ਚੰਡੀਗੜ੍ਹ: ਖੇਤੀ ਕਾਨੂੰਨਾਂ ਨੂੰ ਲੈਕੇ ਕਿਸਾਨ ਲੰਬੇ ਸਮੇਂ ਤੋਂ ਕੇਂਦਰ ਸਰਕਾਰ ਖਿਲਾਫ਼ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਜਿਸ ਦੇ ਚੱਲਦਿਆਂ ਦਿੱਲੀ ਦੀਆਂ ਬਰੂਹਾਂ 'ਤੇ ਕਿਸਾਨਾਂ ਨੂੰ ਬੈਠਿਆਂ ਸੱਤ ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਇਸ ਦੌਰਾਨ ਜਦੋਂ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕਿਸਾਨਾਂ ਦੀ ਗੱਲ ਨਹੀਂ ਸੁਣੀ ਗਈ ਤਾਂ ਸੰਯੁਕਤ ਕਿਸਾਨ ਮੋਰਚੇ ਵਲੋਂ ਭਾਜਪਾ ਲੀਡਰਾਂ ਦਾ ਘਿਰਾਓ ਕਰਨ ਦਾ ਮਤਾ ਪਾਇਆ ਗਿਆ, ਜਿਸ ਦੇ ਤਹਿਤ ਵੱਖ-ਵੱਖ ਭਾਜਪਾ ਆਗੂਆਂ ਨੂੰ ਕਿਸਾਨਾਂ ਦੀ ਵਿਰੋਧਤਾ ਦਾ ਸਾਹਮਣਾ ਕਰਨਾ ਪਿਆ।
ਇਸ ਦੇ ਚੱਲਦਿਆਂ ਬੀਤੇ ਦਿਨੀਂ ਚੰਡੀਗੜ੍ਹ 'ਚ ਭਾਜਪਾ ਲੀਡਰ ਸੰਜੇ ਟੰਡਨ ਦਾ ਘਿਰਾਓ ਕਰਨ ਪਹੁੰਚੇ ਕਿਸਾਨਾਂ 'ਤੇ ਚੰਡੀਗੜ੍ਹ ਪੁਲਿਸ ਵਲੋਂ ਤਸ਼ੱਦਦ ਢਾਹਿਆ ਗਿਆ। ਇਸ ਦੌਰਾਨ ਪੁਲਿਸ ਵਲੋਂ ਕਿਸਾਨਾਂ 'ਤੇ ਲਾਠੀਚਾਰਜ ਕੀਤਾ ਗਿਆ। ਇਸ ਦੇ ਨਾਲ ਹੀ ਚੰਡੀਗੜ੍ਹ ਪੁਲਿਸ ਵਲੋਂ 13 ਸਾਲਾਂ ਬੱਚੇ ਨੂੰ ਵੀ ਇਸ ਪ੍ਰਦਰਸ਼ਨ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ। ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।
ਜਦੋਂ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਬੱਚਾ ਵੈਨ ਸੀ ਤਾਂ ਉਹ ਕਹਿ ਰਿਹਾ ਸੀ ਕਿ,'ਉਸ ਨੂੰ ਪੁਲਿਸ ਹਿਰਾਸਤ 'ਚ ਲੈ ਲਿਆ ਗਿਆ ਹੈ। ਕੋਈ ਗੱਲ ਨਹੀਂ ਉਹ ਜੇਲ੍ਹ ਜਾ ਰਿਹਾ ਹੈ, ਜੇ ਓਹ ਜੇਲ੍ਹ ਵਿੱਚ ਮਰ ਵੀ ਗਿਆ ਤਾਂ ਉਸ ਨੂੰ ਸਿੰਘੂ ਬਾਰਡਰ ਤੋਂ ਕੋਈ ਕਿਸਾਨ ਆਗੂ ਲੈਣ ਆਵੇ।"