ਚੰਡੀਗੜ੍ਹ: ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਕੇਂਦਰੀ ਮੰਤਰੀ ਦੇ ਦੌਰੇ ਦਾ ਸੜਕਾਂ 'ਤੇ ਵਿਰੋਧ ਕਰ ਰਹੇ ਕਿਸਾਨਾਂ 'ਤੇ ਕਥਿੱਤ ਤੌਰ 'ਤੇ ਗੱਡੀ ਚੜ੍ਹਾ ਦਿੱਤੀ ਗਈ ਸੀ। ਇਸ ਘਟਨਾ ਵਿੱਚ ਘੱਟੋ ਘੱਟ 2 ਕਿਸਾਨਾਂ ਦੀ ਮੌਤ ਹੋ ਗਈ ਅਤੇ 8 ਜ਼ਖਮੀ ਹੋ ਗਏ। ਇਸ ਘਟਨਾ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੋਸਲ ਮੀਡਿਆ 'ਤੇ ਟਵੀਟ ਕਰਕੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ ਤੇ ਕਿਹਾ ਕਿ ਲਖੀਮਪੁਰ ਖੀਰੀ ਘਟਨਾ ਦੀ ਪੂਰੀ ਜਾਂਚ ਕਰਵਾਉਣ ਦੀ ਲੋੜ ਹੈ। ਹਿੰਸਾ ਦੇ ਪੀੜਤਾਂ ਲਈ ਨਿਆਂ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਹਿੰਸਾ ਭੜਕਾਉਣਾ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ ਹੈ।
ਚਰਨਜੀਤ ਸਿੰਘ ਚੰਨੀ ਨੇ ਲਖੀਮਪੁਰ ਖੀਰੀ ਘਟਨਾ ਦੀਸਖਤ ਸ਼ਬਦਾਂ ਵਿੱਚ ਕੀਤੀ ਨਿੰਦਾ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਤਵਾਰ ਨੂੰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਵਿੱਚ ਵਾਪਰੀ ਉਸ ਮੰਦਭਾਗੀ ਘਟਨਾ ਦੀ ਕਰੜੀ ਆਲੋਚਨਾ ਕੀਤੀ ਹੈ ਜਿਸ ਵਿਚ ਕਥਿਤ ਤੌਰ 'ਤੇ ਇੱਕ ਕੇਂਦਰੀ ਮੰਤਰੀ ਦੇ ਪੁੱਤਰ ਨੇ ਉਨ੍ਹਾਂ ਕਿਸਾਨਾਂ ਉੱਤੇ ਆਪਣੀ ਗੱਡੀ ਚੜ੍ਹਾ ਦਿੱਤੀ ਜੋ ਕਿ ਤਿੰਨ ਕਾਲੇ ਖੇਤੀਬਾੜੀ ਕਾਨੂੰਨਾਂ ਖਿਲਾਫ ਸ਼ਾਂਤਮਈ ਮੁਜ਼ਾਹਰਾ ਕਰ ਰਹੇ ਸਨ। ਇਸ ਹਾਦਸੇ ਵਿਚ ਦੋ ਕਿਸਾਨਾਂ ਦੀ ਮੌਤ ਹੋ ਗਈ ਅਤੇ 8 ਜ਼ਖਮੀ ਹੋ ਗਏ।
ਚੰਨੀ ਨੇ ਅੱਗੇ ਕਿਹਾ ਕਿ ਇਸ ਦਰਦਨਾਕ ਅਤੇ ਅਣਮਨੁੱਖੀ ਕਾਰੇ ਦੀ ਸਖਤ ਸ਼ਬਦਾਂ ਵਿੱਚ ਸਭਣਾ ਦੁਆਰਾ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਆਪਣੇ ਉੱਤਰ ਪ੍ਰਦੇਸ਼ ਦੇ ਹਮਰੁਤਬਾ ਯੋਗੀ ਆਦਿੱਤਿਆਨਾਥ ਨੂੰ ਇਸ ਹਾਦਸੇ ਦੇ ਜਿੰਮੇਵਾਰ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਕਿਹਾ ਤਾਂ ਜੋ ਮ੍ਰਿਤਕਾਂ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲ ਸਕੇ।