ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਪਰ ਇਸਦੇ ਬਾਵਜੂਦ ਇਸ ਰੁਝਾਨ ਵਿੱਚ ਸਫ਼ਲਤਾ ਮਿਲਦੀ ਦਿਖਾਈ ਨਹੀਂ ਦੇ ਰਹੀ। ਪਰਾਲੀ ਸਾੜਨ ਤੋਂ ਰੋਕਣ ਲਈ ਪੰਜਾਬ ਸਰਕਾਰ ਅਸਫ਼ਲ ਰਹੀ ਹੈ। ਜ਼ਿਆਦਾਤਾਰ ਕਿਸਾਨਾਂ ਨੇ ਸਪਸ਼ਟ ਕਹਿ ਦਿੱਤਾ ਹੈ ਕਿ ਮੁਆਵਜ਼ਾ ਦੇਣ ਮਗਰੋਂ ਹੀ ਉਹ ਪਰਾਲੀ ਦੇ ਖੇਤਾਂ ਵਿੱਚ ਨਿਬੇੜਾ ਕਰ ਸਕਦੇ ਹਨ। ਸਰਕਾਰ ਨੇ ਮੁਆਵਜ਼ੇ ਤੋਂ ਟਾਲਾ ਵੱਟਦਿਆਂ ਕਈ ਨਵੇਂ ਹੁਕਮ ਜਾਰੀ ਕਰ ਦਿੱਤੇ ਹਨ।
ਪਰਾਲੀ ਸਾੜਨ ਵਿਰੁੱਧ ਸਰਕਾਰ ਸਖ਼ਤ, ਨਵਾਂ ਫੁਰਮਾਨ ਜਾਰੀ - punjab govt strict against stubble burning
ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਪੰਜਾਬ ਸਰਕਾਰ ਨੇ ਜਾਰੀ ਕੀਤਾ ਨਵਾਂ ਫੁਰਮਾਨ। ਠੇਕੇ 'ਤੇ ਦਿੱਤੀ ਜ਼ਮੀਨ 'ਤੇ ਪਰਾਲੀ ਸਾੜਨ 'ਤੇ ਮਾਲਕਾਂ ਵਿਰੁੱਧ ਹੋਵੇਗੀ ਕਾਰਵਾਈ।
ਖੇਤੀਬਾੜੀ ਵਿਭਾਗ ਦੇ ਸਕੱਤਰ ਕਾਹਨ ਸਿੰਘ ਪੰਨੂ ਨੇ ਤਾਜ਼ਾ ਹੁਕਮ ਜਾਰੀ ਕਰਦਿਆਂ ਕਿਹਾ ਕਿ ਜੇਕਰ ਐਨਆਰਆਈ ਪੰਜਾਬੀਆਂ ਜਾਂ ਸ਼ਹਿਰੀ ਖੇਤਰਾਂ ਵਿੱਚ ਰਹਿੰਦੇ ਲੋਕਾਂ ਦੀ ਮਾਲਕੀ ਵਾਲੇ ਖੇਤਾਂ ਵਿੱਚ ਅੱਗ ਲਾਉਣ ਦੀ ਘਟਨਾ ਵਾਪਰਦੀ ਹੈ ਤਾਂ ਇਸ ਨੂੰ ਸਿੱਧੇ ਤੌਰ ’ਤੇ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਮੰਨਦੇ ਹੋਏ ਜ਼ਮੀਨ ਮਾਲਕਾਂ ਵਿਰੁੱਧ ਵੀ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਉਹ ਜ਼ਮੀਨ ਦਾ ਠੇਕਾ ਲੈਂਦੇ ਹਨ।
ਇਸ ਤੋਂ ਪਹਿਲਾਂ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਨੂੰ ਚੇਤਾਵਨੀ ਦਿੱਤੀ ਸੀ ਕਿ ਜੇਕਰ ਉਨ੍ਹਾਂ ਦੇ ਖੇਤਾਂ ਵਿੱਚ ਪਰਾਲੀ ਸਾੜੀ ਜਾਂਦੀ ਹੈ ਤਾਂ ਉਨ੍ਹਾਂ ਖ਼ਿਲਾਫ਼ ਕਾਰਵਾਈ ਹੋਵੇਗੀ। ਇਸ ਤੋਂ ਇਲਾਵਾ ਪਰਾਲੀ ਸਾੜਨ ਵਾਲੇ ਕਿਸਾਨ ਪੰਚਾਇਤੀ ਜ਼ਮੀਨ ਦੀ ਬੋਲੀ ਨਹੀਂ ਦੇ ਸਕਣਗੇ।