ਚੰਡੀਗੜ੍ਹ:ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਪੜਾਅਵਾਰ ਢੰਗ ਨਾਲ ਮੁੜ ਖੋਲ੍ਹਣ ਤੋਂ ਬਾਅਦ ਹੁਣ ਅੰਮ੍ਰਿਤਸਰ, ਬਠਿੰਡਾ, ਜਲੰਧਰ, ਲੁਧਿਆਣਾ, ਪਟਿਆਲਾ, ਮੁਹਾਲੀ, ਗੁਰਦਾਸਪੁਰ, ਫਿਰੋਜ਼ਪੁਰ, ਸੰਗਰੂਰ ਅਤੇ ਤਲਵਾੜਾ (ਹੁਸ਼ਿਆਰਪੁਰ) ਵਿਖੇ ਸਥਿਤ ਰੈਜ਼ੀਡੈਂਸ਼ੀਅਲ ਮੈਰੀਟੋਰੀਅਸ ਸਕੂਲ 9 ਫ਼ਰਵਰੀ ਤੋਂ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਸੰਕਟਕਾਲੀ ਦੌਰ ਕਾਰਨ ਮੈਰੀਟੋਰੀਅਸ ਸਕੂਲ ਕੋਵਿਡ ਕੇਅਰ ਸੈਂਟਰਾਂ 'ਚ ਤਬਦੀਲ ਕੀਤੇ ਗਏ ਸਨ ਤੇ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਨੂੰ ਉੱਥੇ ਕੁਅਰੰਟਾਈਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਹਾਲਾਤ ਸੁਧਰਨ ਤੋਂ ਬਾਅਦ ਇਨ੍ਹਾਂ ਸਕੂਲਾਂ ਨੂੰ ਮੁੜ ਤੋਂ ਖੋਲ੍ਹਿਆ ਜਾ ਰਿਹਾ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਰੈਜ਼ੀਡੈਂਸ਼ੀਅਲ ਸਕੂਲ “ਸੁਸਾਇਟੀ ਫਾਰ ਪ੍ਰਮੋਸ਼ਨ ਆਫ ਕੁਆਲਟੀ ਐਜੂਕੇਸ਼ਨ ਫਾਰ ਪੂਅਰ ਐਂਡ ਮੈਰੀਟੋਰੀਅਸ ਸਟੂਡੈਂਟਸ ਆਫ ਪੰਜਾਬ ’’ ਦੀ ਸਰਪ੍ਰਸਤੀ ਹੇਠ ਚਲਾਏ ਜਾ ਰਹੇ ਹਨ। ਮੈਡੀਕਲ ਤੇ ਇੰਜੀਨੀਅਰਿੰਗ ਸੰਸਥਾਵਾਂ 'ਚ ਦਾਖਲਾ ਲੈਣ ਲਈ, ਮੁਕਾਬਲਾ ਪ੍ਰੀਖਿਆਵਾਂ ਨੂੰ ਪਾਸ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਬੋਰਡਿੰਗ ਤੇ ਠਹਿਰਣ ਸਬੰਧੀ ਸਹੂਲਤਾਂ ਸਣੇ ਮੁਫ਼ਤ ਸਿੱਖਿਆ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਨੂੰ ਮੁੜ ਖੋਲਣ ਦੇ ਫੈਸਲੇ ਤੋਂ ਬਾਅਦ ਵਿਦਿਆਰਥੀਆਂ, ਅਧਿਆਪਕਾਂ, ਮੈੱਸ, ਕੰਟੀਨ ਵਰਕਰਾਂ ਲਈ ਕੋਵਿਡ-19 ਦੇ ਦਿਸ਼ਾ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨਾ ਲਾਜ਼ਮੀ ਹੈ। ਸਿੱਖਿਆ ਮੰਤਰੀ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ 11ਵੀਂ ਜਮਾਤ 'ਚ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਲਈ ਪਿਛਲੇ ਸਾਲ ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲਾ ਪ੍ਰੀਖਿਆ ਨਹੀਂ ਕਰਵਾਈ ਗਈ ਸੀ।