ਚੰਡੀਗੜ੍ਹ : ਸੂਬੇ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਕੇ ਉਨਾਂ ਨੂੰ ਪੰਜਾਬ ਵਿੱਚ 2 ਹੋਰ ਸੈਨਿਕ ਸਕੂਲ ਸਥਾਪਤ ਕਰਨ ਲਈ ਪ੍ਰਵਾਨਗੀ ਦੇਣ ਦੀ ਅਪੀਲ ਕੀਤੀ।
ਫ਼ੌਜੀ ਸਨਮਾਨ ਅਤੇ ਬਹਾਦਰੀ ਪੁਰਸਕਾਰ ਲੈਣ 'ਚ ਪੰਜਾਬ ਮੋਹਰੀ
ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਫ਼ੌਜੀ ਸਨਮਾਨ ਅਤੇ ਬਹਾਦਰੀ ਪੁਰਸਕਾਰ ਲਈ ਪੰਜਾਬ ਭਾਰਤ ਦਾ ਮੋਹਰੀ ਸੂਬਾ ਰਿਹਾ ਹੈ। ਹੋਰਾਂ ਸੂਬਿਆਂ ਦੇ ਮੁਕਾਬਲੇ ਪੰਜਾਬ ਦੇ ਸੈਨਿਕਾਂ ਦੀਆਂ ਕੁਰਬਾਨੀਆਂ ਅਤੇ ਸਨਮਾਨ ਜਿਆਦਾ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿਰਫ਼ ਇੱਕੋ-ਇੱਕ ਸੈਨਿਕ ਸਕੂਲ ਕਪੂਰਥਲਾ ਵਿੱਚ ਸਥਿਤ ਹੈ ਅਤੇ ਹੁਣ ਸੂਬੇ ਵੱਲੋਂ ਗੁਰਦਾਸਪੁਰ ਅਤੇ ਬਠਿੰਡਾ ਵਿੱਚ ਦੋ ਹੋਰ ਸੈਨਿਕ ਸਕੂਲ ਸਥਾਪਤ ਕਰਨ ਦੀ ਮੰਗ ਕੀਤੀ ਗਈ ਹੈ। ਵਿੱਤ ਮੰਤਰੀ ਨੇ ਦੱਸਿਆ ਕਿ ਹੋਰਨਾਂ ਸੂਬਿਆਂ ਜਿਵੇਂ ਹਰਿਆਣਾ, ਬਿਹਾਰ ਅਤੇ ਮਹਾਰਾਸ਼ਟਰ ਵਿੱਚ ਦੋ-ਦੋ ਸੈਨਿਕ ਸਕੂਲ ਹਨ ਜੱਦ ਕਿ ਉੱਤਰ ਪ੍ਰਦੇਸ ਵਿੱਚ 3 ਸੈਨਿਕ ਸਕੂਲ ਹਨ।
ਰੱਖਿਆ ਮੰਤਰੀ ਵੱਲੋਂ ਢੁਕਵੀਂ ਕਾਰਵਾਈ ਦਾ ਭਰੋਸਾ
ਕੇਂਦਰੀ ਰੱਖਿਆ ਮੰਤਰੀ ਨੇ ਇਸ ਸਬੰਧੀ ਢੁਕਵੀਂ ਕਾਰਵਾਈ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਹ ਕੌਮੀ ਸੁਰੱਖਿਆ ਅਤੇ ਭਾਰਤ ਦੀਆਂ ਸਮਾਜਿਕ ਤੇ ਸਭਿਆਚਾਰਕ ਕਦਰਾਂ ਕੀਮਤਾਂ ਦੀ ਰਾਖੀ ਲਈ ਸਿੱਖਾਂ ਅਤੇ ਪੰਜਾਬੀਆਂ ਵੱਲੋਂ ਨਿਭਾਈ ਭੂਮਿਕਾ ਦੀ ਨਿੱਜੀ ਤੌਰ ਉੱਤੇ ਸ਼ਲਾਘਾ ਕਰਦੇ ਹਨ। ਰੱਖਿਆ ਮੰਤਰੀ ਦਾ ਸ਼ਲਾਘਾਯੋਗ ਸ਼ਬਦਾਂ ਅਤੇ ਸਮਾਂ ਦੇਣ ਲਈ ਧੰਨਵਾਦ ਕਰਦਿਆਂ ਖਜ਼ਾਨਾ ਮੰਤਰੀ ਨੇ ਉਨਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫ਼ੋਂ ਪੱਤਰ ਵੀ ਦਿੱਤਾ ਅਤੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸੈਨਿਕ ਸਕੂਲ ਸਥਾਪਤ ਕਰਨ ਲਈ ਗੁਰਦਾਸਪੁਰ ਦੇ ਡੱਲਾ ਗੋਰੀਆਂ ਵਿਖੇ 40 ਏਕੜ ਜਮੀਨ ਅਲਾਟ ਕੀਤੀ ਗਈ ਹੈ। ਪੰਜਾਬ, ਬਠਿੰਡਾ ਵਿੱਚ ਇੱਕ ਹੋਰ ਸੈਨਿਕ ਸਕੂਲ ਸਥਾਪਤ ਕਰਨ ਦੀ ਇੱਛਾ ਰੱਖਦਾ ਹੈ। ਇਸ ਨਾਲ ਪੰਜਾਬ ਦੇ ਤਿੰਨੋ ਦੋਆਬਾ, ਮਾਝਾ ਅਤੇ ਮਾਲਵਾ ਖੇਤਰਾਂ ਵਿੱਚ 1-1 ਸੈਨਿਕ ਸਕੂਲ ਬਣ ਜਾਵੇਗਾ।