ਚੰਡੀਗੜ੍ਹ: ਸੂਬੇ ਦੇ ਉੱਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇੱਕ ਵਾਰ ਮੁੜ ਸਾਰੇ ਸਬੰਧਤ ਅਦਾਰਿਆਂ ਅਤੇ ਵਿਭਾਗਾਂ ਨੂੰ ਸਖ਼ਤ ਹੁਕਮ ਜਾਰੀ ਕੀਤੇ ਹਨ। ਤ੍ਰਿਪਤ ਬਾਜਵਾ ਨੇ ਸਖ਼ਤੀ ਨਾਲ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਾਮ-ਪੱਟੀਆਂ, ਮੀਲ ਪੱਥਰ, ਸਾਈਨ ਬੋਰਡ ਲਿਖਣ ਸਮੇਂ ਸਭ ਤੋਂ ਪਹਿਲਾਂ ਉਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਵਿੱਚ ਲਿਖੇ ਜਾਣ ਸਬੰਧੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।
ਪੰਜਾਬ ਸਰਕਾਰ ਵੱਲੋਂ ਮਾਂ ਬਲੀ ਪੰਜਾਬੀ ਦੇ ਪ੍ਰਸਾਰ ਅਤੇ ਪ੍ਰਚਾਰ ਲਈ ਮੁੱਖ ਮੰਤਰੀ ਕੈਪਟਨ ਅਮਰਿਦਰ ਸਿੰਘ ਦੀ ਅਗਵਾਈ ਵਿੱਚ ਅਹਿਮ ਫੈਸਲਾ ਲਿਆ ਸੀ। ਇਸ ਦੇ ਅਨੁਸਾਰ ਰਾਜ ਸਰਕਾਰ ਦੇ ਸਮੂਹ ਸਰਕਾਰੀ ਦਫਤਰਾਂ, ਵਿਭਾਗਾਂ, ਅਦਾਰਿਆਂ, ਅਰਧ ਸਰਕਾਰੀ ਅਦਾਰਿਆਂ, ਬੋਰਡ, ਨਿਗਮ, ਵਿਦਿਅਕ ਸੰਸਥਾਵਾਂ ਅਤੇ ਸੜਕਾਂ ਦੇ ਨਾਂਅ, ਨਾਂਅ-ਪੱਟੀਆਂ, ਮੀਲ ਪੱਥਰ, ਸਾਈਨ ਬੋਰਡ ਲਿਖਣ ਸਮੇਂ ਸਭ ਤੋਂ ਪਹਿਲਾਂ ਉਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਵਿੱਚ ਲਿਖੇ ਜਾਣ ਯਕੀਨੀ ਬਣਾਉਣ ਲਈ ਹੁਕਮ ਜਾਰੀ ਕੀਤੇ ਗਏ ਸਨ।