ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 15 ਜੂਨ ਨੂੰ ਪੰਜਾਬ ਤੋਂ ਨਵੀਂ ਦਿੱਲੀ ਏਅਰਪੋਰਟ ਲਈ ਸ਼ਾਨਦਾਰ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ, ਤਾਂ ਜੋ ਇੱਕ ਪ੍ਰਮੁੱਖ ਰਾਜਨੀਤਿਕ ਪਰਿਵਾਰ ਦੀਆਂ ਮਾਲਕੀ ਵਾਲੀਆਂ ਟਰਾਂਸਪੋਰਟ ਕੰਪਨੀਆਂ ਦੇ ਏਕਾਧਿਕਾਰ ਨੂੰ ਖ਼ਤਮ ਕੀਤਾ ਜਾ ਸਕੇ। ਇਹ ਪ੍ਰਗਟਾਵਾ ‘ਆਪ’ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਪੱਤਰਕਾਰ ਸੰਮੇਲਨ ਦੌਰਾਨ ਕੀਤਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਗਤੀਸ਼ੀਲ ਅਗਵਾਈ ’ਚ ‘ਆਪ’ ਸਰਕਾਰ ਨੇ ਪੰਜਾਬ ’ਚੋਂ ਸ਼ਰਾਬ ਮਾਫੀਆ, ਰੇਤ ਮਾਫੀਆ ਅਤੇ ਨਸ਼ਾ ਮਾਫੀਆ ਨੂੰ ਖ਼ਤਮ ਕਰਨ ਲਈ ਪਹਿਲਾਂ ਹੀ ਕਈ ਨਿਰਣਾਇਕ ਫ਼ੈਸਲੇ ਕੀਤੇ ਹਨ।
ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਹੁਣ ਟਰਾਂਸਪੋਰਟ ਮਾਫੀਆ ਵੀ ਬੀਤੇ ਦੀ ਗੱਲ ਹੋ ਜਾਵੇਗੀ, ਕਿਉਂਕਿ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 15 ਜੂਨ ਨੂੰ ਸੂਬੇ ਦੇ ਵੱਖ- ਵੱਖ ਜ਼ਿਲ੍ਹਿਆਂ ਤੋਂ ਸਰਕਾਰੀ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਦਿੱਲੀ ਏਅਰਪੋਰਟ ਲਈ ਰਵਾਨਾ ਕਰਨਗੇ।
ਸੂਬੇ ਦੀਆਂ ਪਿਛਲੀਆਂ ਸਰਕਾਰਾਂ ਦੀ ਸਖ਼ਤ ਅਲੋਚਨਾ ਕਰਦਿਆਂ ਕੰਗ ਨੇ ਕਿਹਾ ਕਿ ਨਾ ਕੇਵਲ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਸਾਢੇ ਚਾਰ ਸਾਲ ਦੇ ਸ਼ਾਸਨ ’ਚ ਟਰਾਂਸਪੋਰਟ ਮਾਫੀਆਂ ਨੂੰ ਖ਼ਤਮ ਕਰਨ ’ਚ ਫੇਲ ਹੋਏ, ਬਲਕਿ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਦੌਰਾਨ ਵੀ ਟਰਾਂਸਪੋਰਟ ਮਾਫੀਆ ਧੜੱਲੇ ਨਾਲ ਚਲਦਾ ਰਿਹਾ।