇ ਹਨ। ਕੁਝ ਸਮਾਂ ਪਹਿਲਾਂ ਹੀ ਸੀਐੱਮ ਮਾਨ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਵੱਡਾ ਕਦਮ ਚੁੱਕਦਿਆਂ ਗੈਂਗਸਟਰਾਂ ਅਤੇ ਗੈਂਗ ਵਾਰ ਨੂੰ ਰੋਕਣ ਲਈ ‘ਐਂਟੀ ਗੈਂਗਸਟਰ ਟਾਸਕ ਫੋਰਸ’ (Anti-Gangster Task Force) ਦਾ ਗਠਨ ਕਰਨ ਦਾ ਐਲਾਨ ਕੀਤਾ ਸੀ। ਪਰ ਸ੍ਰੀ ਅਕਾਲ ਤਖਤ ਸਾਹਿਬ ਦੇ ਬਿਆਨ ਤੋਂ ਬਾਅਦ ਸੀਐੱਮ ਮਾਨ ਅਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਆਹਮੋ ਸਾਹਮਣੇ ਹੋ ਗਏ ਹਨ।
ਦੱਸ ਦਈਏ ਕਿ ਸੀਐੱਮ ਮਾਨ ਨੇ ਸੂਬੇ ’ਚ ਕਾਨੂੰਨ ਵਿਵਸਥਾ ਨੂੰ ਲੈ ਕੇ ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਹਿਦਾਇਤ ਦਿੱਤੀ ਸੀ ਕਿ ਟਾਸਕ ਫੋਰਸ ਦੇ ਗਠਨ ਤੋਂ ਬਾਅਦ ਕਮਿਸ਼ਨਰ ਅਤੇ ਐਸਐਸਪੀਜ਼ ਦੀ ਜ਼ਿੰਮੇਵਾਰੀ 'ਚ ਕੋਈ ਕਮੀ ਨਹੀਂ ਆਵੇਗੀ। ਜੇਕਰ ਉਹਨਾਂ ਦੇ ਇਲਾਕੇ 'ਚ ਕਾਨੂੰਨ ਵਿਵਸਥਾ ਵਿਗੜਦੀ ਹੈ ਤਾਂ ਇਸ ਲਈ ਉਹ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੋਣਗੇ। ਉੱਥੇ ਹੀ ਦੂਜੇ ਪਾਸੇ ਸ੍ਰੀ ਅਕਾਲ ਤਖਤ ਸਾਹਿਬ ਦੇ ਬਿਆਨ ਕਾਰਨ ਮਾਹੌਲ ਕਾਫੀ ਭਖਾ ਦਿੱਤਾ ਹੈ।
ਇਹ ਸੀ ਜਥੇਦਾਰ ਦਾ ਬਿਆਨ: ਦੱਸ ਦਈਏ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੇ ਮੌਕੇ ‘ਤੇ ਕੌਮ ਦੇ ਨਾਮ ਸੰਦੇਸ਼ ਵੀ ਜਾਰੀ ਕੀਤਾ ਸੀ। ਜਿਸ ਚ ਉਨ੍ਹਾਂ ਨੇ ਕਿਹਾ ਕਿ ਜਿੱਥੇ ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਮੀਰੀ ਅਤੇ ਪੀਰੀ ਦਾ ਸਿਧਾਂਤ ਦਿੱਤਾ ਗਿਆ ਸੀ, ਉਸ ਨੂੰ ਅੱਗੇ ਵਧਾਉਂਦੇ ਹੋਏ ਹਰ ਇੱਕ ਸਿੱਖ ਨੂੰ ਲਾਇਸੈਂਸੀ ਹਥਿਆਰ ਰੱਖਣ ਦੀ ਜ਼ਰੂਰਤ ਹੈ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਨੇ ਕਿਹਾ ਕਿ ਸਮਾਂ ਅੱਗੇ ਅਸਤਰਾਂ ਦਾ ਆ ਰਿਹਾ ਹੈ ਕਿ ਕਿਸੇ ਵਕਤ ਵੀ ਹਥਿਆਰਾਂ ਦੀ ਜ਼ਰੂਰਤ ਪੈ ਸਕਦੀ ਹੈ।
ਜਥੇਦਾਰ ਦੇ ਬਿਆਨ ’ਤੇ ਸੀਐੱਮ ਮਾਨ ਦਾ ਪ੍ਰਤੀਕਰਮ: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਗਏ ਬਿਆਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਤਰਾਜ਼ ਜਤਾਇਆ ਗਿਆ। ਸੀਐੱਮ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਮਾਣਯੋਗ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ.ਤੁਹਾਡਾ ਹਥਿਆਰਾਂ ਵਾਲਾ ਬਿਆਨ ਸੁਣਿਆਂ। ਜਥੇਦਾਰ ਸਾਹਿਬ ਜੀ ਤੁਸੀਂ ਸਰਬੱਤ ਦਾ ਭਲਾ ਮੰਗਣ ਵਾਲੀ ਗੁਰਬਾਣੀ ਨੂੰ ਘਰ-ਘਰ ਪਹੁੰਚਾਉਣ ਦਾ ਸੰਦੇਸ਼ ਦਿਓ ਨਾ ਕਿ ਹਥਿਆਰ ਰੱਖਣ ਦਾ। ਜਥੇਦਾਰ ਸਾਹਿਬ ਆਪਾਂ ਪੰਜਾਬ ਵਿੱਚ ਸ਼ਾਂਤੀ, ਭਾਈਚਾਰੇ ਅਤੇ ਮਾਡਰਨ ਤਰੱਕੀ ਦੇ ਸੁਨੇਹੇ ਦੇਣੇ ਨੇ ਨਾ ਕਿ ਮਾਡਰਨ ਹਥਿਆਰਾਂ ਦੇ।