ਚੰਡੀਗੜ੍ਹ:ਸਕੂਲੀ ਸਿੱਖਿਆ ਨੂੰ ਗੁਣਾਤਮਕਤਾ ਪ੍ਰਦਾਨ ਕਰਨ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਦੀ ਲੜੀ ਵਿੱਚ ਸੂਬੇ ਦੇ 872 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੀਆਂ ਲਾਇਬ੍ਰੇਰੀਆਂ ਨੂੰ 4361 ਟੈਬਲੇਟ ਦੇਣ ਦਾ ਫੈਸਲਾ ਕੀਤਾ ਗਿਆ ਹੈ।
ਪਰਗਟ ਸਿੰਘ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਟੈਬਲੇਟ ਦੇਣ ਲਈ 872 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਟੈਬਲੇਟ ਦੇਣ ਲਈ ਚੁਣਿਆ ਗਿਆ ਹੈ। ਸਰਕਾਰੀ ਸਕੂਲਾਂ ਦੀਆਂ ਲਾਇਬ੍ਰੇਰੀਆਂ ਨੂੰ ਹਾਈਟੈਕ ਬਣਾਉਣ ਦੇ ਉਦੇਸ਼ ਨਾਲ ਪ੍ਰਤੀ ਸਕੂਲ ਪੰਜ ਟੈਬਲੇਟ ਦਿੱਤੇ ਜਾ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਵਿਭਾਗ ਵੱਲੋਂ ਟੈਬਲੇਟਾਂ ਵਿੱਚ ਈ-ਕੰਟੈਂਟ ਨਾਲ ਸਬੰਧਿਤ ਐਪਜ਼ ਵੀ ਇੰਸਟਾਲ ਕਰਕੇ ਦਿੱਤੀਆਂ ਜਾ ਰਹੀਆਂ ਹਨ ਅਤੇ ਸਬੰਧਿਤ ਸਕੂਲਾਂ ਨੂੰ ਈ -ਕੰਟੈਂਟ ਚਾਲੂ ਹਾਲਤ ਵਿੱਚ ਰੱਖਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਗਈ ਹੈ।